ਬਰਨਾਲਾ: ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਜਨਤਕ ਥਾਵਾਂ 'ਤੇ ਲੋਕਾਂ ਦੇ ਇਕੱਠ ਕਰਨ ਉੱਤੇ ਪੂਰੀ ਤਰ੍ਹਾਂ ਪਾਬੰਦੀ ਲਾ ਦਿੱਤੀ ਹੈ। ਇਸ ਦਾ ਪ੍ਰਭਾਵ ਸੂਬਾ ਸਰਕਾਰ ਦੇ ਵਿਰੋਧ ਕਰਨ ਵਾਲੀ ਜੱਥੇਬੰਦੀਆਂ ਉੱਤੇ ਵੀ ਪਿਆ ਹੈ। ਪਾਬੰਦੀ ਲਾਏ ਜਾਣ ਮਗਰੋਂ ਬਰਨਾਲਾ 'ਚ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਲੋਕਾਂ ਨੇ ਸਰਕਾਰ ਦਾ ਵਿਰੋਧ ਕਰਨ ਲਈ ਨਵਾਂ ਤਰੀਕਾ ਅਪਨਾ ਲਿਆ ਹੈ।
ਬੇਰੁਜ਼ਗਾਰ ਅਧਿਆਪਕ ਹੁਣ ਸ਼ਹਿਰ ਦੀ ਜਨਤਕ ਥਾਵਾਂ ਉੱਤੇ ਕੰਧਾਂ, ਸਰਕਾਰੀ ਪੋਸਟਰਾਂ, ਹਾਈਵੇ ਦੀਆਂ ਸਲੈਬਸ ਆਦਿ 'ਤੇ ਪੇਂਟ ਨਾਲ ਆਪਣੀਆਂ ਮੰਗਾਂ ਲਿਖ ਰਹੇ ਹਨ। ਇਸ ਮੌਕੇ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਕੋੋਰੋਨਾ ਵਾਇਰਸ ਦੀ ਆੜ 'ਚ ਸੰਘਰਸ਼ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਪੰਜਾਬ ਦੀ ਸੱਤਾ ਤੇ ਕਾਬਜ਼ ਕਾਂਗਰਸ ਸਰਕਾਰ ਵੱਲੋਂ ਚੋਣਾਂ ਦੌਰਾਨ ਬੇਰੁਜ਼ਗਾਰਾਂ ਨਾਲ ਜੋ ਵਾਅਦੇ ਕੀਤੇ ਗਏ ਸਨ ਉਨ੍ਹਾਂ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ ਵਿਰੁੱਧ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਲਗਾਤਾਰ ਸੰਘਰਸ਼ ਜਾਰੀ ਰੱਖਣ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਸਮਾਜਿਕ ਦੂਰੀ ਦਾ ਖਿਆਲ ਰੱਖਦੇ ਹੋਏ ਉਹ ਜਨਤਕ ਥਾਵਾਂ 'ਤੇ ਆਪਣੀਆਂ ਮੰਗਾਂ ਇਸ ਲਈ ਲਿਖ ਰਹੇ ਹਨ ਤਾਂ ਜੋ ਲੋਕਾਂ ਦੇ ਨਾਲ-ਨਾਲ ਸਰਕਾਰਾਂ ਕੋਲ ਉਨ੍ਹਾਂ ਦੀਆਂ ਮੰਗਾਂ ਪਹੁੰਚਣ। ਇਸ ਦੌਰਾਨ ਪੰਜਾਬ ਸਰਕਾਰ ਵਿਰੁੱਧ ਨਾਅਰੇ ਵੀ ਲਿਖ ਰਹੇ ਹਨ।
ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜੋ ਅਸਾਮੀਆਂ ਕੱਢੀਆਂ ਗਈਆਂ ਹਨ, ਉਹ ਬਹੁਤ ਘੱਟ ਹਨ ਅਤੇ ਬੇਰੁਜ਼ਗਾਰਾਂ ਦੀ ਗਿਣਤੀ ਅਤੇ ਖਾਲੀ ਅਸਾਮੀਆਂ ਦੀ ਗਿਣਤੀ ਇਸ ਤੋਂ ਕਿਤੇ ਵਧੇਰੇ ਹੈ। ਇਸ ਕਰਕੇ ਬੇਰੁਜ਼ਗਾਰਾਂ ਵੱਲੋਂ ਸੰਘਰਸ਼ ਦੀ ਰੂਪ ਰੇਖਾ ਬਦਲੀ ਗਈ ਹੈ। ਪੂਰੇ ਪੰਜਾਬ ਦੇ 16-17 ਜ਼ਿਲ੍ਹਿਆਂ ਵਿੱਚ ਕੰਧਾਂ 'ਤੇ ਨਾਅਰੇ ਲਿਖ ਕੇ ਬੇਰੁਜ਼ਗਾਰਾਂ ਵੱਲੋਂ ਆਪਣਾ ਸੰਘਰਸ਼ ਜਾਰੀ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਅਜੇ ਵੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰ ਦੇਣਗੇ।