ਬਰਨਾਲਾ: ਵੱਧ ਰਹੀ ਠੰਢ ਆਪਣਾ ਅਸਰ ਦਿਖਾ ਰਹੀ ਹੈ, ਜਿਸ ਨਾਲ ਧੁੰਦ ਵੀ ਪੈਣੀ ਸ਼ੁਰੂ ਹੋ ਗਈ ਹੈ। ਜਿਸਦੇ ਚੱਲਦਿਆਂ ਸੜਕ ਹਾਦਸਿਆਂ ਵਿੱਚ ਵੀ ਵਾਧਾ ਹੋਣ ਲੱਗਿਆ ਹੈ। ਧੁੰਦ ਦੇ ਚੱਲਦਿਆਂ ਬੀਤੀ ਰਾਤ ਬਰਨਾਲਾ-ਬਠਿੰਡਾ ਮੁੱਖ ਮਾਰਗ ’ਤੇ ਇੱਕ ਮੋਟਰਸਾਈਕਲ ਨੂੰ ਇੱਕ ਅਣਪਛਾਤੀ ਗੱਡੀ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਮੋਟਰਸਾਈਕਲ ਸਵਾਰ ਦੋਵੇਂ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਸਰਕਾਰੀ ਹਸਪਤਾਲ ਵਿੱਚ ਮੌਜੂਦ ਮ੍ਰਿਤਕ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹਨਾਂ ਦੇ ਲੜਕੇ ਕਿਸੇ ਕੰਮ ਲਈ ਬਰਨਾਲਾ ਆਏ ਹੋਏ ਸੀ। ਘਰ ਵਾਪਸ ਪਰਤਣ ਸਮੇਂ ਉਹਨਾਂ ਦੇ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਗੱਡੀ ਚਾਲਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ।
ਮ੍ਰਿਤਕ ਦੇ ਵੱਡੇ ਭਰਾ ਦਮਨਪ੍ਰੀਤ ਸਿੰਘ ਨੇ ਇਸ ਦੁੱਖਦਾਈ ਘਟਨਾ ’ਤੇ ਕਿਹਾ ਕਿ ਧੁੰਦ ਦੇ ਮੌਸਮ ’ਚ ਸਾਰਿਆਂ ਨੂੰ ਸਾਵਧਾਨੀ ਵਰਤਣੀ ਚਾਹੀਦੀ ਹੈ।
ਉਧਰ ਇਸ ਸਬੰਧੀ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਸਤਗੁਰ ਸਿੰਘ ਨੇ ਦੱਸਿਆ ਕਿ ਦੋਵੇਂ ਨੌਜਵਾਨ ਰਾਤ ਬੁਲਟ ਮੋਟਰਸਾਈਕਲ ’ਤੇ ਸਵਾਰ ਹੋ ਕੇ ਬਰਨਾਲਾ ਤੋਂ ਰਾਮਪੁਰਾ ਨੂੰ ਜਾ ਰਹੇ ਸਨ। ਰਸਤੇ ਵਿੱਚ ਕਿਸੇ ਅਣਪਛਾਤੇ ਵਾਹਨ ਨੇ ਇਹਨਾਂ ਨੂੰ ਟੱਕਰ ਮਾਰਨ ਤੋਂ ਬਾਅਦ ਨੌਜਵਾਨਾਂ ਦੇ ਉਪਰ ਦੀ ਲੰਘ ਗਿਆ। ਪੁਲਿਕ ਦੁਆਰਾ ਪੋਸਟਮਾਰਟਮ ਕਰਵਾਉਣ ਉਪਰੰਤ ਦੋਹਾਂ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਵਾਰਸਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ।