ਬਰਨਾਲਾ: ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਵਿਜੀਲੈਂਸ ਵਿਭਾਗ ਵਲੋਂ ਗ੍ਰਿਫਤਾਰ ਏਐਸਆਈ ਦਾ 1 ਦਿਨ ਦਾ ਪੁਲਿਸ ਰਿਮਾਂਡ ਲਿਆ ਗਿਆ ਹੈ। ਮੁਲਜ਼ਮ ਏਐਸਆਈ ਤੋਂ 2500 ਰੁਪਏ ਬਰਾਮਦ ਹੋਏ ਹਨ, ਜਦਕਿ 4000 ਰੁਪਏ ਹੋਰ ਦੀ ਮੰਗ ਕਰ ਰਿਹਾ ਸੀ। ਜਿਸਤੋਂ ਬਾਅਦ ਮੁਲਜ਼ਮ ਏਐਸਆਈ ਨੂੰ ਵਿਜੀਲੈਂਸ ਵਿਭਾਗ ਨੇ ਰੰਗੇ ਹੱਥੀਂ ਕਾਬੂ ਕਰ ਲਿਆ।
ਇਹ ਵੀ ਪੜੋ: ਪਾਣੀ ਦੀ ਵਾਰੀ ਨੂੰ ਲੈ ਕੇ ਚੱਲੀਆਂ ਗੋਲੀਆਂ, ਛੇ ਵਿਅਕਤੀ ਹੋਏ ਜਖਮੀ
ਜਾਣਕਾਰੀ ਦਿੰਦਿਆਂ ਵਿਜੀਲੈਂਸ ਵਿਭਾਗ ਦੇ ਡੀਐਸਪੀ ਪਰਮਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਜੁਗਰਾਜ ਸਿੰਘ ਦੀ ਸ਼ਿਕਾਇਤ 'ਤੇ ਮੁਲਜ਼ਮ ਏਐਸਆਈ ਨੂੰ ਥਾਣਾ ਸ਼ਹਿਣਾ ਬਰਨਾਲਾ ਤੋਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਕੋਲ ਸ਼ਿਕਾਇਤ ਵਿੱਚ ਦੱਸਿਆ ਕਿ ਉਸਦੀ ਕੁੱਝ ਲੋਕਾਂ ਵਲੋਂ ਕੁੱਟਮਾਰ ਕੀਤੀ ਗਈ ਸੀ। ਜਦੋਂ ਇਸਦੀ ਸ਼ਿਕਾਇਤ ਪੁਲਿਸ ਕੋਲ ਕੀਤੀ ਤਾਂ ਏਐਸਆਈ ਨੇ ਮੁਲਜ਼ਮਾਂ ਉੱਤੇ ਕਾਰਵਾਈ ਕਰਨ ਲਈ ਉਸਤੋਂ ਪੈਸਿਆਂ ਦੀ ਮੰਗ ਕੀਤੀ। ਮੁਲਜ਼ਮ ਪਹਿਲਾਂ 2500 ਰੁਪਏ ਲੈ ਚੁੱਕਾ ਹੈ ਅਤੇ 4000 ਰੁਪਏ ਹੋਰ ਮੰਗ ਕਰ ਰਿਹਾ ਸੀ।
ਸ਼ਿਕਾਇਤ ਵਿੱਚ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਵਿਭਾਗ ਦੀ ਟੀਮ ਨੇ ਜਾਲ ਵਿਛਾ ਕੇ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਵਿਭਾਗ ਦੇ ਪਟਿਆਲਾ ਦੇ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਲਜ਼ਮ ਪੁਲੀਸ ਅਧਿਕਾਰੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਮੁਲਜ਼ਮ ਏਐਸਆਈ ਦਾ ਇੱਕ ਦਿਨ ਦਾ ਰਿਮਾਂਡ ਲਿਆ ਗਿਆ ਹੈ।
ਇਹ ਵੀ ਪੜੋ: ਮੈਡੀਕਲ ਸਟੋਰ ਉੱਤੇ ਚਲਾਈਆਂ ਅੰਨ੍ਹੇਵਾਹ ਗੋਲੀਆਂ, ਘਟਨਾ ਸੀਸੀਟੀਵੀ ਵਿੱਚ ਕੈਦ