ਬਠਿੰਡਾ: ਸ਼ਹਿਰ ਵਿੱਚ ਆਮ ਆਦਮੀ ਪਾਰਟੀ ਵੱਲੋਂ ਖੇਤੀ ਆਰਡੀਨੈਂਸ ਦੇ ਮੁੱਦੇ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕੀਤੀ ਗਈ ਹੈ। ਬਠਿੰਡਾ ਵਿੱਚ ਆਪ ਵੱਲੋਂ ਕੀਤੀ ਗਈ ਪ੍ਰੈਸ ਕਾਨਫਰੰਸ ਆਮ ਆਦਮੀ ਪਾਰਟੀ ਦੇ ਨੇਤਾ ਹਰਪਾਲ ਚੀਮਾ ਦੀ ਅਗਵਾਈ ਵਿੱਚ ਹੋਈ। ਇਸ ਪ੍ਰੈਸ ਵਾਰਤਾ ਵਿੱਚ ਬਠਿੰਡਾ ਦਿਹਾਤੀ ਤੋਂ ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਵੀ ਸ਼ਮੂਲੀਅਤ ਕੀਤੀ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਵੱਲੋਂ ਜਦੋਂ ਇਹ ਖੇਤੀ ਆਰਡੀਨੈਂਸ ਲਿਆਂਦੇ ਗਏ ਸੀ, ਸਭ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਇਨ੍ਹਾਂ ਦਾ ਵਿਰੋਧ ਕੀਤਾ ਗਿਆ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਖੇਤੀ ਆਰਡੀਨੈਂਸਾਂ ਵਿਰੁੱਧ ਆਪ ਪਾਰਟੀ ਹਰ ਪੱਖੋਂ ਕਿਸਾਨਾਂ ਦੇ ਨਾਲ ਡਟੀ ਹੋਈ ਹੈ ਤਾਂ ਜੋ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਆਰਡੀਨੈਂਸ ਨੂੰ ਰੱਦ ਕਰਵਾਇਆ ਜਾ ਸਕੇ।
ਹਰਪਾਲ ਸਿੰਘ ਚੀਮਾ ਨੇ ਸਿਆਸੀ ਪਾਰਟੀਆਂ 'ਤੇ ਤੰਜ ਕੱਸਦਿਆਂ ਕਿਹਾ ਕਿ ਅੱਜ ਹਰ ਥਾਂ 'ਤੇ ਨਾਅਰੇ ਲੱਗ ਰਹੇ ਹਨ ਕਿ "ਬਾਦਲ, ਕੈਪਟਨ, ਮੋਦੀ, ਤਿੰਨੋਂ ਕਿਸਾਨ ਵਿਰੋਧੀ।" ਉਨ੍ਹਾਂ ਨੇ ਅਕਾਲੀ ਦਲ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਇੱਕ ਡਰਾਮਾ ਕੁਈਨ ਹੈ, ਜੋ ਪਹਿਲਾਂ ਖੇਤੀ ਆਰਡੀਨੈਂਸ ਦੇ ਹੱਕ ਵਿੱਚ ਸੀ ਅਤੇ ਹੁਣ ਖੇਤੀ ਆਰਡੀਨੈਂਸ ਦੇ ਖ਼ਿਲਾਫ਼ ਬੋਲ ਰਹੀ ਹੈ। ਅਕਾਲੀ ਦਲ ਪਾਰਟੀ ਦਾ ਦੋਗਲਾ ਚਿਹਰਾ ਸੂਬਾ ਵਾਸੀਆਂ ਦੇ ਸਾਹਮਣੇ ਨੰਗਾ ਹੋ ਚੁੱਕਿਆ ਹੈ।
ਹਰਪਾਲ ਚੀਮਾ ਨੇ ਕਿਹਾ ਕਿ ਕੇਂਦਰ ਵੱਲੋਂ ਇੱਕ ਪੱਤਰ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਸੂਬਾ ਸਰਕਾਰ ਨੂੰ ਤੁਰੰਤ ਝੋਨੇ ਦੀ ਖ਼ਰੀਦ ਮੰਡੀਆਂ ਵਿੱਚੋਂ ਸ਼ੁਰੂ ਕੀਤੀ ਜਾਵੇ ਜਦਕਿ ਹਾਲੇ ਤੱਕ ਪੰਜਾਬ ਦੀ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਨਹੀਂ ਆਈ ਹੈ। ਇਹ ਸਿਰਫ਼ ਕਿਸਾਨਾਂ ਨੂੰ ਝੋਨੇ ਦੀ ਫਸਲ ਵਿੱਚ ਰੁਝਾ ਕੇ ਮੁੱਦੇ ਤੋਂ ਭਟਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਰਪਾਲ ਚੀਮਾ ਨੇ ਦੱਸਿਆ ਕਿ ਖ਼ੇਤੀ ਆਰਡੀਨੈਂਸ ਖ਼ਿਲਾਫ਼ ਆਮ ਆਦਮੀ ਪਾਰਟੀ ਅੰਦੋਲਨ ਸ਼ੁਰੂ ਕਰੇਗੀ ਅਤੇ ਸੋਮਵਾਰ ਤੋਂ ਪੰਜਾਬ ਦੇ ਭਾਜਪਾ ਸਾਂਸਦਾਂ ਸੰਨੀ ਦਿਓਲ, ਸ਼ਵੇਤ ਮਲਿਕ, ਅਤੇ ਸੋਮਨਾਥ ਦੀਆਂ ਕੋਠੀਆਂ ਦਾ ਘਿਰਾਓ ਕੀਤਾ ਜਾਵੇਗਾ।
ਵਿਧਾਇਕ ਰੁਪਿੰਦਰ ਰੂਬੀ ਨੇ ਕਿਹਾ ਕਿ ਜਦੋਂ ਕੈਬਿਨੇਟ ਵਿੱਚ ਖੇਤੀ ਆਰਡੀਨੈਂਸ ਬਿੱਲ ਪਾਸ ਕੀਤਾ ਜਾ ਰਿਹਾ ਸੀ, ਉਸ ਮੀਟਿੰਗ ਵਿੱਚ ਮਨਪ੍ਰੀਤ ਸਿੰਘ ਬਾਦਲ ਅਤੇ ਦੂਜੀ ਮੀਟਿੰਗ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੌਜੂਦ ਸਨ, ਜਿਸ ਤੋਂ ਇਹ ਸਾਫ਼ ਹੁੰਦਾ ਹੈ ਕਿ ਕਾਂਗਰਸ ਪਾਰਟੀ ਵੀ ਇਨ੍ਹਾਂ ਖੇਤੀ ਆਰਡੀਨੈਂਸਾਂ ਨੂੰ ਪਾਸ ਕਰਵਾਉਣ ਵਿੱਚ ਭਾਗੀਦਾਰ ਹੈ। ਹੁਣ ਖ਼ੁਦ ਨੂੰ ਕਿਸਾਨਾਂ ਦੇ ਹਮਾਇਤੀ ਦੱਸਦੇ ਹਨ।
ਉਨ੍ਹਾਂ ਨੇ ਆਪਣੇ ਅਗਲੇ ਪ੍ਰਦਰਸ਼ਨ ਬਾਰੇ ਦੱਸਿਆ ਕਿ ਸੋਮਵਾਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਕੇਂਦਰ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ ਕਰਨਗੇ। ਇਸ ਦੇ ਲਈ ਵਿਧਾਇਕਾਂ ਦੀਆਂ ਡਿਊਟੀਆਂ ਵੀ ਲਗਾਈਆਂ ਜਾ ਚੁੱਕੀਆਂ ਹਨ।
ਇਹ ਵੀ ਪੜ੍ਹੋ:31 ਕਿਸਾਨ ਜਥੇਬੰਦੀਆਂ 1 ਅਕਤੂਬਰ ਤੋਂ ਸ਼ੁਰੂ ਕਰਨਗੀਆਂ ਅਣਮਿੱਥੇ ਸਮੇਂ ਲਈ 'ਰੇਲ ਰੋਕੋ ਅੰਦੋਲਨ'