ਬਰਨਾਲਾ: ਪੰਜਾਬੀ ਦੇ ਮਹਾਨ ਸਾਹਿਤਕਾਰ ਪ੍ਰੋਫ਼ੈਸਰ ਪ੍ਰੀਤਮ ਸਿੰਘ ਰਾਹੀ ਦੀ ਯਾਦ ਵਿੱਚ ਸਾਲਾਨਾ ਸਾਹਿਤਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪੰਜਾਬੀ ਸਾਹਿਤ ਦੀਆਂ ਅਨੇਕਾਂ ਮਹਾਨ ਸ਼ਖ਼ਸੀਅਤਾਂ ਨੇ ਹਾਜ਼ਰੀ ਲਵਾਈ। ਇਸ ਦੌਰਾਨ ਕਈ ਲੇਖਕਾਂ ਅਤੇ ਸਾਹਿਤਕਾਰਾਂ ਨੂੰ ਪ੍ਰੋਫ਼ੈਸਰ ਪ੍ਰੀਤਮ ਸਿੰਘ ਰਾਹੀ ਯਾਦਗਾਰੀ ਸਨਮਾਨ ਨਾਲ ਵੀ ਸਨਮਾਨਤ ਕੀਤਾ ਗਿਆ। ਇਸ ਸਮਾਗਮ ਦੌਰਾਨ ਪੰਜਾਬ ਦੇ ਮੌਜੂਦਾ ਹਾਲਾਤਾਂ 'ਤੇ ਚਰਚਾ ਕੀਤੀ ਗਈ। ਖੇਤੀ ਕਾਨੂੰਨਾਂ ਦਾ ਸਾਹਿਤਕਾਰਾਂ ਵੱਲੋਂ ਵਿਰੋਧ ਕੀਤਾ ਗਿਆ। ਕੇਂਦਰ ਸਰਕਾਰ ਦੇ ਰਾਜ ਵਿੱਚ ਫ਼ਿਰਕਾਪ੍ਰਸਤੀ ਦੇ ਬਣੇ ਮਾਹੌਲ ਦੀ ਵੀ ਨਿੰਦਾ ਕੀਤੀ ਗਈ।
ਇਸ ਮੌਕੇ ਗੱਲਬਾਤ ਕਰਦਿਆਂ ਪੰਜਾਬੀ ਦੇ ਪ੍ਰਸਿੱਧ ਸਾਹਿਤਕਾਰਾਂ ਡਾ.ਤੇਜਵੰਤ ਸਿੰਘ ਮਾਨ, ਡਾ ਸਰਬਜੀਤ ਸਿੰਘ ਅਤੇ ਡਾ.ਰਾਹੁਲ ਰੁਪਾਲ ਪੰਜਾਬੀ ਦੇ ਸਾਹਿਤਕਾਰ ਪ੍ਰੋ ਪ੍ਰੀਤਮ ਸਿੰਘ ਰਾਹੀ ਦੀ ਯਾਦ ਵਿੱਚ ਦਸਵਾਂ ਸਾਲਾਨਾ ਸਾਹਿਤਕ ਸਮਾਗਮ ਕਰਵਾਇਆ ਗਿਆ ਹੈ ਇਸ ਸਮਾਗਮ ਦੌਰਾਨ ਪ੍ਰੋ.ਪ੍ਰੀਤਮ ਸਿੰਘ ਰਾਹੀ ਪੁਰਸਕਾਰ ਨਾਲ ਅਮਨ ਕੋਮਲ ਨੂੰ ਅਤੇ ਮੁਹਾਂਦਰਾ ਪੁਰਸਕਾਰ ਅਕਸ਼ਦੀਪ ਅਮਰੀਕਾ ਨੂੰ ਸਨਮਾਨਿਤ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਇਸ ਸਮਾਗਮ ਦੌਰਾਨ ਪੰਜਾਬ ਅਤੇ ਦੇਸ਼ ਦੇ ਮੌਜੂਦਾ ਹਾਲਾਤਾਂ ਬਾਰੇ ਵੀ ਚਰਚਾ ਕੀਤੀ ਗਈ। ਕੇਂਦਰ ਸਰਕਾਰ ਦੇ ਰਾਜ ਵਿੱਚ ਖੇਤਰੀ ਭਾਸ਼ਾਵਾਂ ਅਤੇ ਸੱਭਿਆਚਾਰ 'ਤੇ ਕੀਤੇ ਜਾਣ ਵਾਲੇ ਹਮਲਿਆਂ ਦੀ ਨਿੰਦਾ ਕੀਤੀ ਗਈ। ਕੇਂਦਰ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨ ਦੀ ਵੀ ਨਿਖੇਧੀ ਕੀਤੀ ਗਈ। ਪੰਜਾਬ ਦੇ ਕਿਸਾਨਾਂ ਵੱਲੋਂ ਲੜੇ ਜਾ ਰਹੇ ਸ਼ਾਂਤਮਈ ਸੰਘਰਸ਼ ਰਾਹੀਂ ਦੇਸ਼ ਦੀ ਕਿਸਾਨੀ ਦੀ ਕੀਤੀ ਜਾ ਰਹੀ ਅਗਵਾਈ ਦੀ ਵੀ ਪ੍ਰਸੰਸਾ ਕੀਤੀ ਗਈ।