ਬਰਨਾਲਾ: ਬੇਰੁਜ਼ਗਾਰ ਸਾਂਝਾ ਮੋਰਚਾ ਪੰਜਾਬ ਵਲੋਂ ਅੱਜ ਲੋਹੜੀ ਦੇ ਤਿਉਹਾਰ ਮੌਕੇ ਬਰਨਾਲਾ ਦੇ ਕੈਬਨਿਟ ਮੰਤਰੀ ਮੀਤ ਹੇਅਰ ਦੇ ਘਰ ਦਾ ਘਿਰਾਓ ਕੀਤਾ ਗਿਆ। ਸੂਬਾ ਸਰਕਾਰ ਉਪਰ ਵਾਅਦਾ ਖਿਲਾਫੀ ਦੇ ਦੋਸ਼ ਲਗਾਉਂਦਿਆਂ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ: ਇੱਕ ਪਾਸੇ ਜਿੱਥੇ ਦੇਸ਼ ਭਰ ਵਿੱਚ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਅੱਜ ਸਾਂਝਾ ਮੋਰਚਾ ਦੇ ਸੈਂਕੜੇ ਬੇਰੁਜ਼ਗਾਰ ਵਰਕਰਾਂ ਨੇ ਪੰਜਾਬ ਦੇ ਕੈਬਨਿਟ ਮੰਤਰੀ ਬਰਨਾਲਾ ਦੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਦਾ ਘਿਰਾਓ ਕਰਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਪਿਛਲੇ ਡੇਢ ਸਾਲ ਦੇ ਕਾਰਜਕਾਲ ਦੌਰਾਨ ਕੀਤੇ ਵਾਅਦਿਆਂ ਨੂੰ ਝੂਠਾ ਸਾਬਤ ਕਰਦਿਆਂ ਬੇਰੁਜ਼ਗਾਰਾਂ ਨੇ ਝੂਠਾਂ ਦੀਆਂ ਪੋਟਲੀਆਂ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ।
ਸਰਕਾਰ ਨੇ ਨਹੀਂ ਕੀਤੀਆਂ ਮੰਗਾਂ ਪੂਰੀਆਂ: ਪ੍ਰਦਰਸ਼ਨਕਾਰੀ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਚਿਰੋਕਣੀ ਮੁੱਖ ਮੰਗਾਂ 250 ਆਰਟ ਐਂਡ ਕਰਾਫਟ ਭਰਤੀਆਂ ਨੂੰ ਪੂਰਾ ਕਰਨਾ, ਉਮਰ ਸੀਮਾ ਦੇ ਅੰਦਰ 2000 ਤੋਂ ਘੱਟ ਨਵੀਆਂ ਭਰਤੀਆਂ, ਮਾਸਟਰ ਕਾਰਡ ਪੋਸਟਾਂ ਜਾਰੀ ਕਰਨਾ ਆਦਿ ਹਨ। ਜੇਕਰ ਉਨ੍ਹਾਂ ਨੇ ਆਪਣੇ ਵਾਅਦੇ ਪੂਰੇ ਨਾ ਕੀਤੇ ਤਾਂ ਆਉਣ ਵਾਲੇ ਦਿਨਾਂ 'ਚ ਇਹ ਹੋਰ ਹੋਰ ਤੇਜ਼ ਹੋਵੇਗਾ ਅਤੇ 2024 'ਚ ਵੋਟਾਂ ਮੰਗਣ ਲਈ ਉਨ੍ਹਾਂ ਦੇ ਬੂਹੇ 'ਤੇ ਆਉਣ 'ਤੇ ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ।
ਸਰਕਾਰ ਦੀ ਕਹਿਣੀ ਤੇ ਕਰਨੀ ਵਿੱਚ ਫਰਕ : ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਸਿਹਤ ਅਤੇ ਸਿੱਖਿਆ ਖੇਤਰ ਨੂੰ ਪ੍ਰਫੁੱਲਿਤ ਕਰਨ ਦਾ ਵਾਅਦਾ ਕੀਤਾ ਸੀ। ਪਰ ਅਜੇ ਤੱਕ ਇਸ ਖੇਤਰ ਵਿੱਚ ਕੋਈ ਚੰਗਾ ਕਾਰਜ ਨਹੀਂ ਕੀਤਾ ਗਿਆ। ਬੇਰੁਜ਼ਗਾਰਾਂ ਅਤੇ ਅਧਿਆਪਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ। ਪਹਿਲਾਂ ਦੀਆਂ ਸਰਕਾਰਾਂ ਵਾਂਗ ਇਸ ਸਰਕਾਰ ਦੀ ਕਹਿਣੀ ਤੇ ਕਰਨੀ ਵਿੱਚ ਬਹੁਤ ਫਰਕ ਹੈ। ਉਹਨਾਂ ਕਿਹਾ ਕਿ ਆਪਣੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ ਅਤੇ ਸਰਕਾਰ ਦੇ ਵਿਧਾਇਕਾਂ ਤੇ ਮੰਤਰੀਆਂ ਨੂੰ ਘੇਰ ਕੇ ਸਵਾਲ ਕਰਦੇ ਰਹਿਣਗੇ।