ਬਰਨਾਲਾ : ਬਰਨਾਲਾ ਜ਼ਿਲ੍ਹੇ ਦੇ ਪਿੰਡ ਕੁੱਬੇ 'ਚ ਦੇਰ ਰਾਤ ਕੁੱਝ ਵਿਅਕਤੀਆਂ ਵੱਲੋਂ 1 ਵਿਅਕਤੀ ਨੂੰ ਉਸ ਦੇ ਘਰ ਤੋਂ ਕੱਢ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਇਸ ਮਾਮਲੇ ਵਿੱਚ ਪੁਲਿਸ ਨੇ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਰਾਜੇਸ਼ ਕੁਮਾਰ ਦੀ ਪਤਨੀ ਰੀਨਾ ਅਤੇ ਭਰਾ ਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਰਾਤ ਕਰੀਬ 8.00 ਵਜੇ ਬੀਤੀ ਸ਼ਾਮ ਮ੍ਰਿਤਕ ਨੌਜਵਾਨ ਆਪਣੇ ਘਰ 'ਚ ਇਸ਼ਨਾਨ ਕਰ ਰਿਹਾ ਸੀ ਕਿ ਪਿੰਡ ਦੇ ਹੀ ਦੋ ਵਿਅਕਤੀ ਉਸ ਦੇ ਘਰ ਆਏ ਅਤੇ ਉਨ੍ਹਾਂ ਨੇ ਮ੍ਰਿਤਕ ਨੌਜਵਾਨ ਰਾਜੇਸ਼ ਕੁਮਾਰ 'ਤੇ ਚਾਕੂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਅਤੇ ਫਿਰ ਉਸ ਦੇ ਹੱਥ-ਪੈਰ ਬੰਨ੍ਹ ਦਿੱਤੇ। ਇਸ ਤੋਂ ਬਾਅਦ ਉਸ ਨੂੰ ਘਰ ਤੋਂ ਚੁੱਕ ਕੇ ਪਿੰਡ ਦੇ ਬਾਹਰ ਲੈ ਗਏ। ਜਿਸ ਤੋਂ ਬਾਅਦ 7 ਵਿਅਕਤੀਆਂ ਵੱਲੋਂ ਰਾਜੇਸ਼ ਕੁਮਾਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।
ਇਸ ਮਾਮਲੇ ਸਬੰਧੀ ਥਾਣਾ ਧਨੌਲਾ ਦੇ ਐਸਐਚਓ ਜਗਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਰਾਜੇਸ਼ ਕੁਮਾਰ ਦਾ ਪਿੰਡ ਦੇ ਹੀ 7 ਵਿਅਕਤੀਆਂ ਵੱਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਕਾਰਵਾਈ ਕੀਤੀ ਹੈ। ਪੁਲਿਸ ਵਲੋਂ 7 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।