ਬਰਨਾਲਾ: ਕਿਸਾਨ ਆਗੂ ਮਨਜੀਤ ਧਨੇਰ ਦੀ ਬੁੱਧਵਾਰ ਨੂੰ ਪੰਜਾਬ ਸਰਕਾਰ ਵੱਲੋਂ ਸਜ਼ਾ ਮੁਆਫ਼ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਵੀਰਵਾਰ ਰਾਤ ਮਨਜੀਤ ਧਨੇਰ ਨੂੰ ਬਰਨਾਲਾ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਜਾਣਕਾਰੀ ਲਈ ਦੱਸ ਦਈਏ ਕਿ ਧਨੇਰ ਇੱਕ ਕਤਲ ਮਾਮਲੇ ਵਿੱਚ ਬਰਨਾਲਾ ਜੇਲ੍ਹ 'ਚ ਸਜ਼ਾ ਕੱਟ ਰਹੇ ਸਨ, ਜਿਸ ਵਿੱਚ ਸੁਪਰੀਮ ਕੋਰਟ ਨੇ 3 ਸਤੰਬਰ ਨੂੰ ਉਮਰ ਕੈਦ ਦੀ ਸਜ਼ਾ ਬਹਾਲ ਰੱਖੀ ਸੀ।
ਸੁਪਰੀਮ ਕੋਰਟ ਦੇ ਇਸ ਫ਼ੈਸਲਾ ਦਾ ਪੰਜਾਬ ਭਰ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ 45 ਦਿਨ ਤੱਕ ਵਿਰੋਧ ਕਰਦਿਆਂ ਪ੍ਰਦਰਸ਼ਨ ਕੀਤਾ ਗਿਆ। ਇਸੇ ਸੰਘਰਸ਼ ਦੀ ਬਦੌਲਤ ਪੰਜਾਬ ਸਰਕਾਰ ਦੀ ਸਿਫ਼ਾਰਸ਼ 'ਤੇ ਪੰਜਾਬ ਦੇ ਰਾਜਪਾਲ ਵੱਲੋਂ ਮੰਜੀਤ ਦੀ ਸਜ਼ਾ ਮੁਆਫ ਕਰ ਦਿੱਤੀ ਗਈ।
ਕਿਸਾਨ ਜਥੇਬੰਦੀਆਂ ਵੱਲੋਂ ਮਨਜੀਤ ਦੀ ਰਿਹਾਈ ਨੂੰ ਲੈ ਕੇ ਅੱਜ ਭਾਵ ਸ਼ੁਕੱਰਵਾਰ ਨੂੰ ਜੇਤੂ ਮਾਰਚ ਕੱਢਿਆ ਜਾ ਰਿਹਾ ਹੈ। ਇਸ ਮਾਰਚ ਵਿੱਚ ਪੰਜਾਬ ਭਰ ਤੋਂ ਔਰਤਾਂ ਕਿਸਾਨ ਮਜ਼ਦੂਰ ਅਤੇ ਹੋਰ ਜਥੇਬੰਦੀਆਂ ਸ਼ਾਮਿਲ ਹੋ ਰਹੀਆਂ ਹਨ।
ਇਹ ਮਾਰਚ ਜ਼ਿਲ੍ਹਾ ਪੱਧਰੀ ਤੌਰ 'ਤੇ ਬਰਨਾਲਾ ਸ਼ਹਿਰ ਵਿੱਚੋਂ ਕੱਢਿਆ ਜਾਵੇਗਾ। ਮਨਜੀਤ ਵੱਲੋਂ ਇੱਕ ਕਾਫਲੇ ਦੇ ਰੂਪ ਵਿੱਚ ਬਰਨਾਲਾ ਜੇਲ੍ਹ ਤੋਂ ਮਾਰਚ ਸ਼ੁਰੂ ਕਰਕੇ ਬਰਨਾਲਾ ਦੇ ਬਾਜ਼ਾਰਾਂ ਵਿੱਚੋਂ ਹੁੰਦਾ ਹੋਇਆ ਮਹਿਲ ਕਲਾਂ ਕਸਬੇ ਤੋਂ ਬਾਅਦ ਧਨੇਰ ਦੇ ਜੱਦੀ ਪਿੰਡ ਧਨੇਰ ਵਿਖੇ ਪਹੁੰਚਿਆ ਜਾਵੇਗਾ।