ਬਰਨਾਲਾ: ਦਿੱਲੀ ਵਿੱਚ ਬੀਤੇ ਦਿਨੀਂ ਹੋਈ ਹਿੰਸਾ ਤੇ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਵਿੱਚ ਸ਼ਾਹੀਨ ਬਾਗ ਵਿਖੇ ਚੱਲ ਰਹੇ ਧਰਨੇ ਨੂੰ ਜ਼ਬਰੀ ਚੁੱਕੇ ਜਾਣ ਵਿਰੁੱਧ ਪੰਜਾਬ ਵਿੱਚ ਵੀ ਵੱਖ-ਵੱਕ ਜਥੇਬੰਦੀਆਂ ਨੇ ਰੇਲ ਗੱਡੀਆਂ ਨੂੰ ਰੋਕ ਕੇ ਪ੍ਰਦਰਸ਼ਨ ਕੀਤਾ। ਵੱਖ-ਵੱਖ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਨੇ ਬਰਨਾਲਾ ਵਿੱਚ ਅੰਬਾਲਾ-ਬਠਿੰਡਾ ਰੇਲਵੇ ਲਾਇਨ ਨੂੰ ਠੱਪ ਕਰ ਕੇ ਧਰਨਾ ਪ੍ਰਦਰਸ਼ਨ ਕੀਤਾ।
ਇਸ ਮੌਕੇ ਬੀਕੇਯੂ (ਉਗਰਾਹਾਂ) ਦੇ ਆਗੂ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਜਿਸ ਤਰ੍ਹਾਂ ਭਾਜਪਾ ਸਰਕਾਰ ਅਤੇ ਆਰ.ਐੱਸ.ਐੱਸ. ਦੇਸ਼ ਵਿੱਚ ਘੱਟ ਗਿਣਤੀਆਂ 'ਤੇ ਜੁਲਮ ਕਰ ਰਹੀ ਹੈ। ਅਸੀਂ ਇਸ ਜੁਲ਼ਮ ਦਾ ਡੱਟ ਕੇ ਵਿਰੋਧ ਕਰਦੇ ਹਾਂ। ਉਨ੍ਹਾਂ ਕਿਹਾ ਅੱਜ ਤਾਂ ਸਿਰਫ ਅਸੀਂ ਰੇਲ ਗੱਡੀਆਂ ਰੋਕੀਆਂ ਹਨ, ਜੇਕਰ ਸਰਕਾਰ ਆਪਣੀਆਂ ਕਾਲੀਆਂ ਕਰਤੂਤਾਂ ਤੋਂ ਬਾਜ ਨਾ ਆਈ ਤਾਂ ਅਸੀਂ ਸੜਕਾਂ ਜਾਮ ਕਰਕੇ ਸੰਘਰਸ਼ ਹੋਰ ਤਿੱਖਾ ਕਰਾਂਗੇ।
ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਭਾਜਾਪਾ ਆਗੂਆਂ ਨੇ ਦਿੱਲੀ ਵਿੱਚ ਹਿੰਸਾ ਫੈਲਾਈ ਹੈ ਉਸ ਤੋਂ ਭਾਜਪਾ ਦਾ ਚਿਹਰਾ ਨਾਕਾਬ ਹੋ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਸ਼ਾਹੀਨ ਬਾਗ ਦੇ ਮੋਰਚੇ ਵਿੱਚ ਲੋਕਾਂ ਨੂੰ ਕੋਈ ਨੁਕਸਾਨ ਪਹੁੰਚਿਆ ਗਿਆ ਤਾਂ ਉਹ ਰੇਲ ਰੋਕੋ ਅੰਦੋਲਨ ਨੂੰ ਪੱਕੇ ਮੋਰਚੇ 'ਚ ਵੀ ਬਦਲ ਸਕਦੇ ਹਨ।
ਇਹ ਵੀ ਪੜ੍ਹੋ : ਸ਼ਾਹੀਨ ਬਾਗ 'ਚ ਧਾਰਾ 144 ਲਾਗੂ, ਵੱਡੀ ਗਿਣਤੀ 'ਚ ਪੁਲਿਸ ਤੈਨਾਤ
ਇਸ ਮੌਕੇ ਵੱਡੀ ਗਿਣਤੀ ਵਿੱਚ ਔਰਤਾਂ ਅਤੇ ਮਰਦਾਂ ਨੇ ਰੇਲਵੇ ਲਾਇਨ 'ਤੇ ਬੈਠ ਕੇ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਉਨ੍ਹਾਂ ਮੰਗ ਕੀਤੀ ਕਿ ਨਾਗਰਿਕਤਾ ਸੋਧ ਕਾਨੂੰਨ ਨੂੰ ਤੁਰੰਤ ਵਾਪਸ ਲਿਆ ਜਾਵੇ ਅਤੇ ਦਿੱਲੀ ਹਿੰਸਾ ਦੇ ਮੁਲਜ਼ਮਾਂ ਨੂੰ ਸਜਾਵਾਂ ਦਿੱਤੀਆਂ ਜਾਣ।