ਬਰਨਾਲਾ: ਖੇਤੀ ਕੰਮਾਂ ਖਿਲਾਫ਼ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਇਸ ਸੰਘਰਸ਼ ਦੌਰਾਨ 600 ਤੋਂ ਵੱਧ ਕਿਸਾਨ ਆਪਣੀ ਜਾਨ ਗੁਆ ਚੁੱਕੇ ਹਨ। ਸੰਘਰਸ਼ ਦੌਰਾਨ ਜਾਨ ਗੁਆਉਣ ਹੋਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਪੰਜ ਲੱਖ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ। ਪਰ ਬੀਤੇ ਦਿਨੀਂ ਬਰਨਾਲਾ ਜ਼ਿਲ੍ਹੇ ਦੇ ਕਸਬਾ ਧਨੌਲੇ ਦਾ ਇੱਕ ਕਿਸਾਨ ਮੋਰਚੇ ਦੌਰਾਨ ਮੌਤ ਹੋ ਗਈ ਸੀ। ਜਿਸ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਤੋਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਨਾਕਾਨੀ ਕੀਤੀ ਗਈ। ਇਸ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਡੀਸੀ ਦਫ਼ਤਰ ਅੱਗੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂ ਚਮਕੌਰ ਸਿੰਘ ਨੈਣੇਵਾਲ ਨੇ ਕਿਹਾ ਕਿ ਬੀਤੇ ਦਿਨੀਂ ਕਸਬਾ ਧਨੌਲਾ ਦੇ ਕਿਸਾਨ ਦਰਸ਼ਨ ਸਿੰਘ ਦੀ ਮੋਰਚੇ ਦੌਰਾਨ ਬਿਮਾਰ ਹੋਣ ਤੋਂ ਬਾਅਦ ਮੌਤ ਹੋ ਗਈ ਸੀ। ਜਿਸ ਨੂੰ ਕਿਸਾਨ ਸੰਘਰਸ਼ ਦਾ ਸ਼ਹੀਦ ਐਲਾਨਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਕਿਸਾਨ ਲਗਾਤਾਰ ਅੱਠ ਮਹੀਨਿਆਂ ਤੋਂ ਕਿਸਾਨ ਮੋਰਚੇ ਵਿੱਚ ਦੁੱਧ ਦੀ ਸੇਵਾ ਕਰਦਾ ਰਿਹਾ ਸੀ।ਉਸ ਦੀ ਮੌਤ ਬਾਅਦ ਉਸ ਦੇ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਜ਼ਿਲ੍ਹਾ ਪ੍ਰਸ਼ਾਸਨ ਤੋਂ ਕੀਤੀ ਗਈ, ਪਰੰਤੂ ਪ੍ਰਸ਼ਾਸਨ ਵੱਲੋਂ ਲਗਾਤਾਰ ਪਿਛਲੇ ਦਿਨਾਂ ਤੋਂ ਆਨਾਕਾਨੀ ਕੀਤੀ ਜਾ ਰਹੀ ਹੈ। ਜਿਸ ਦੇ ਰੋਸ ਵਜੋਂ ਜਥੇਬੰਦੀ ਵੱਲੋਂ ਡੀਸੀ ਦਫ਼ਤਰ ਅੱਗੇ ਧਰਨਾ ਲਗਾਉਣਾ ਪਿਆ ਹੈ।
ਉਨ੍ਹਾਂ ਕਿਹਾ ਕਿ ਅਜੇ ਤੱਕ ਮ੍ਰਿਤਕ ਕਿਸਾਨ ਦਾ ਅੰਤਿਮ ਸਸਕਾਰ ਵੀ ਨਹੀਂ ਕੀਤਾ ਗਿਆ ਅਤੇ ਉਸ ਦੀ ਮ੍ਰਿਤਕ ਦੇਹ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸਮਾਂ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਮੁਆਵਜ਼ਾ ਰਾਸ਼ੀ, ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਸਾਰੀ ਕਰਜ਼ਾ ਮੁਆਫ਼ੀ ਕਰਨ ਦਾ ਜ਼ਿਲ੍ਹਾ ਪ੍ਰਸ਼ਾਸ਼ਨ ਭਰੋਸਾ ਨਹੀਂ ਦਿੰਦਾ, ਉਨ੍ਹਾਂ ਸਮਾਂ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
ਇਹ ਵੀ ਪੜ੍ਹੋ: ਪੈਨਸ਼ਨ ਨੂੰ ਲੈਕੇ ਮਹਿਲਾਵਾਂ ਵੱਲੋਂ ਸਰਕਾਰ ਦਾ ਪਿੱਟ ਸਿਆਪਾ