ਬਠਿੰਡਾ: ਆਮ ਆਦਮੀ ਪਾਰਟੀ ਵੱਲੋਂ ਬਿਜਲੀ ਦੇ ਬਿੱਲ ਮਾਫ ਕਰਨ ਦੀ ਮੰਗ ਨੂੰ ਲੈ ਕੇ ਸੂਬੇ ਭਰ ਵਿੱਚ ਜ਼ਿਲ੍ਹਿਆਂ ਦੇ ਡੀਸੀਜ਼ ਨੂੰ ਮੰਗ ਪੱਤਰ ਸੌਂਪੇ ਜਾ ਰਹੇ ਹਨ। ਇਸੇ ਤਹਿਤ ਬਠਿੰਡਾ ਦੇ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਵੱਲੋਂ ਵੀ ਏਡੀਸੀ ਬਠਿੰਡਾ ਨੂੰ ਮੰਗ ਪੱਤਰ ਸੌਂਪਿਆ ਗਿਆ।
ਇਸ ਮੌਕੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਪ੍ਰੋਫੈਸਰ ਬਲਜਿੰਦਰ ਕੌਰ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਲੱਗੀ ਤਾਲਾਬੰਦੀ ਦੇ ਕਾਰਨ ਲੋਕਾਂ ਦੇ ਕੰਮਕਾਜ ਬਿਲਕੁਲ ਠੱਪ ਹੋ ਚੁੱਕੇ ਹਨ ਅਤੇ ਆਰਥਿਕ ਪੱਖ ਤੋਂ ਤੰਗ ਪ੍ਰੇਸ਼ਾਨ ਲੋਕਾਂ ਨੂੰ ਬਿਜਲੀ ਦੇ ਬਿੱਲ ਭਰਨ ਦੇ ਲਈ ਮਜਬੂਰ ਕੀਤਾ ਜਾ ਰਿਹਾ ਹੈ। ਬਿਜਲੀ ਬਿੱਲਾਂ ਨੂੰ ਮਾਫ ਕਰਵਾਉਣ ਦੇ ਲਈ ਵੀਰਵਾਰ ਨੂੰ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨੂੰ ਪੰਜਾਬ ਸਰਕਾਰ ਦੇ ਨਾਂਅ ਮੰਗ ਪੱਤਰ ਸੌਂਪੇ ਗਏ ਹਨ, ਜਿਸ ਵਿੱਚ ਲੋਕਾਂ ਦੇ ਬਿਜਲੀ ਦੇ ਬਿੱਲ ਮਾਫ ਕਰਾਉਣ ਦੀ ਮੰਗ ਰੱਖੀ ਗਈ ਹੈ।
ਇਸ ਦੇ ਨਾਲ ਹੀ ਬਲਜਿੰਦਰ ਕੌਰ ਨੇ ਅਕਾਲੀ ਦਲ ਵੱਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਨੂੰ ਲੈ ਕੇ ਨਿਸ਼ਾਨਾ ਸਾਧਿਆ ਹੈ ਅਤੇ ਕਿਹਾ ਕਿ ਜੋ ਕੁਝ ਅੱਜ ਕਾਂਗਰਸ ਸਰਕਾਰ ਕਰ ਰਹੀ ਹੈ, ਇਸ ਤੋਂ ਪਹਿਲਾਂ ਅਕਾਲੀ ਦਲ ਨੇ ਵੀ ਸੱਤਾ ਦੇ ਸਮੇਂ ਵਿੱਚ ਕੀਤਾ ਸੀ, ਭਾਵੇਂ ਉਹ ਸ਼ਰਾਬ ਘੁਟਾਲਾ ਹੋਵੇ ਜਾਂ ਬਿਜਲੀ ਸਮਝੌਤੇ ਹੋਣ। ਬਲਜਿੰਦਰ ਕੌਰ ਨੇ ਕਿਹਾ ਕਿ ਅਕਾਲੀ ਦਲ ਪਾਰਟੀ ਨੂੰ ਸ਼ਰਮ ਆਉਣੀ ਚਾਹੀਦੀ ਹੈ ਕਿ ਉਹ ਆਪਣਾ ਦੌਰ ਭੁੱਲ ਕੇ ਕਾਂਗਰਸ ਪਾਰਟੀ ਦੇ ਉੱਤੇ ਇਲਜ਼ਾਮ ਲਗਾ ਰਹੇ ਹਨ।
ਇਹ ਵੀ ਪੜੋ: ਪੰਜਾਬ ਮੰਤਰੀ ਮੰਡਲ ਦੀ ਬੈਠਕ ਹੋਈ ਮੁਲਤਵੀ
ਇਸ ਦੇ ਨਾਲ ਹੀ ਬਲਜਿੰਦਰ ਕੌਰ ਨੇ ਪੰਜਾਬ ਦੇ ਸ਼ਹੀਦ ਹੋਏ ਜਵਾਨਾਂ ਨੂੰ ਲੈ ਕੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਬੇਹੱਦ ਅਫਸੋਸ ਹੈ ਕਿ ਸਾਡੇ ਦੇਸ਼ ਦੇ ਜਵਾਨ ਸ਼ਹੀਦ ਹੋ ਗਏ ਹਨ, ਜਿਨ੍ਹਾਂ ਦੀ ਬਦੌਲਤ ਅੱਜ ਅਸੀਂ ਚੈਨ ਦੀ ਨੀਂਦ ਸੌਂਦੇ ਹਾਂ। ਇਸ ਦੁੱਖ ਦੀ ਘੜੀ ਵਿੱਚ ਉਹ ਉਨ੍ਹਾਂ ਦੇ ਪਰਿਵਾਰ ਅਤੇ ਸਮੁੱਚੇ ਦੇਸ਼ ਵਾਸੀਆਂ ਦੇ ਨਾਲ ਹਨ। ਇਸ ਦੇ ਨਾਲ ਹੀ ਬਲਜਿੰਦਰ ਕੌਰ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਵੀ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ।