ਬਠਿੰਡਾ: ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਆਂਗਣਵਾੜੀ ਅਤੇ ਹੈਲਪਰਾਂ ਵੱਲੋਂ ਹੁਣ ਆਪਣਾ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਕਰ ਦਿੱਤਾ ਹੈ। 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਪਣੀਆਂ ਹੱਕੀ ਮੰਗਾਂ ਮੰਨਵਾਉਣ ਲਈ ਦੇਸ਼ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਦਿੱਲੀ ਦੇ ਜੰਤਰ ਮੰਤਰ ਵਿਖੇ 28 ਜੁਲਾਈ ਨੂੰ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਰੋਸ ਪ੍ਰਦਰਸ਼ਨ ਨੂੰ ਲੈ ਕੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਹੁਣੇ ਤੋਂ ਤਿਆਰੀਆਂ ਅਰੰਭ ਕਰ ਦਿੱਤੀਆਂ ਗਈਆਂ ਹਨ ਅਤੇ ਲਗਾਤਾਰ ਬੈਠਕਾਂ ਦਾ ਦੌਰ ਜਾਰੀ ਹੈ। ਉਨ੍ਹਾਂ ਵਲੋਂ ਮਾਣ ਭੱਤੇ ਨੂੰ ਮਹਿੰਗਾਈ ਦੇ ਅਧਾਰ 'ਤੇ ਸੂਚਕ ਅੰਕ ਨਾਲ ਜੋੜਨ ਦੀ ਮੰਗ ਕੀਤੀ ਜਾ ਰਹੀ ਹੈ।
48 ਸਾਲ ਤੋਂ ਬਾਅਦ ਵੀ ਹੱਕ ਨਹੀਂ : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਜਸਵੀਰ ਕੌਰ ਨੇ ਕਿਹਾ ਕਿ ਜਿੰਨਾ ਚਿਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਪਰੀ ਨਰਸਰੀ ਟੀਚਰ ਦਾ ਦਰਜਾ ਨਹੀਂ ਦਿੱਤਾ ਜਾਂਦਾ, ਉਨਾਂ ਚਿਰ ਕੇਂਦਰੀ ਕਾਨੂੰਨ ਮੁਤਾਬਿਕ ਘੱਟੋ ਘੱਟ ਉਜਰਤਾ ਅਨੁਸਾਰ ਆਂਗਣਵਾੜੀ ਵਰਕਰਾਂ ਨੂੰ 28, 258 ਰੁਪਏ ਅਤੇ ਆਂਗਣਵਾੜੀ ਹੈਲਪਰਾਂ ਨੂੰ 25,560 ਰੁਪਏ ਮਾਣ ਭੱਤਾ ਹਰ ਮਹੀਨੇ ਦਿੱਤਾ ਜਾਣਾ ਚਾਹੀਦਾ ਹੈ, ਪਰ ਉਨ੍ਹਾਂ ਦੀ ਇਸ ਜਾਇਜ਼ ਮੰਗ ਨੂੰ ਕੇਂਦਰ ਸਰਕਾਰ ਵੱਲੋਂ ਨਹੀਂ ਮੰਨਿਆ ਜਾ ਰਿਹਾ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰ ਤੇ ਹੈਲਪਰ ਕੇਂਦਰ ਸਰਕਾਰ ਦੀ ਆਈਸੀਡੀਐਸ ਸਕੀਮ ਅਧੀਨ 2 ਅਕਤੂਬਰ 1975 ਤੋਂ ਆਂਗਣਵਾੜੀ ਸੈਂਟਰਾਂ ਵਿੱਚ ਕੰਮ ਕਰ ਰਹੀਆਂ ਹਨ, ਪਰ ਲਗਭਗ 48 ਸਾਲ ਬੀਤ ਜਾਣ ਦੇ ਬਾਵਜੂਦ ਵੀ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਮੁਲਾਜ਼ਮ ਦਾ ਦਰਜਾ ਨਹੀਂ ਦਿੱਤਾ ਗਿਆ।
ਇਹ ਹਨ ਮੁੱਖ ਮੰਗਾਂ: ਆਂਗਣਵਾੜੀ ਵਰਕਰ ਜਸਵੀਰ ਕੌਰ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਅਤੇ ਹੈਲਪਰਾਂ ਨੂੰ ਚੌਥੇ ਦਰਜੇ ਦਾ ਗ੍ਰੇਡ ਦਿੱਤਾ ਜਾਵੇ। ਇਸ ਤੋਂ ਇਲਾਵਾ ਮਿੰਨੀ ਆਂਗਣਵਾੜੀ ਵਰਕਰਾਂ ਨੂੰ ਪੂਰੀ ਵਰਕਰ ਦਾ ਦਰਜਾ ਦੇ ਕੇ ਪੂਰੀ ਤਨਖਾਹ ਦਿੱਤੀ ਜਾਵੇ। ਆਂਗਣਵਾੜੀ ਸੈਂਟਰਾਂ ਵਿੱਚ ਗਰਮੀਂ ਤੇ ਸਰਦੀ ਦੀਆਂ ਛੁੱਟੀਆਂ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਬਰਾਬਰ ਦਿੱਤੀਆਂ ਜਾਣ। ਲਾਭਪਾਤਰੀਆਂ ਨੂੰ ਦਿੱਤਾ ਜਾਣ ਵਾਲਾ ਰਾਸ਼ਨ ਮਹਿੰਗਾਈ ਸੂਚਕ ਅੰਕ ਨਾਲ ਜੋੜ ਕੇ ਸਾਲ ਵਿੱਚ 300 ਦਿਨ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਦਿੱਤਾ ਜਾਵੇ। ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਪੈਨਸ਼ਨ, ਗਰੈਚੁਟੀ ਅਤੇ ਸਿਹਤ ਸਹੂਲਤਾਂ ਦਿੱਤੀਆਂ ਜਾਣ। ਆਂਗਣਵਾੜੀ ਸੈਂਟਰਾਂ ਦੀਆਂ ਇਮਾਰਤਾਂ ਆਧੁਨਿਕ ਸਹੂਲਤਾਂ ਵਾਲੀਆਂ ਬਣਾਈਆਂ ਜਾਣ।
ਲੰਮੇ ਸਮੇਂ ਤੋਂ ਸੰਘਰਸ਼ ਜਾਰੀ: ਆਂਗਣਵਾੜੀ ਵਰਕਰ ਜਸਵੀਰ ਕੌਰ ਨੇ ਦੱਸਿਆ ਕਿ ਦੇਸ਼ ਭਰ ਦੀਆਂ ਕਰੀਬ 28 ਲੱਖ ਅਤੇ ਪੰਜਾਬ ਵਿੱਚ 54 ਹਜ਼ਾਰ ਤੋਂ ਵੱਧ ਆਂਗਣਵਾੜੀ ਵਰਕਰ ਤੇ ਹੈਲਪਰ ਕੰਮ ਕਰ ਰਹੀਆਂ ਹਨ, ਪਰ ਸਮੇਂ ਦੀਆਂ ਸਰਕਾਰਾਂ ਨੇ ਇਨ੍ਹਾਂ ਨਾਲ ਹਮੇਸ਼ਾ ਹੀ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ ਤੇ ਅੱਖੋਂ ਪਰੋਖੇ ਕੀਤਾ ਗਿਆ ਹੈ ਜਿਸ ਕਰਕੇ ਜਥੇਬੰਦੀ ਨੂੰ ਸਰਕਾਰਾਂ ਦੇ ਖਿਲਾਫ ਤਕੜੇ ਸੰਘਰਸ਼ ਕਰਨੇ ਪਏ ਹਨ ਅਤੇ ਥਾਣਿਆਂ, ਜੇਲ੍ਹਾਂ ਵਿੱਚ ਜਾਣਾ ਪਿਆ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਇੰਪਲਾਈਜ ਫੈਡਰੇਸ਼ਨ ਆਫ਼ ਇੰਡੀਆ ਦੇ ਸੱਦੇ ਉੱਤੇ 28 ਜੁਲਾਈ ਨੂੰ ਕੇਂਦਰ ਸਰਕਾਰ ਦੇ ਖਿਲਾਫ ਜੰਤਰ ਮੰਤਰ ਦਿੱਲੀ ਵਿਖੇ ਦੇਸ਼ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਸੂਬਾ ਸਰਕਾਰ ਵੀ ਨਹੀਂ ਦੇ ਰਹੀ ਧਿਆਨ: ਜਸਵੀਰ ਕੌਰ ਨੇ ਕਿਹਾ ਕਿ ਦੇਸ਼ ਦੇ 10 ਕਰੋੜ ਤੋਂ ਵੱਧ ਲਾਭਪਾਤਰੀਆਂ ਨੂੰ ਸੇਵਾ ਦੇਣ ਵਾਲੀਆਂ ਵਰਕਰਾਂ ਤੇ ਹੈਲਪਰਾਂ ਨੂੰ ਕੇਂਦਰ ਸਰਕਾਰ ਵੱਲੋਂ ਸਿਰਫ਼ 4500 ਰੁਪਏ ਅਤੇ 2250 ਰੁਪਏ ਹੀ ਦਿੱਤੇ ਜਾ ਰਹੇ ਹਨ, ਜੋ ਮਹਿੰਗਾਈ ਦੇ ਹਿਸਾਬ ਨਾਲ ਬਹੁਤ ਘੱਟ ਹਨ। ਇੰਨੇ ਥੋੜ੍ਹੇ ਪੈਸਿਆਂ ਵਿੱਚ ਆਂਗਣਵਾੜੀ ਵਰਕਰਾਂ ਨੂੰ ਆਪਣੇ ਘਰ ਦਾ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੋ ਗਿਆ ਹੈ। ਦੂਜੇ ਪਾਸੇ, ਸੂਬਾ ਸਰਕਾਰ ਵੱਲੋਂ ਵੀ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਜਿਸ ਦੇ ਚੱਲਦੇ ਉਨ੍ਹਾਂ ਵੱਲੋਂ ਇਹ ਦੇਸ਼ ਪੱਧਰੀ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ।