ਬਠਿੰਡਾ: ਜ਼ਿਲ੍ਹੇ ਵਿੱਚ ਕੋਰੋਨਾ ਮਰੀਜ਼ ਦੇ ਇੱਕ ਨਵੇਂ ਮਾਮਲੇ ਦੀ ਪੁਸ਼ਟੀ ਹੋਈ ਹੈ। ਇਹ ਕੋਰੋਨਾ ਪੌਜ਼ੀਟਿਵ ਮਰੀਜ਼ ਇੱਕ ਮਹਿਲਾ ਹੈ ਜੋ ਬਠਿੰਡਾ ਦੇ ਰਾਮਾਮੰਡੀ ਦੀ ਰਹਿਣ ਵਾਲੀ ਹੈ ਅਤੇ ਬੀਤੀਂ 25 ਮਈ ਨੂੰ ਦਿੱਲੀ ਤੋਂ ਪਰਤੀ ਸੀ।
ਦਿੱਲੀ ਤੋਂ ਪਰਤੀ ਇਸ ਮਹਿਲਾ ਦੀ ਤਬੀਅਤ ਖ਼ਰਾਬ ਹੋਣ ਤੋਂ ਬਾਅਦ ਜਦੋਂ ਫਲੂ ਕਾਰਨਰ ਵਿੱਚ ਇਸ ਦਾ ਕੋਰੋਨਾ ਚੈੱਕਅਪ ਕੀਤਾ ਗਿਆ ਤਾਂ ਉਸ ਦੀ ਰਿਪੋਰਟ ਪੌਜ਼ੀਟਿਵ ਪਾਈ ਗਈ। ਜਿਸ ਤੋਂ ਬਾਅਦ ਉਸ ਨੂੰ ਜ਼ੇਰੇ ਇਲਾਜ ਦੇ ਲਈ ਬਠਿੰਡਾ ਦੇ ਸਰਕਾਰੀ ਸਿਵਲ ਹਸਪਤਾਲ ਵਿੱਚ ਆਈਸੋਲੇਟ ਕੀਤਾ ਗਿਆ ਹੈ।
ਉੱਕਤ ਮਹਿਲਾ ਦੇ ਪਤੀ ਦਾ ਵੀ ਕੋਰੋਨਾ ਸੈਂਪਲ ਲਿਆ ਗਿਆ ਸੀ, ਜਿਸ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਦੇ ਨਾਲ ਹੀ ਦੁਬਈ ਤੋਂ ਪਰਤੇ ਇੱਕ ਵਿਅਕਤੀ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਆਈ ਸੀ, ਜਿਸ ਤੋਂ ਬਾਅਦ ਉਸ ਦਾ ਮੁੜ ਤੋਂ ਕੋਰੋਨਾ ਸੈਂਪਲ ਲਿਆ ਗਿਆ ਤਾਂ ਉਸ ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ। ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ ਅਤੇ 14 ਦਿਨ ਤੱਕ ਆਪਣੇ ਆਪ ਨੂੰ ਇਕਾਂਤਵਾਸ ਰੱਖਣ ਦੇ ਲਈ ਨਿਰਦੇਸ਼ ਦਿੱਤੇ ਗਏ ਹਨ।
ਬਠਿੰਡਾ ਵਿੱਚ ਬੀਤੇ ਦਿਨ ਕੋਰੋਨਾ ਪੌਜ਼ੀਟਿਵ ਦੇ ਚਾਰ ਮਾਮਲੇ ਸਾਹਮਣੇ ਆਏ ਸਨ ਅਤੇ ਹੁਣ ਕੋਰੋਨਾ ਦੇ ਕੁੱਲ 5 ਮਰੀਜ਼ ਹਨ ਜਿੰਨ੍ਹਾਂ ਨੂੰ ਬਠਿੰਡਾ ਦੇ ਸਰਕਾਰੀ ਸਿਵਲ ਹਸਪਤਾਲ ਵਿੱਚ ਆਈਸੋਲੇਟ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਬਠਿੰਡਾ ਦੇ ਸਰਕਾਰੀ ਸਿਵਲ ਹਸਪਤਾਲ ਦੇ ਮੁੱਖ ਮੈਡੀਕਲ ਅਫ਼ਸਰ ਨੇ ਦੱਸਿਆ ਹੈ ਕਿ ਬੀਤੇ ਦਿਨ ਬਠਿੰਡਾ ਤੋਂ 113 ਕੋਰੋਨਾ ਸੈਂਪਲ ਭੇਜੇ ਗਏ ਸਨ, ਜਿੰਨ੍ਹਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਇਸ ਦੇ ਨਾਲ ਹੀ ਬਠਿੰਡਾ ਦੇ ਡਿਪਟੀ ਕਮਿਸ਼ਨਰ ਬੀ ਸ੍ਰੀ ਨਿਵਾਸਨ ਵੱਲੋਂ ਬਠਿੰਡਾ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਬਠਿੰਡਾ ਵਾਸੀਆਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ ਅਤੇ ਉਹ ਆਪਣੇ ਘਰਾਂ ਵਿੱਚ ਰਹਿਣ ਜ਼ਰੂਰਤ ਪੈਣ ਤੇ ਹੀ ਘਰੋਂ ਬਾਹਰ ਨਿਕਲਣ ਅਤੇ ਭੀੜ ਭਾੜ ਵਾਲੇ ਇਲਾਕਿਆਂ ਵਿੱਚ ਜਾਣ ਤੋਂ ਗੁਰੇਜ਼ ਕਰਨ ਜੇਕਰ ਉਹ ਕਿਸੇ ਵਸਤੂ ਨੂੰ ਛੂੰਹਦੇ ਹਨ ਤਾਂ ਆਪਣੇ ਹੱਥ ਨੂੰ ਸੈਨੇਟਾਈਜ਼ਰ ਕਰਨ ਤਾਂ ਜੋ ਉਹ ਆਪਣੇ ਆਪ ਨੂੰ ਤੇ ਆਪਣੇ ਪਰਿਵਾਰ ਨੂੰ ਸਿਹਤਯਾਬ ਰੱਖ ਸਕਣ।