ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਸੰਘਰਸ਼ ਨੂੰ ਤੇਜ਼ ਅਤੇ ਤਿੱਖਾ ਕਰਨ ਲਈ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਨਵੇਂ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਜਿਸ ਤਹਿਤ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਸਾਂਝੇ ਤੌਰ 'ਤੇ ਬਰਨਾਲਾ ਦੀ ਦਾਣਾ ਮੰਡੀ ਵਿਖੇ 21 ਫਰਵਰੀ ਨੂੰ ਕਿਸਾਨ ਮਜ਼ਦੂਰ ਏਕਤਾ ਮਹਾਂ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ। ਆਗੂਆਂ ਵੱਲੋਂ ਇਸ ਮਹਾਂ ਰੈਲੀ ਵਿਚ ਦੋ ਲੱਖ ਤੋਂ ਵੱਧ ਪੰਜਾਬ ਭਰ ਤੋਂ ਲੋਕਾਂ ਦੇ ਪਹੁੰਚਣ ਦਾ ਦਾਅਵਾ ਕੀਤਾ ਜਾ ਰਿਹਾ ਹੈ, ਜਿਸ ਲਈਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਇਸ ਮੌਕੇ ਗੱਲਬਾਤ ਕਰਦਿਆਂ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਬਰਨਾਲਾ ਵਿਖੇ ਕੀਤੀ ਜਾ ਰਹੀ ਕਿਸਾਨ ਮਜ਼ਦੂਰ ਏਕਤਾ ਮਹਾਂ ਰੈਲੀ ਦਾ ਮੁੱਖ ਮਕਸਦ ਕਿਸਾਨਾਂ ਅਤੇ ਮਜ਼ਦੂਰਾਂ ਦੇ ਏਕੇ ਨੂੰ ਹੋਰ ਮਜ਼ਬੂਤ ਕਰਨਾ ਹੈ। ਇਸ ਮਹਾਂ ਰੈਲੀ ਵਿੱਚ ਪੰਜਾਬ ਭਰ ਤੋਂ ਦੋ ਲੱਖ ਤੋਂ ਵਧੇਰੇ ਲੋਕ ਪਹੁੰਚ ਰਹੇ ਹਨ। ਜਿਸ ਲਈ ਸਾਊਂਡ, ਟੈਂਟ, ਦਰੀਆਂ, ਲੰਗਰ ਆਦਿ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਸ ਮਹਾਂਰੈਲੀ ਨਾਲ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਵਿੱਚ ਇੱਕ ਵੱਡੀ ਜਾਨ ਪਵੇਗੀ। ਇਸ ਮਹਾਂਰੈਲੀ ਲਈ ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਦੇ ਆਗੂਆਂ ਨੂੰ ਵੀ ਸੱਦਾ ਦਿੱਤਾ ਗਿਆ ਹੈ।