ਬਠਿੰਡਾ: ਆਮ ਆਦਮੀ ਪਾਰਟੀ (Aam Aadmi Party) ਵੱਲੋਂ ਹਲਕਾ ਇੰਚਾਰਜ ਨਿਯੁਕਤ ਕੀਤੇ ਜਾਣ ਤੋਂ ਬਾਅਦ ਸਿਆਸੀ ਸਮੀਕਰਨ ਬਦਲਦੇ ਨਜ਼ਰ ਆ ਰਹੇ ਹਨ। ਬਠਿੰਡਾ ਤੋਂ ਆਮ ਆਦਮੀ ਪਾਰਟੀ ਵੱਲੋਂ ਸਾਬਕਾ ਕਾਂਗਰਸੀ ਸੀਨੀਅਰ ਆਗੂ ਜਗਰੂਪ ਸਿੰਘ ਗਿੱਲ ਨੂੰ ਹਲਕਾ ਇੰਚਾਰਜ ਬਣਾਇਆ ਗਿਆ ਹੈ। ਹਲਕਾ ਇੰਚਾਰਜ ਬਣਾਏ ਜਾਣ ਤੋਂ ਬਾਅਦ ਬਠਿੰਡਾ ਦੇ ਸਿਆਸੀ ਸਮੀਕਰਨ ਬਦਲਣ ‘ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਪਾਰਟੀ ਨੇ ਜੋ ਜ਼ਿੰਮੇਵਾਰੀ ਬਖ਼ਸ਼ੀ ਹੈ ਉਹ ਆਪਣੀ ਤਨਦੇਹੀ ਨਾਲ ਨਿਭਾਉਣਗੇ।
ਉੱਥੇ ਹੀ ਦੂਜੀਆਂ ਸਿਆਸੀ ਪਾਰਟੀਆਂ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਅਫ਼ਸੋਸ ਹੈ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Singh Badal) ਨੂੰ ਦੋ ਹਜ਼ਾਰ ਸਤਾਰਾਂ ਵਿੱਚ ਵਿਧਾਨ ਸਭਾ ਚੋਣਾਂ ਦੀ ਜਿੱਤ ਪ੍ਰਾਪਤ ਕਰ ਲਈ ਉਨ੍ਹਾਂ ਦਾ ਸਾਥ ਦਿੱਤਾ। ਉਨ੍ਹਾਂ ਕਿਹਾ ਕਿ ਜਿੰਨ੍ਹਾਂ ਵਾਅਦਿਆਂ ਨਾਲ ਮਨਪ੍ਰੀਤ ਸਿੰਘ ਬਾਦਲ ਨੇ ਲੋਕਾਂ ਤੋਂ ਵੋਟਾਂ ਮੰਗੀਆਂ ਸਨ ਉਹ ਵਾਅਦੇ ਪੂਰੇ ਨਹੀਂ ਹੋਏ ਜਿਸ ਕਾਰਨ ਲੋਕ ਹੁਣ ਸਵਾਲ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਇੱਕ-ਦੂਜੇ ਨਾਲ ਰਲੇ ਹੋਏ ਹਨ ਜਿਸ ਦੀ ਉਦਾਹਰਣ ਬਠਿੰਡਾ ਵਿਖੇ ਬਣਾਏ ਗਏ ਮੇਅਰ ਅਤੇ ਡਿਪਟੀ ਮੇਅਰ ਹਨ। ਉਨ੍ਹਾਂ ਕਿਹਾ ਕਿ ਜਲਾਲਾਬਾਦ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵਿੱਚ ਆਪਣੀਆਂ ਸੇਵਾਵਾਂ ਦਿੱਤੀਆਂ ਪਰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਸੀਨੀਅਰ ਕਾਂਗਰਸੀ ਆਗੂਆਂ ਨੂੰ ਦਰਕਿਨਾਰ ਕਰਦਿਆਂ ਇਨ੍ਹਾਂ ਨੂੰ ਮੇਅਰ ਅਤੇ ਡਿਪਟੀ ਮੇਅਰ ਬਣਾਇਆ ਗਿਆ।
ਜਗਰੂਪ ਗਿੱਲ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਤੀਸਰਾ ਬਦਲ ਚਾਹੁੰਦੇ ਹਨ ਅਤੇ ਵਿਧਾਨ ਸਭਾ ਦੋ ਹਜ਼ਾਰ ਬਾਈ ਦੀਆਂ ਚੋਣਾਂ ਦੌਰਾਨ ਪੂਰਨ ਬਹੁਮਤ ਲੈ ਕੇ ਆਮ ਆਦਮੀ ਪਾਰਟੀ ਸੱਤਾ ਵਿੱਚ ਆਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਕੰਮਾਂ ਨੂੰ ਵੇਖਦਿਆਂ ਪੰਜਾਬ ਦੇ ਲੋਕ ਉਨ੍ਹਾਂ ਨੂੰ ਵੋਟ ਦੇਣਗੇ ਜਿਸ ਤਰ੍ਹਾਂ ਦਿੱਲੀ ਵਿੱਚ ਸਰਕਾਰੀ ਸਕੂਲ ਮਾਡਰਨ ਬਣਾਏ ਗਏ ਹਨ ਅਤੇ ਮੁਹੱਲਿਆਂ ਵਿਚ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ ਉਸੇ ਤਰ੍ਹਾਂ ਪੰਜਾਬ ਵਿਚ ਵੀ ਆਮ ਲੋਕਾਂ ਨੂੰ ਇਹ ਸਹੂਲਤਾਂ ਦਿੱਤੀਆਂ ਜਾਣਗੀਆਂ।