ਬਠਿੰਡਾ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਜ਼ਿਲ੍ਹੇ ਅਧੀਨ ਪੈਂਦੇ 6 ਵਿਧਾਨ ਸਭਾ ਹਲਕਿਆਂ ਲਈ ਦਾਖ਼ਲ ਹੋਈਆਂ ਨਾਮਜ਼ਦਗੀਆਂ ’ਚ 6 ਉਮੀਦਵਾਰਾਂ ਵੱਲੋਂ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਲਈਆਂ ਹਨ।
ਉਨ੍ਹਾਂ ਦੱਸਿਆ ਕਿ ਇਸ ਉਪਰੰਤ ਹੁਣ 69 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ। ਉਨਾਂ ਦੱਸਿਆ ਕਿ ਰਾਮਪੁਰਾ ਫੂਲ ਹਲਕੇ ਤੋਂ 2, ਤਲਵੰਡੀ ਸਾਬੋ ਹਲਕੇ ਤੋਂ 3 ਅਤੇ ਮੌੜ ਹਲਕੇ ਤੋਂ 1 ਉਮੀਦਵਾਰ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਗਏ ਹਨ। ਜਦਕਿ ਭੁੱਚੋ, ਬਠਿੰਡਾ ਸ਼ਹਿਰੀ ਅਤੇ ਬਠਿੰਡਾ ਦਿਹਾਤੀ ਹਲਕੇ ਤੋਂ ਕਿਸੇ ਉਮੀਦਵਾਰ ਵੱਲੋਂ ਕਾਗਜ਼ ਵਾਪਸ ਨਹੀਂ ਲਏ ਗਏ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਹਲਕਾ ਰਾਮਪੁਰਾ ਫ਼ੂਲ ਤੋਂ 15 ਉਮੀਦਵਾਰ, ਇਸੇ ਤਰਾਂ ਵਿਧਾਨ ਸਭਾ ਹਲਕਾ ਭੁੱਚੋਂ ਮੰਡੀ ਤੋਂ 8 ਉਮੀਦਵਾਰ, ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਤੋਂ 13 ਉਮੀਦਵਾਰ ਚੋਣ ਮੈਦਾਨ 'ਚ ਹਨ।
ਇਸੇ ਤਰਾਂ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਤੋਂ 8 ਉਮੀਦਵਾਰ, ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ 15 ਉਮੀਦਵਾਰ, ਵਿਧਾਨ ਸਭਾ ਹਲਕਾ ਮੌੜ ਤੋਂ 10 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਵਿਧਾਨ ਸਭਾ ਦੀਆਂ ਚੋਣਾਂ 20 ਫਰਵਰੀ ਨੂੰ ਹੋਣਗੀਆਂ। ਜਦਕਿ ਵੋਟਾਂ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ।
ਇਹ ਵੀ ਪੜ੍ਹੋ : ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਸੂਬੇ 'ਚ 319.29 ਕਰੋੜ ਦੀਆਂ ਵਸਤਾਂ ਜ਼ਬਤ