ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਇਸੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਅੱਜ ਬਰਨਾਲਾ ਦੀ ਦਾਣਾ ਮੰਡੀ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਸਾਂਝੀ ਕਿਸਾਨ ਮਜ਼ਦੂਰ ਏਕਤਾ ਮਹਾਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਵੀ ਪਹੁੰਚੇ।
ਇਸ ਮੌਕੇ ਗੱਲਬਾਤ ਕਰਦਿਆਂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਵਾਏ ਬਿਨਾਂ ਉਹ ਪਿੱਛੇ ਹਟਣ ਵਾਲੇ ਨਹੀਂ ਹਨ। ਸਰਕਾਰ ਨਾਲ ਗੱਲਬਾਤ ਤੋਂ ਕਦੇ ਵੀ ਪਿੱਛੇ ਨਹੀਂ ਹਟੇ ਅਤੇ ਜਦੋਂ ਵੀ ਸਰਕਾਰ ਦਾ ਉਨ੍ਹਾਂ ਨੂੰ ਸੱਦਾ ਆਵੇਗਾ, ਉਹ ਗੱਲਬਾਤ ਕਰਨ ਲਈ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਦੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸੇ ਮਸਲੇ 'ਤੇ ਆਪਣੇ ਬਿਆਨ ਨਹੀਂ ਜਾਰੀ ਕੀਤੇ। ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਦਿੱਲੀ ਵਿਖੇ ਵਿਗੜੇ ਮਾਹੌਲ ਪਿੱਛੇ ਦਿੱਲੀ ਪੁਲਿਸ ਦਾ ਹੀ ਹੱਥ ਸੀ।
ਉਨ੍ਹਾਂ ਦੀਪ ਸਿੱਧੂ ਅਤੇ ਲੱਖੇ ਸਿਧਾਣੇ ਤੋਂ ਕਿਨਾਰਾ ਕਰਦਿਆਂ ਬਾਕੀ ਕਿਸਾਨ ਨੌਜਵਾਨਾਂ ਦੇ ਕੇਸਾਂ ਦੀ ਪੈਰਵਾਈ ਕਰਨ ਦੀ ਵੀ ਗੱਲ ਆਖੀ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਦਿੱਲੀ ਪੁਲਿਸ ਵੱਲੋਂ ਜੇਕਰ ਕਿਸੇ ਵੀ ਕਿਸਾਨ ਨੂੰ ਨੋਟਿਸ ਆਉਂਦੇ ਹਨ ਤਾਂ ਉਸ ਦਾ ਕੋਈ ਜਵਾਬ ਦੇਣ ਦੀ ਲੋੜ ਨਹੀਂ ਹੈ। ਜੇਕਰ ਕੋਈ ਵੀ ਪੁਲਿਸ ਅਫ਼ਸਰ ਕਿਸੇ ਕਿਸਾਨ ਨੂੰ ਗ੍ਰਿਫ਼ਤਾਰ ਕਰਨ ਆਉਂਦਾ ਹੈ ਤਾਂ ਉਸ ਦਾ ਘਿਰਾਉ ਕੀਤਾ ਜਾਵੇ। ਉਨ੍ਹਾਂ ਅਪੀਲ ਕੀਤੀ ਕਿ ਪੰਜਾਬ ਸਰਕਾਰ, ਦਿੱਲੀ ਪੁਲਿਸ ਦਾ ਸਾਥ ਨਾ ਦੇਵੇ।
ਇਹ ਵੀ ਪੜ੍ਹੋ: ਅਕਾਲੀ ਦਲ ਗ੍ਰਹਿ ਮੰਤਰਾਲੇ ਅੱਗੇ ਕਰੇਗਾ ਪ੍ਰਦਰਸ਼ਨ: ਚੰਦੂਮਾਜਰਾ