ਬਰਨਾਲਾ: ਧੰਨ-ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬਰਨਾਲਾ ਦੇ ਸ੍ਰੀ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਜਾ ਰਹੇ ਹਨ। ਇਸ ਦੌਰਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸਕੂਲੀ ਵਿਦਿਆਰਥੀਆਂ ਦੇ ਦਸਤਾਰਾਂ ਸਜਾਉਣ, ਸ਼ੁੱਧ ਪੰਜਾਬੀ ਲਿਖਣ, ਜਪੁਜੀ ਸਾਹਿਬ ਦੇ ਸ਼ੁੱਧ ਉਚਾਰਨ, ਅਤੇ ਗੁਰੂ ਜੀ ਦੇ ਜੀਵਨ ਨਾਲ ਸਬੰਧਤ ਧਾਰਮਿਕ ਮੁਕਾਬਲੇ ਕਰਵਾਏ ਗਏ। ਜਿਸ ਵਿਚ ਬਰਨਾਲਾ ਦੇ ਵੱਖ-ਵੱਖ 17 ਸਕੂਲਾਂ ਦੇ 850 ਬੱਚਿਆਂ ਨੇ ਭਾਗ ਲਿਆ। ਬੱਚਿਆਂ ਨੇ ਬਹੁਤ ਹੀ ਉਤਸ਼ਾਹ ਨਾਲ ਇਹਨਾਂ ਮੁਕਾਬਲਿਆਂ ਵਿੱਚ ਭਾਗ ਲਿਆ ਅਤੇ ਵੱਖ ਵੱਖ ਸਥਾਨ ਹਾਸਲ ਕੀਤੇ ।
ਧਰਮ ਨਾਲ ਸਬੰਧਿਤ ਮੁਕਾਬਲੇ : ਇਸ ਮੌਕੇ ਗੁਰਦੁਆਰਾ ਸਾਹਿਬ ਦੇ ਕਮੇਟੀ ਮੈਂਬਰਾਂ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਸਿੰਘ ਸਭਾ ਵਲੋਂ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰ ਸਾਲ ਧਾਰਮਿਕ ਸਮਾਗਮ ਕਰਵਾਇਆ ਜਾਂਦਾ ਹੈ। ਜਿਸ ਵਿੱਚ ਬੱਚਿਆਂ ਦੇ ਧਰਮ ਨਾਲ ਸਬੰਧਤ ਮੁਕਾਬਲੇ ਕਰਵਾਏ ਜਾਂਦੇ ਹਨ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਬੱਚਿਆਂ ਨੇ ਬਹੁਤ ਹੀ ਚਾਅ ਨਾਲ ਇਹਨਾਂ ਮੁਕਾਬਲਿਆਂ ਵਿੱਚ ਭਾਗ ਲਿਆ ਹੈ। ਉਹਨਾਂ ਕਿਹਾ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਪਿਛਲੇ 50 ਸਾਲਾਂ ਤੋਂ ਇਹ ਮੁਕਾਬਲੇ ਕਰਵਾਉਂਦੀ ਆ ਰਹੀ ਹੈ ਅਤੇ ਹੁਣ ਤੱਕ 50 ਹਜ਼ਾਰ ਬੱਚਾ ਇਹਨਾਂ ਮੁਕਾਬਲਿਆਂ ਵਿੱਚ ਭਾਗ ਲੈ ਚੁੱਕਾ ਹੈ। ਉਹਨਾਂ ਕਿਹਾ ਕਿ ਅੱਜ ਦੀ ਪੀੜ੍ਹੀ ਨੂੰ ਧਰਮ ਅਤੇ ਇਤਿਹਾਸ ਨਾਲ ਜੋੜਨ ਅਤੇ ਦੇਸ਼ ਵਿੱਚ ਫੈਲ ਰਹੇ ਨਸ਼ਿਆਂ ਤੋਂ ਦੂਰ ਰੱਖਣ ਲਈ ਹਰ ਸਾਲ ਅਜਿਹੇ ਧਾਰਮਿਕ ਸਮਾਗਮ ਕਰਵਾਏ ਜਾਂਦੇ ਹਨ। ਜਿਸ ਵਿੱਚ ਬੱਚਿਆਂ ਨੂੰ ਆਪਣੇ ਧਰਮ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ।
ਧਾਰਮਿਕ ਮੁਕਾਬਲਿਆਂ ਦੀ ਸ਼ਲਾਘਾ: ਉਥੇ ਸਕੂਲੀ ਬੱਚਿਆਂ ਨੇ ਵੱਖ-ਵੱਖ ਧਾਰਮਿਕ ਮੁਕਾਬਲਿਆਂ ਵਿੱਚ ਆਪਣੀ ਮੁਹਾਰਤ ਦਾ ਸਬੂਤ ਦਿੰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ। ਬੱਚਿਆਂ ਨੇ ਇਨ੍ਹਾਂ ਧਾਰਮਿਕ ਮੁਕਾਬਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਧਾਰਮਿਕ ਮੁਕਾਬਲਿਆਂ ਤੋਂ ਆਪਣੇ ਧਰਮ ਅਤੇ ਗੁਰੂ ਇਤਿਹਾਸ ਬਾਰੇ ਜਾਣਕਾਰੀ ਪ੍ਰਾਪਤ ਹੋਈ।