ਬਰਨਾਲਾ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪੰਜਾਬ ਦੇ ਕਿਸਾਨਾਂ ਦਾ ਲਗਾਤਾਰ ਸੰਘਰਸ਼ ਜਾਰੀ ਹੈ। ਇਸ ਸੰਘਰਸ਼ ਤਹਿਤ ਜਿੱਥੇ ਪੰਜਾਬ ਦੇ ਕਿਸਾਨ ਲੱਖਾਂ ਦੀ ਗਿਣਤੀ ਵਿੱਚ ਦਿੱਲੀ ਨੂੰ ਰਵਾਨਾ ਹੋਏ ਹਨ। ਉਥੇ ਹੀ ਪੰਜਾਬ ਵਿੱਚ ਵੀ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਕਿਸਾਨਾਂ ਵੱਲੋਂ ਦਿੱਲੀ ਦੇ ਕੀਤੇ ਗਏ ਘਿਰਾਓ ਨੇ ਪੰਜਾਬ ਵਿੱਚ ਧਰਨਾ ਲਗਾਈ ਬੈਠੇ ਕਿਸਾਨਾਂ ਵਿੱਚ ਜੋਸ਼ ਭਰਿਆ ਹੈ।
ਕਿਸਾਨ ਆਗੂ ਗੁਰਦੇਵ ਸਿੰਘ ਮਾਂਗੇਵਾਲ ਅਤੇ ਕਰਨੈਲ ਸਿੰਘ ਨੇ ਕਿਹਾ ਕਿ ਦਿੱਲੀ ਜਾਣ ਦੇ ਨਾਲ-ਨਾਲ ਕਿਸਾਨ ਜਥੇਬੰਦੀਆਂ ਦੇ ਪੰਜਾਬ ਵਿੱਚ ਚੱਲ ਰਹੇ ਪੱਕੇ ਮੋਰਚੇ ਪਹਿਲਾਂ ਦੀ ਤਰ੍ਹਾਂ ਜਾਰੀ ਹਨ। ਜਿਸ ਤਰ੍ਹਾਂ ਪੰਜਾਬ ਦੇ ਕਿਸਾਨਾਂ ਨੇ ਬੈਰੀਕੇਡ ਤੋੜ ਕੇ ਦਿੱਲੀ ਦਾ ਘਿਰਾਓ ਕੀਤਾ ਹੈ, ਉਸ ਨੇ ਪੰਜਾਬ ਦੇ ਸੰਘਰਸ਼ ਕਰ ਰਹੇ ਕਿਸਾਨਾਂ ਵਿੱਚ ਵੀ ਜੋਸ਼ ਅਤੇ ਉਤਸ਼ਾਹ ਭਰਿਆ ਹੈ। ਕਿਸਾਨਾਂ ਵੱਲੋਂ ਦਿੱਲੀ ਦੇ ਕੀਤੇ ਗਏ ਘਿਰਾਓ ਕਾਰਨ ਪੰਜਾਬ ਵਿੱਚੋਂ ਹੋਰ ਵੱਡੀ ਗਿਣਤੀ ਵਿਚ ਕਿਸਾਨਾਂ ਦੇ ਕਾਫ਼ਲੇ ਦਿੱਲੀ ਨੂੰ ਰਵਾਨਾ ਹੋਣ ਲੱਗੇ ਹਨ। ਰੇਲਵੇ ਸਟੇਸ਼ਨ ਉੱਤੇ ਚੱਲ ਰਹੇ ਪੱਕੇ ਮੋਰਚੇ ਵਿੱਚ ਵੀ ਕਿਸਾਨਾਂ ਦੀ ਗਿਣਤੀ ਵਧਣ ਲੱਗੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕੰਧ ਉੱਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ ਅਤੇ ਜਿੰਨਾ ਛੇਤੀ ਹੋ ਸਕੇ ਖੇਤੀ ਕਾਨੂੰਨ ਵਾਪਸ ਲੈਣੇ ਚਾਹੀਦੇ ਹਨ।