ਬਰਨਾਲਾ: ਕੋਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਹੋਏ ਲੌਕਡਾਊਨ ਵਿੱਚ ਸਕੂਲਾਂ ਨੂੰ ਸਰਕਾਰ ਵੱਲੋਂ ਬੰਦ ਕਰ ਦਿੱਤਾ ਗਿਆ ਸੀ। ਪਰ ਇਸ ਦੇ ਬਾਵਜੂਦ ਪ੍ਰਾਈਵੇਟ ਸਕੂਲਾਂ ਵੱਲੋਂ ਬੱਚਿਆਂ ਦੇ ਮਾਪਿਆਂ ਤੋਂ ਫੀਸਾਂ ਮੰਗੀਆਂ ਜਾ ਰਹੀਆਂ ਹਨ, ਜਿਸ ਦਾ ਮਾਪਿਆਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਹਾਈ ਕੋਰਟ ਵੱਲੋਂ ਫੀਸ ਲਏ ਜਾਣ ਸਬੰਧੀ ਫ਼ੈਸਲਾ ਦੇਣ ਦਾ ਵੀ ਵਿਰੋਧ ਕੀਤਾ ਜਾ ਰਿਹਾ ਹੈ।
ਅੱਜ ਬਰਨਾਲਾ ਵਿਖੇ ਵੱਡੀ ਗਿਣਤੀ ਵਿੱਚ ਬੱਚਿਆਂ ਦੇ ਮਾਪਿਆਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਇਕੱਠੇ ਹੋ ਕੇ ਪ੍ਰਾਈਵੇਟ ਸਕੂਲਾਂ ਵੱਲੋਂ ਮੰਗੀਆਂ ਜਾ ਰਹੀਆਂ ਫ਼ੀਸਾਂ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਵਿੱਚ ਪ੍ਰਾਈਵੇਟ ਸਕੂਲਾਂ ਦੇ ਬੱਚੇ ਖ਼ੁਦ ਤਖ਼ਤੀਆਂ ਲੈ ਕੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ।
ਇਸ ਮੌਕੇ ਫ਼ੀਸਾਂ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਸਕੂਲ ਬੰਦ ਹਨ ਅਤੇ ਬੱਚੇ ਸਕੂਲਾਂ ਵਿੱਚ ਪੜ੍ਹਾਈ ਕਰਨ ਨਹੀਂ ਗਏ। ਪਰ ਪ੍ਰਾਈਵੇਟ ਸਕੂਲਾਂ ਵਾਲੇ ਫ਼ੀਸਾਂ ਮੰਗ ਕੇ ਮਾਪਿਆਂ ਨੂੰ ਪ੍ਰੇਸ਼ਾਨ ਕਰ ਰਹੇ ਹਨ, ਜੋ ਸਹੀ ਨਹੀਂ ਹੈ।
ਪੰਜਾਬ ਸਰਕਾਰ ਅਤੇ ਹਾਈ ਕੋਰਟ ਨੇ ਵੀ ਪ੍ਰਾਈਵੇਟ ਸਕੂਲਾਂ ਦੀ ਹੀ ਤਰਫ਼ਦਾਰੀ ਕੀਤੀ ਹੈ। ਜਿਸ ਕਰਕੇ ਪ੍ਰਾਈਵੇਟ ਸਕੂਲਾਂ ਦੀ ਇਸ ਧੱਕੇਸ਼ਾਹੀ ਖ਼ਿਲਾਫ਼ ਬੱਚਿਆਂ ਦੇ ਮਾਪੇ ਅਤੇ ਵੱਖ-ਵੱਖ ਜਥੇਬੰਦੀਆਂ ਇਕਜੁੱਟ ਹੋ ਕੇ ਸੰਘਰਸ਼ ਦੇ ਰਾਹ ਪਈਆਂ ਹਨ।
ਉਨ੍ਹਾਂ ਕਿਹਾ ਕਿ ਅੱਜ ਬਰਨਾਲਾ ਵਿੱਚ ਬੱਚਿਆਂ ਨੂੰ ਨਾਲ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜੇ ਫ਼ੀਸਾਂ ਮੰਗਣੀਆਂ ਬੰਦ ਨਾ ਕੀਤੀਆਂ ਗਈਆਂ ਤਾਂ ਉਹ ਸੰਘਰਸ਼ ਨੂੰ ਸੂਬਾ ਪੱਧਰ ਤੱਕ ਲੈ ਕੇ ਜਾਣਗੇ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।