ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਦੌਰਾਨ ਭਾਜਪਾ ਦੇ ਜ਼ਿਲਾ ਪ੍ਰਧਾਨ ਦੇ ਘਰ ਅੱਗੇ ਬੀਤੇ ਦਿਨ ਕਿਸਾਨ ਸੁਖਦੇਵ ਸਿੰਘ ਦੀ ਮੌਤ ਹੋ ਗਈ ਸੀ। ਕਿਸਾਨ ਜੱਥੇਬੰਦੀ ਉਗਰਾਹਾਂ ਅਤੇ ਕਿਸਾਨ ਦੇ ਪਰਿਵਾਰ ਵੱਲੋਂ ਸਰਕਾਰ ਅੱਗੇ 10 ਲੱਖ ਮੁਆਵਜ਼ਾ ਰਾਸ਼ੀ ਅਤੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੀ ਮੰਗ ਰੱਖੀ ਗਈ ਸੀ। ਮੰਗਾਂ ਨਾ ਪੂਰਾ ਹੋਣ ਤੱਕ ਕਿਸਾਨ ਦੇ ਪਰਿਵਾਰ ਅਤੇ ਜਥੇਬੰਦੀਆਂ ਵੱਲੋ ਅੰਤਿਮ ਸਸਕਾਰ ਨਾ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਤਹਿਤ ਅੱਜ ਦੂਜੇ ਦਿਨ ਵੀ ਮ੍ਰਿਤਕ ਸੁਖਦੇਵ ਸਿੰਘ ਦਾ ਅੰਤਿਮ ਸਸਕਾਰ ਨਹੀਂ ਕੀਤਾ ਗਿਆ।
ਮੰਗਲਵਾਰ ਦੂਜੇ ਦਿਨ ਕਿਸਾਨ ਜੱਥੇਬੰਦੀ ਦੇ ਆਗੂਆਂ ਦੀ ਜ਼ਿਲਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਮੀਟਿੰਗ ਜ਼ਰੂਰ ਹੋਈ। ਜਿੱਥੇ ਕਿਸਾਨ ਜੱਥੇਬੰਦੀ ਦੇ ਆਗੂਆਂ ਵੱਲੋਂ ਪ੍ਰਸ਼ਾਸ਼ਨ ਅੱਗੇ ਮੰਗਾਂ ਪੂਰੀਆਂ ਕਰਨ ਦੀ ਸ਼ਰਤ ਰੱਖੀ ਗਈ।
63 ਸਾਲਾ ਕਿਸਾਨ ਸੁਖਦੇਵ ਸਿੰਘ ਦੀ ਸੋਮਵਾਰ ਨੂੰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੇ ਘਰ ਅੱਗੇ ਧਰਨੇ ਦੌਰਾਨ ਮੌਤ ਹੋ ਗਈ ਸੀ। ਜੱਥੇਬੰਦੀ ਦੇ ਐਲਾਨ ਅਨੁਸਾਰ ਸਰਕਾਰ ਅੱਗੇ 10 ਲੱਖ ਮੁਆਵਜ਼ਾ ਰਾਸ਼ੀ, ਪੂਰਨ ਕਰਜ਼ਾ ਮੁਆਫ਼ੀ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੀ ਮੰਗ ਰੱਖੀ ਗਈ ਹੈ।
ਇਸ ਮੌਕੇ ਕਿਸਾਨ ਆਗੂਆਂ ਨੇ ਦੱਸਿਆ ਕਿ ਉਹ ਤਹਿਸੀਲਦਾਰ ਗੁਰਮੁੱਖ ਸਿੰਘ ਨੂੰ ਮਿਲੇ ਹਨ। ਇਸ ਬੈਠਕ ਦੌਰਾਨ ਤਹਿਸੀਲਦਾਰ ਵੱਲੋਂ ਸਰਕਾਰ ਤੱਕ ਪਰਪੋਜ਼ਲ ਬਣਾ ਕੇ ਭੇਜਣ ਦਾ ਵਾਅਦਾ ਕੀਤਾ ਹੈ। ਇਸ ਮੌਕੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਿਹਨਾਂ ਸਮਾਂ ਪੀੜ੍ਹਤ ਪਰਿਵਾਰ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆ, ਉਨਾਂ ਸਮਾਂ ਕਿਸਾਨ ਸੁਖਦੇਵ ਸਿੰਘ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਨਹੀਂ ਹੋਵੇਗਾ।