ਬਠਿੰਡਾ: ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਆਦੇਸ਼ਾਂ ’ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਵੱਖੋ-ਵੱਖਰੇ ਧਰਨੇ ਲਾ ਕੇ ਪ੍ਰਦਰਸ਼ਨ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਦੇ ਸਾਹਮਣੇ ਪ੍ਰਦਰਸ਼ਨ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਅਗਨੀਪਥ ਯੋਜਨਾ ਲਿਆਂਦੀ ਗਈ ਹੈ ਇਸ ਨਾਲ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਇਹ ਯੋਜਨਾ ਵਾਪਸ ਲਵੇ ਕਿਉਂਕਿ ਜੇਕਰ ਚਾਰ ਸਾਲਾਂ ਦੀ ਇਹ ਯੋਜਨਾ ਲਾਗੂ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਨੌਜਵਾਨਾਂ ਨੂੰ ਸਾਰੀਆਂ ਬਣਦੀਆਂ ਸਹੂਲਤਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਤਿੰਨ ਸੈਨਾਵਾਂ ਦੇ ਮੁਖੀਆਂ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਜੋ ਫ਼ਾਇਦੇ ਗਿਣਾਏ ਗਏ ਹਨ ਉਹ ਵੀ ਉਸੇ ਤਰ੍ਹਾਂ ਹਨ ਜਿਸ ਤਰ੍ਹਾਂ ਖੇਤੀਬਾੜੀ ਬਿਲਾਂ ਦੇ ਕੇਂਦਰ ਸਰਕਾਰ ਵੱਲੋਂ ਫ਼ਾਇਦੇ ਗਿਣਾਏ ਗਏ ਹਨ। ਕਿਸਾਨ ਜਥੇਬੰਦੀ ਨੇ ਕਿਹਾ ਕਿ ਜੇਕਰ ਸਰਕਾਰ ਇਹ ਯੋਜਨਾ ਵਾਪਸ ਨਹੀਂ ਲੈਂਦੀ ਤਾਂ ਤਿੰਨ ਜੁਲਾਈ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਬੈਠਕ ਕਰ ਕੇ ਸਖਤ ਕਦਮ ਚੁੱਕਣ ਦਾ ਫ਼ੈਸਲਾ ਲਿਆ ਜਾ ਸਕਦਾ ਹੈ।
ਚਿਲਡਰਨ ਪਾਰਕ ਵਿਖੇ ਪ੍ਰਦਰਸ਼ਨ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਆਦੇਸ਼ਾਂ ਤੋਂ ਬਾਅਦ ਉਨ੍ਹਾਂ ਵੱਲੋਂ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਇਹ ਯੋਜਨਾ ਵਾਪਸ ਨਾ ਲਈ ਗਈ ਤਾਂ ਆਉਂਦੇ ਦਿਨਾਂ ਵਿੱਚ ਉਹ ਸੰਘਰਸ਼ ਹੋਰ ਤੇਜ਼ ਕਰਨਗੇ ਅਤੇ ਹਰ ਹਾਲਤ ਸਰਕਾਰ ਤੋਂ ਇਹ ਯੋਜਨਾ ਵਾਪਸ ਕਰਵਾ ਕੇ ਰਹਿਣਗੇ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸੰਜਮ ਵਿੱਚ ਰਹਿ ਕੇ ਇਸ ਦਾ ਵਿਰੋਧ ਕਰਨ ਕਿਉਂਕਿ ਜਿਸ ਤਰ੍ਹਾਂ ਉਹ ਸਰਕਾਰੀ ਪ੍ਰਾਪਰਟੀ ਦਾ ਨੁਕਸਾਨ ਕਰ ਰਹੇ ਹਨ ਇਹ ਗਲਤ ਹੈ ਅਤੇ ਉਨ੍ਹਾਂ ਦਾ ਭਵਿੱਖ ਇਸ ਨਾਲ ਖ਼ਰਾਬ ਹੋਵੇਗਾ।
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਆਗੂ ਨੈਬ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਜੋ ਯੋਜਨਾ ਲਿਆਂਦੀ ਗਈ ਹੈ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਯੋਜਨਾ ਵਾਪਸ ਨਹੀਂ ਲੈਂਦੀ ਤਾਂ ਆਉਂਦੇ ਦਿਨਾਂ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਆਦੇਸ਼ਾਂ ਤੋਂ ਬਾਅਦ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ ਜਿਸ ਲਈ ਕੇਂਦਰ ਸਰਕਾਰ ਜ਼ਿੰਮੇਵਾਰ ਹੋਵੇਗੀ।
ਇਹ ਵੀ ਪੜ੍ਹੋ: ਬਜਟ ਸੈਸ਼ਨ ਦੌਰਾਨ ਵਿਰੋਧੀਆਂ ਵੱਲੋਂ ਹੰਗਾਮਾ, ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਬਹਿਸ ਦੀ ਕੀਤੀ ਮੰਗ