ਬਰਨਾਲਾ: ਜ਼ਿਲ੍ਹੇ ਦੇ ਪਿੰਡ ਪੱਖੋਕੇ ਦੀ ਸਰਕਾਰੀ ਕੋਆਪਰੇਟਿਵ ਸੁਸਾਇਟੀ ਵਿੱਚ ਕਰੋੜਾਂ ਦੇ ਗਬਨ ਮਾਮਲੇ ਵਿੱਚ ਸੈਕਟਰੀ ਵਿਰੁੱਧ ਵਿਭਾਗ ਦੀ ਜਾਂਚ ਜਾਰੀ ਹੈ। ਇਸ ਮਾਮਲੇ ਨੂੰ ਹੁਣ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਆਪਣੇ ਹੱਥਾਂ ਵਿੱਚ ਲੈ ਲਿਆ ਹੈ। ਸੁਸਾਇਟੀ ਵਿੱਚ ਜਿੱਥੇ ਵਿਭਾਗ ਦੇ ਅਧਿਕਾਰੀ ਇਸ ਮਾਮਲੇ ਦੀ ਜਾਂਚ ਵਿੱਚ ਕਈ ਦਿਨਾਂ ਤੋਂ ਲੱਗੇ ਹੋਏ ਹਨ, ਉੱਥੇ ਪਿੰਡ ਦੇ ਪੀੜਤ ਕਿਸਾਨਾਂ ਵੱਲੋਂ ਸੁਸਾਇਟੀ ਵਿੱਚ ਧਰਨਾ ਲਗਾ ਕੇ ਆਪਣਾ ਰੋਸ ਜ਼ਾਹਰ ਕੀਤਾ ਗਿਆ।
ਕਿਸਾਨ ਜਥੇਬੰਦੀ BKU ਉਗਰਾਹਾਂ ਆਈ ਪੀੜਤਾਂ ਦੇ ਹੱਕ ਚ
ਉੱਥੇ ਹੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਵੱਲੋਂ ਪੀੜਤ ਪਿੰਡ ਵਾਸੀਆਂ ਨੂੰ ਨਾਲ ਲੈ ਕੇ ਸਹਿਕਾਰੀ ਸਭਾਵਾਂ ਵਿਭਾਗ ਦੇ ਸਹਾਇਕ ਰਜਿਸਟਰਾਰ ਨਾਲ ਮੁਲਾਕਾਤ ਕੀਤੀ ਗਈ ਅਤੇ ਜਾਂਚ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਗਿਆ। ਕਿਸਾਨ ਯੂਨੀਅਨ ਆਗੂਆਂ ਅਤੇ ਪੀੜਤ ਕਿਸਾਨਾਂ ਨੇ ਦੋਸ਼ ਲਗਾਇਆ ਕਿ 900 ਦੇ ਕਰੀਬ ਖਾਤਾਧਾਰਕਾਂ ਵਿੱਚੋਂ 800 ਨਾਲ ਸੈਕਟਰੀ ਵੱਲੋਂ ਠੱਗੀ ਮਾਰੀ ਗਈ ਹੈ।
ਸੈਕਟਰੀ ਸਮੇਤ ਬਾਕੀ ਅਧਿਕਾਰੀਆਂ ’ਤੇ ਲਾਏ ਗੰਭੀਰ ਇਲਜ਼ਾਮ
ਉਨ੍ਹਾਂ ਇਲਜ਼ਾਮ ਲਗਾਇਆ ਹੈ ਕਿ ਰਿਕਾਰਡ ਵਿੱਚ ਹੇਰ ਫੇਰ ਕਰਕੇ ਕਰੋੜਾਂ ਦਾ ਘਪਲਾ ਕੀਤਾ ਗਿਆ ਹੈ। ਇਸਦੇ ਨਾਲ ਹੀ ਉਨ੍ਹਾਂ ਦਾਅਵਾ ਕੀਤਾ ਹੈ ਕਿ ਇਸ ਮਾਮਲੇ ਵਿੱਚ ਇਕੱਲਾ ਸਹਿਕਾਰੀ ਸਭਾ ਦਾ ਸੈਕਟਰੀ ਹੀ ਨਹੀਂ, ਬਲਕਿ ਸਹਿਕਾਰੀ ਸਭਾ ਨਾਲ ਸਬੰਧਤ ਕੋਆਪਰੇਟਿਵ ਬੈਂਕ ਦੇ ਅਧਿਕਾਰੀ ਵੀ ਜ਼ਿੰਮੇਵਾਰ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਹੋਰ ਜਿਹੜੇ ਵੀ ਲੋਕ ਇਸ ਮਾਮਲੇ ਵਿੱਚ ਨਾਮਜ਼ਦ ਹਨ ਸਾਰਿਆਂ ਨੂੰ ਲਿਆ ਜਾਵੇ ਅਤੇ ਜਾਂਚ ਜਲਦ ਨਿਪਟਾ ਕੇ ਸਖ਼ਤ ਕਾਰਵਾਈ ਕੀਤੀ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਜਲਦ ਜਾਂਚ ਕਰਕੇ ਇਨਸਾਫ਼ ਨਾ ਦਿੱਤਾ ਤਾਂ ਸੰਘਰਸ਼ ਵੀ ਵਿੱਢਿਆ ਜਾਵੇਗਾ।
ਕਿਸਾਨਾਂ ਨੇ ਪ੍ਰਸ਼ਾਸਨ ਨੂੰ ਦਿੱਤੀ ਚਿਤਾਵਨੀ
ਉੱਥੇ ਹੀ ਸਹਿਕਾਰੀ ਸਭਾਵਾਂ ਵਿਭਾਗ ਦੇ ਸਹਾਇਕ ਰਜਿਸਟਰਾਰ ਨੇ ਕਿਹਾ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਜੋ ਵੀ ਦੋਸ਼ੀ ਹੋਇਆ, ਉਸਨੂੰ ਬਖਸਿਆ ਨਹੀਂ ਜਾਵੇਗਾ। ਇਸ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਅਤੇ ਪੀੜਤ ਕਿਸਾਨਾਂ ਨੇ ਦੱਸਿਆ ਕਿ ਪੱਖੋਕੇ ਕੋਆਪਰੇਟਿਵ ਸੁਸਾਇਟੀ ਮਾਮਲੇ ਵਿੱਚ ਸੈਕਟਰੀ ਵੱਲੋਂ ਲੋਕਾਂ ਦੇ ਰਿਕਾਰਡ ਨਾਲ ਛੇੜਛਾੜ ਕਰਕੇ ਕਰੋੜਾਂ ਰੁਪਏ ਦਾ ਘਪਲਾ ਕੀਤਾ ਹੈ। ਉਨ੍ਹਾਂ ਕਿਹਾ ਕਿ 800 ਦੇ ਕਰੀਬ ਕਿਸਾਨਾਂ ਦੀਆਂ ਕਾਪੀਆਂ ਤੇ ਪ੍ਰਤੀ ਕਾਪੀ 40 ਹਜ਼ਾਰ ਦੀ ਫ਼ੀਡ ਦਾ ਖ਼ਰਚ ਪਾਇਆ ਗਿਆ ਹੈ। ਜਦਕਿ ਲੋਕਾਂ ਨੇ ਇਹ ਫ਼ੀਡ ਖ਼ਰੀਦੀ ਤੱਕ ਨਹੀਂ ਹੈ। ਇਸੇ ਤਰ੍ਹਾਂ ਖਾਤਾਧਾਰਕਾਂ ਦੇ ਬੈਂਕ ਖਾਤਿਆਂ ਅਤੇ ਚੈਕਾਂ ਵਿੱਚ ਹੇਰ ਫ਼ੇਰ ਕਰਕੇ ਕਰੋੜਾਂ ਦਾ ਗਬਨ ਕੀਤਾ ਗਿਆ ਹੈ। ਜਿਸਦੀ ਵਿਭਾਗ ਜਾਂਚ ਕਰ ਰਿਹਾ ਹੈ।
ਵਿਭਾਗ ਵੱਲੋਂ ਜਾਂਚ ਤੇਜ਼ ਕਰਨ ਦਾ ਦਾਅਵਾ
ਉਨ੍ਹਾਂ ਦੱਸਿਆ ਕਿ ਇਸ ਜਾਂਚ ਨੂੰ ਹੋਰ ਤੇਜ਼ ਕਰਵਾਉਣ ਲਈ ਸਹਿਕਾਰੀ ਸਭਾਵਾਂ ਵਿਭਾਗ ਦੇ ਸਹਾਇਕ ਰਜਿਸਟਰਾਰ ਨਾਲ ਮੁਲਾਕਾਤ ਕੀਤੀ ਹੈ ਜਿੰਨ੍ਹਾਂ ਨੇ ਜਾਂਚ ਨੂੰ ਹੋਰ ਤੇਜ਼ ਕਰਨ ਦਾ ਭਰੋਸਾ ਦਿੱਤਾ ਹੈ। ਕਿਸਾਨਾਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਇਕੱਲਾ ਸੈਕਟਰੀ ਜ਼ਿੰਮੇਵਾਰ ਨਹੀਂ ਹੈ, ਬਲਕਿ ਸਹਿਕਾਰੀ ਸਭਾ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਸਭਾ ਨਾਲ ਸਬੰਧਤ ਕੋਆਪਰੇਟਿਵ ਬੈਂਕ ਦੇ ਅਧਿਕਾਰੀ ਵੀ ਜ਼ਿੰਮੇਵਾਰ ਹਨ ਜਿਸ ਕਰਕੇ ਜਾਂਚ ਵਿੱਚ ਉਨ੍ਹਾਂ ਨੂੰ ਵੀ ਸ਼ਾਮਲ ਕਰਕੇ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਜਾਂਚ ਤੇਜ਼ ਕਰਕੇ ਇਨਸਾਫ਼ ਜਲਦ ਨਾ ਮਿਲਿਆ ਤਾਂ ਉਹ ਸੰਘਰਸ਼ ਕਰਨ ਤੋਂ ਪਿੱਛੇ ਨਹੀਂ ਹਟਣਗੇ।
ਇਹ ਵੀ ਪੜ੍ਹੋ: ਸਹਿਕਾਰੀ ਸੁਸਾਇਟੀ ’ਚ ਕਰੋੜਾਂ ਦੀ ਘਪਲੇਬਾਜ਼ੀ !