ਬਰਨਾਲਾ: ਸਿੱਖਾਂ ਦੇ ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਗਰ ਕੀਰਤਨ ਸਜਾਇਆ ਗਿਆ ਹੈ। ਇਹ ਨਗਰ ਕੀਰਤਨ ਗੁਰੂ ਤੇਗ਼ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਪੰਜਾਬ, ਹਰਿਆਣਾ ਅਤੇ ਦਿੱਲੀ ਸਥਿਤ ਥਾਵਾਂ 'ਤੇ ਲਿਜਾਇਆ ਜਾਵੇਗਾ। ਇਸ ਨਗਰ ਕੀਰਤਨ ਦਾ ਬਰਨਾਲਾ ਪਹੁੰਚਣ 'ਤੇ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਨਗਰ ਕੀਰਤਨ ਬਰਨਾਲਾ ਦੇ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਨੌਂਵੀ ਪਾਤਸ਼ਾਹੀ ਦੀ ਚਰਨ ਛੌਹ ਪ੍ਰਾਪਤ ਪਿੰਡ ਢਿੱਲਵਾਂ ਦੇ ਗੁਰਦੁਆਰਾ ਪਾਤਸ਼ਾਹੀ ਨੌਂਵੀ ਵਿਖੇ ਪਹੁੰਚ ਕੇ ਵਿਸ਼ਰਾਮ ਕਰੇਗਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਕਹਿਣਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਕੁਰਬਾਨੀ ਲਾਸਾਨੀ ਹੈ। ਉਨ੍ਹਾਂ ਹਿੰਦੂ ਧਰਮ ਲਈ ਕੁਰਬਾਨੀ ਦਿੱਤੀ ਸੀ, ਜਿਸ ਕਾਰਨ ਗੁਰੂ ਸਾਹਿਬ ਨੂੰ ਹਿੰਦ ਦੀ ਚਾਦਰ ਵੀ ਕਿਹਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਪੂਰੀ ਦੁਨੀਆ 'ਚ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਬਰਨਾਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੋਂ ਹੁੰਦਾ ਹੋਇਆ ਮਾਨਸਾ ਜ਼ਿਲ੍ਹੇ 'ਚ ਦਾਖਲ ਹੋਵੇਗਾ।