ਬਰਨਾਲਾ: ਕਾਂਗਰਸ ਸਰਕਾਰ ਵੱਲੋਂ 2017 ਵਿਧਾਨ ਸਭਾ ਚੋਣਾਂ ਵਿੱਚ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਕੀਤਾ ਗਿਆ ਸੀ, ਜਿਸ ਨੂੰ ਹੁਣ ਪੂਰਾ ਕਰਨ ਲਈ ਸਰਕਾਰ ਵੱਲੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ। ਬੁੱਧਵਾਰ ਤੋਂ "ਵਿਸ਼ਵ ਯੂਥ ਦਿਵਸ" ਮੌਕੇ ਪੰਜਾਬ ਸਰਕਾਰ ਨੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਮਾਰਟਫੋਨ ਵੰਡਣੇ ਸ਼ੁਰੂ ਕੀਤੇ ਹਨ। ਸਮਾਰਟਫੋਨ ਮਿਲਣ 'ਤੇ ਵਿਦਿਆਰਥੀਆਂ ਵੱਲੋਂ ਜਿੱਥੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ, ਉੱਥੇ ਪੰਜਾਬ ਸਰਕਾਰ ਦਾ ਵੀ ਧੰਨਵਾਦ ਕੀਤਾ ਜਾ ਰਿਹਾ ਹੈ।
ਦੱਸਣਯੋਗ ਹੈ ਕਿ ਸਰਕਾਰ ਨੇ ਸਮਾਰਟ ਫੋਨ ਵੰਡਣ ਲਈ ਪਹਿਲੇ ਪੜਾਅ 'ਚ 12ਵੀਂ ਦੇ ਵਿਦਿਆਰਥੀਆਂ ਨੂੰ ਤਰਜ਼ੀਹ ਦਿੱਤੀ ਹੈ ਅਤੇ ਕਰੀਬ 1 ਲੱਖ 73 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦਾ ਐਲਾਨ ਕੀਤਾ ਗਿਆ ਹੈ। ਵਿਦਿਆਰਥੀਆਂ ਨੂੰ ਭਾਰਤੀ ਕੰਪਨੀ ਲਾਵਾ ਦੇ ਮੋਬਾਈਲ ਫੋਨ ਵੰਡੇ ਜਾ ਰਹੇ ਹਨ। ਇਸ ਤਰ੍ਹਾਂ ਕਾਂਗਰਸ ਸਰਕਾਰ ਸਮਾਰਟ ਫੋਨ ਵੰਡ ਆਪਣੇ ਵਾਅਦੇ ਨੂੰ ਪੂਰਾ ਕਰਨ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।