ਬਰਨਾਲਾ: ਪੰਜਾਬ ਦੀਆਂ 2022 ਵਿਧਾਨ ਸਭਾ ਚੋਣਾਂ ਨੇੜੇ ਆਉਣ ਦੇ ਮੱਦੇਨਜ਼ਰ ਵੱਖ-ਵੱਖ ਵਰਗਾਂ ਵੱਲੋਂ ਆਪਣੀਆਂ ਮੰਗਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਜਾ ਰਿਹਾ ਹੈ। ਇਸੇ ਸਿਲਸਿਲੇ ਤਹਿਤ ਪਿਛਲੇ ਸਾਢੇ ਚਾਰ ਸਾਲਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਪੰਜਾਬ ਭਰ ਦੇ ਟਰੱਕ ਕਾਰੋਬਾਰੀਆਂ ਵੱਲੋਂ ਬਰਨਾਲਾ ਵਿੱਚ ਇੱਕ ਪੰਜਾਬ ਪੱਧਰੀ ਇਕੱਠ ਕੀਤਾ ਗਿਆ। ਪੰਜਾਬ ਭਰ ਦੀਆਂ ਵੱਖ-ਵੱਖ ਟਰੱਕ ਅਤੇ ਟਰਾਂਸਪੋਰਟ ਜਥੇਬੰਦੀਆਂ ਵੱਲੋਂ ਬਰਨਾਲਾ ਦੀ ਟਰੱਕ ਯੂਨੀਅਨ ਵਿੱਚ ਇੱਕ ਭਾਰੀ ਇਕੱਠ ਕਰਕੇ ਆਪਣੀਆਂ ਮੰਗਾਂ ਸਬੰਧੀ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਸੰਘਰਸ਼ ਕਰਨ ਦੀ ਚਿਤਾਵਨੀ ਦਿੱਤੀ ਗਈ।
ਇਹ ਵੀ ਪੜੋ: ਵਿਆਹ ਤੋਂ 4 ਦਿਨ ਪਹਿਲਾਂ ਨੌਜਵਾਨ ਨੇ ਕੀਤੀ ਖੁਦਕੁਸ਼ੀ
ਇਸ ਮੌਕੇ ਟਰੱਕ ਕਾਰੋਬਾਰੀਆਂ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਟਰੱਕ ਅਤੇ ਟਰਾਂਸਪੋਰਟ ਦਾ ਕਾਰੋਬਾਰ ਬੁਰੀ ਤਰ੍ਹਾਂ ਠੱਪ ਹੋ ਗਿਆ ਹੈ। ਇਹ ਕਾਰੋਬਾਰ ਲਗਾਤਾਰ ਘਾਟੇ ਦਾ ਸੌਦਾ ਬਣਦਾ ਜਾ ਰਿਹਾ ਹੈ। ਕਈ ਟਰੱਕ ਕਾਰੋਬਾਰੀਆਂ ਅਤੇ ਟਰੱਕ ਡਰਾਈਵਰਾਂ ਵੱਲੋਂ ਮਾੜੇ ਆਰਥਿਕ ਹਾਲਾਤ ਦੇ ਚਲਦਿਆਂ ਖ਼ੁਦਕੁਸ਼ੀ ਤਕ ਕਰ ਲਈਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਟਰੱਕ ਕਾਰੋਬਾਰ ਅਤੇ ਟਰਾਂਸਪੋਰਟ ਕਾਰੋਬਾਰ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ। ਇਸ ਸਬੰਧੀ ਸਰਕਾਰਾਂ ਵੱਲੋਂ ਕੋਈ ਵੀ ਪਾਲਿਸੀ ਤੱਕ ਨਹੀਂ ਬਣਾਈ ਗਈ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਟਰੱਕ ਕਾਰੋਬਾਰੀ ਮੰਗ ਕਰ ਰਹੇ ਹਨ ਕਿ ਪ੍ਰਤੀ ਕਿਲੋਮੀਟਰ ਦੇ ਹਿਸਾਬ ਨਾਲ ਉਨ੍ਹਾਂ ਨੂੰ ਕਿਰਾਇਆ ਦਿੱਤਾ ਜਾਵੇਗਾ। ਪ੍ਰੰਤੂ ਸਰਕਾਰ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ। ਡੀਜ਼ਲ ਦੀਆਂ ਕੀਮਤਾਂ ਲਗਾਤਾਰ ਆਸਮਾਨ ਨੂੰ ਛੂਹ ਰਹੀਆਂ ਹਨ, ਪਰੰਤੂ ਕਿਰਾਏ ਦੇ ਰੇਟ 1970 ਵਾਲੇ ਹੀ ਚੱਲ ਰਹੇ ਹਨ।
ਉਨ੍ਹਾਂ ਕਿਹਾ ਕਿ ਅੱਜ ਬਰਨਾਲਾ ਵਿੱਚ ਪੰਜਾਬ ਭਰ ਦੇ ਟਰੱਕ ਕਾਰੋਬਾਰੀ ਇਕੱਠੇ ਹੋਏ ਹਨ ਅਤੇ ਆਪਣੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਪੰਜਾਬ ਭਰ ਦੇ ਟਰੱਕ ਕਾਰੋਬਾਰੀਆਂ ਵੱਲੋਂ ਆਪਣੀ ਇੱਕ ਜਥੇਬੰਦੀ ਆਲ ਪੰਜਾਬ ਟਰੱਕ ਏਕਤਾ ਬਣਾ ਕੇ ਆਪਣੀਆਂ ਮੰਗਾਂ ਨੂੰ ਉਠਾਇਆ ਜਾ ਰਿਹਾ ਹੈ। ਸਰਕਾਰਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾਵੇ। ਕੈਪਟਨ ਅਮਰਿੰਦਰ ਸਿੰਘ ਨੇ ਵੀ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਉਨ੍ਹਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਦਾ ਵਾਅਦਾ ਕੀਤਾ ਸੀ, ਪ੍ਰੰਤੂ ਉਨ੍ਹਾਂ ਨੇ ਟਰੱਕ ਯੂਨੀਅਨਾਂ ਤੱਕ ਭੰਗ ਕਰ ਦਿੱਤੀਆਂ।
ਉਨ੍ਹਾਂ ਕਿਹਾ ਕਿ ਜੇਕਰ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਟਰੱਕ ਕਾਰੋਬਾਰੀਆਂ ਦੇ ਮੰਗਾਂ ਅਤੇ ਮਸਲਿਆਂ ਵੱਲ ਸਰਕਾਰ ਨੇ ਧਿਆਨ ਨਾ ਦਿੱਤਾ ਤਾਂ ਉਹ ਕਾਂਗਰਸ ਪਾਰਟੀ ਦਾ ਪੂਰੀ ਤਰ੍ਹਾਂ ਇਨ੍ਹਾਂ ਚੋਣਾਂ ਵਿਚ ਬਾਈਕਾਟ ਕਰਨਗੇ। ਪੰਜਾਬ ਦਾ ਇਕ ਵੀ ਟਰੱਕ ਕਾਰੋਬਾਰੀ ਕਾਂਗਰਸ ਪਾਰਟੀ ਨੂੰ ਬੂਥ ਤੱਕ ਨਹੀਂ ਪਾਵੇਗਾ।