ਬਠਿੰਡਾ: ਕੋਰੋਨਾ ਦਾ ਕਹਿਰ ਲਗਾਤਾਰ ਪੰਜਾਬ ਵਿੱਚ ਵਧਦਾ ਹੀ ਜਾ ਰਿਹਾ ਹੈ। ਇਸ ਦਰਮਿਆਨ ਬਠਿੰਡਾ 'ਚ 5 ਹੋਰ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 4 ਪੁਲਿਸ ਮੁਲਾਜ਼ਮਾਂ ਸਣੇ ਏਮਜ਼ ਹਸਪਤਾਲ ਦਾ ਕਰਮਚਾਰੀ ਕੋਰੋਨਾ ਪੌਜ਼ੀਟਿਵ ਪਾਇਆ ਗਿਆ ਹੈ। ਪੁਲਿਸ ਮੁਲਾਜ਼ਮਾਂ ਦੇ ਕੋਰੋਨਾ ਪੌਜ਼ੀਟਿਵ ਆਉਣ ਤੋਂ ਬਾਅਦ 16 ਹੋਰ ਮੁਲਾਜ਼ਮਾਂ ਨੂੰ ਕੁਆਰੰਟੀਨ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਹੁਣ ਬਠਿੰਡਾ 'ਚ ਕੋਰੋਨਾ ਦੇ 69 ਮਾਮਲੇ ਹੋ ਚੁੱਕੇ ਹਨ।
ਇਸ ਮੌਕੇ ਸਿਵਲ ਸਰਜਨ ਅਮਰੀਕ ਸਿੰਘ ਸੰਧੂ ਨੇ ਦੱਸਿਆ ਕਿ ਫ਼ਰੀਦਕੋਟ ਲੈਬੋਰਟਰੀ ਤੋਂ ਕੋਰੋਨਾ ਦੀ ਰਿਪੋਰਟ ਆਉਣ ਤੋਂ ਬਾਅਦ ਜ਼ਿਲ੍ਹੇ ਵਿੱਚ ਕੁੱਲ 5 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ 4 ਪੁਲਿਸ ਮੁਲਾਜ਼ਮ ਤੇ ਇੱਕ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸ (AIIMS) ਦਾ ਕਰਮਚਾਰੀ ਕੋਰੋਨਾ ਪੌਜ਼ੀਟਿਵ ਪਾਇਆ ਗਿਆ ਹੈ। ਸਿਵਲ ਸਰਜਨ ਨੇ ਕਿਹਾ ਕਿ ਬਠਿੰਡਾ 'ਚ ਇਸ ਤੋਂ ਪਹਿਲਾਂ ਕੋਰੋਨਾ ਦੇ 2 ਐਕਟਿਵ ਮਾਮਲੇ ਸੀ ਤੇ ਹੁਣ ਕੋਰੋਨਾ ਦੇ 5 ਮਾਮਲੇ ਨਵੇਂ ਸਾਹਮਣੇ ਆਉਣ 'ਤੇ ਕੁੱਲ ਕੋਰੋਨਾ ਪੌਜ਼ੀਟਿਵ ਦੀ ਗਿਣਤੀ 7 ਹੋ ਗਈ ਹੈ।
ਇਸ ਦੇ ਨਾਲ ਹੀ ਬਠਿੰਡਾ ਦੇ ਡੀਐਸਪੀ ਗੁਰਜੀਤ ਸਿੰਘ ਰੋਮਾਣਾ ਨੇ ਦੱਸਿਆ ਕਿ ਥਾਣਾ ਸਿਟੀ ਵਨ ਵਿੱਚ ਤੈਨਾਤ ਪੁਲਿਸ ਮੁਲਾਜ਼ਮ ਕੋਰੋਨਾ ਪੌਜ਼ੀਟਿਵ ਆਉਣ ਨਾਲ ਬਠਿੰਡਾ ਵਰਧਮਾਨ ਚੌਕੀ ਦੇ ਕੁੱਲ 16 ਪੁਲਿਸ ਮੁਲਾਜ਼ਮਾਂ ਨੂੰ ਕੁਆਰੰਟੀਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਬਠਿੰਡਾ ਵਰਧਮਾਨ ਚੌਕੀ ਨੂੰ ਸੀਲ ਕਰ ਦਿੱਤਾ ਗਿਆ ਹੈ ਤੇ ਪੂਰੀ ਚੌਕੀ ਨੂੰ ਸੈਨੇਟਾਈਜ਼ ਕੀਤਾ ਜਾ ਰਿਹਾ ਹੈ।