ਬਠਿੰਡਾ: ਖੇਤੀ ਕਾਨੂੰਨਾਂ ਨੂੰ ਲੈਕੇ ਕਿਸਾਨਾਂ ਵਲੋਂ ਵੱਡਾ ਸੰਘਰਸ਼ ਕੀਤਾ ਗਿਆ ਹੈ। ਇਸ ਸੰਘਰਸ਼ 'ਚ ਜਿੱਤ ਹਾਸਲ ਕਰਨ ਤੋਂ ਬਾਅਦ ਕਿਸਾਨ ਆਪਣੇ ਘਰਾਂ ਨੂੰ ਪਰਤ ਆਏ ਸੀ। ਇਸ ਵਿਚਾਲੇ ਕਿਸਾਨਾਂ ਦੀਆਂ ਕੁਝ ਮੰਗਾਂ ਜੋ ਹੁਣ ਤੱਕ ਪੂਰੀਆਂ ਨਹੀਂ ਕੀਤੀਆਂ ਗਈਆਂ। ਇਸ ਦੇ ਚੱਲਦਿਆਂ ਅੱਜ ਫਿਰ ਤੋਂ ਕਿਸਾਨਾਂ ਵਲੋਂ ਚੱਕਾ ਜਾਮ ਕੀਤਾ ਗਿਆ ਹੈ।
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਅੱਜ ਰਹਿੰਦੀਆਂ ਮੰਗਾਂ ਮਨਵਾਉਣ ਲਈ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਠਿੰਡਾ ਦੇ ਰੇਲਵੇ ਜੰਕਸ਼ਨ ਉੱਪਰ ਚਾਰ ਘੰਟਿਆਂ ਲਈ ਰੇਲ ਦਾ ਚੱਕਾ ਜਾਮ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੌਰਾਨ ਰਹਿੰਦੀਆਂ ਮੰਗਾਂ ਮੰਨਣ ਦਾ ਐਲਾਨ ਕੀਤਾ ਸੀ ਪਰ ਉਹ ਹੁਣ ਮੰਗਾਂ ਮੰਨਣ ਤੋਂ ਇਨਕਾਰੀ ਹੋ ਗਈ ਹੈ।
ਉਨ੍ਹਾਂ ਕਿਹਾ ਕਿ ਇਸ ਦੇ ਚੱਲਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਪੰਜਾਬ ਭਰ 'ਚ ਉਨ੍ਹਾਂ ਵੱਲੋਂ ਇਹ ਚਾਰ ਘੰਟਿਆਂ ਲਈ ਚੱਕਾ ਜਾਮ ਕੀਤਾ ਗਿਆ ਹੈ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਐਮਐਸਪੀ ਨੂੰ ਲੈ ਕੇ ਬਣਾਈ ਗਈ ਕਮੇਟੀ ਨੂੰ ਗੋਗਲੂਆਂ ਤੋਂ ਮਿੱਟੀ ਝਾੜਨਾ ਦੱਸਦੇ ਹੋਏ ਕਿਹਾ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਰਹਿੰਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਂਦੇ ਦਿਨਾਂ 'ਚ ਫਿਰ ਤੋਂ ਅੰਦੋਲਨ ਸ਼ੁਰੂ ਕਰ ਸਕਦੇ ਹਨ।
ਕਿਸਾਨਾਂ ਦੀਆਂ ਮੰਗਾਂ ਨੇ ਕਿਹਾ ਕੇਂਦਰ ਵਲੋਂ ਐਮਐਸਪੀ ਦੀ ਗਰੰਟੀ ਦਿੱਤੀ ਗਈ ਸੀ ਪਰ ਹੁਣ ਤੱਕ ਲਾਗੂ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰ ਐਮਐਸਪੀ ਨੂੰ ਲਾਗੂ ਕਰੇ। ਇਸ ਤੋਂ ਇਲਾਵਾ ਸੰਘਰਸ਼ 'ਚ ਜਾਨ ਗਵਾਉਣ ਵਾਲੇ ਕਿਸਾਨਾਂ ਨੂੰ ਮੁਆਵਜ਼ਾ ਅਤੇ ਨਾਲ ਹੀ ਪਰਿਵਾਰਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਸੰਘਰਸ਼ ਦੌਰਾਨ ਕਈ ਕਿਸਾਨਾਂ 'ਤੇ ਪਰਚੇ ਵੀ ਦਰਜ ਕੀਤੇ ਗਏ ਸਨ, ਜਦਕਿ ਸਰਕਾਰ ਵਲੋਂ ਵਾਪਸ ਲੈਣ ਦੀ ਗੱਲ ਕਹੀ ਗਈ ਸੀ,ਉਨ੍ਹਾਂ ਨੂੰ ਵਾਪਸ ਲਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਉਹ ਵੱਡਾ ਸੰਘਰਸ਼ ਸ਼ੁਰੂ ਕਰਨਗੇ।
ਇਹ ਵੀ ਪੜ੍ਹੋ:ਕਿਸਾਨਾਂ ਨੇ ਕੀਤਾ ਰੇਲਵੇ ਦਾ ਚੱਕਾ ਜਾਮ