ਬਠਿੰਡਾ: ਪਾਕਿਸਤਾਨ ਵਿਖੇ ਨਨਕਾਣਾ ਸਾਹਿਬ ਵਿੱਚ ਬੀਤੇ ਸ਼ੁੱਕਰਵਾਰ ਨੂੰ ਸ਼ਰਾਰਤੀ ਅਨਸਰਾਂ ਵੱਲੋਂ ਪਥਰਾਅ ਕਰਨ ਦੀ ਨਿੰਦਣਯੋਗ ਘਟਨਾ ਦੀ ਜਿੱਥੇ ਸਿਆਸੀ ਪਾਰਟੀਆਂ ਵਲੋਂ ਨਿਖੇਧੀ ਕੀਤੀ ਗਈ, ਉੱਥੇ ਹੀ ਬਠਿੰਡਾ ਵਾਸੀਆਂ ਵੱਲੋਂ ਆਪੋਂ ਆਪਣੀ ਪ੍ਰਤੀਕਿਰਿਆ ਦਿੱਤੀ ਗਈ। ਈਟੀਵੀ ਭਾਰਤ ਨਾਲ ਗੱਲ ਕਰਦਿਆਂ ਵਾਸੀਆਂ ਨੇ ਦੱਸਿਆ ਕਿ ਇਹ ਇੱਕ ਸ਼ਰਾਰਤੀ ਵਰਗ ਦੇ ਅਨਸਰਾਂ ਦਾ ਕੰਮ ਹੈ ਅਤੇ ਇਸ ਘਟਨਾ ਨੂੰ ਕਿਸੇ ਧਰਮ ਜਾਂ ਦੇਸ਼ ਨਾਲ ਨਾ ਜੋੜਿਆ ਜਾਵੇ।
ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਐਡਵੋਕੇਟ ਹਰਪਾਲ ਸਿੰਘ ਖਾਰਾ ਵੱਲੋਂ ਦੱਸਿਆ ਗਿਆ ਕਿ ਇਹ ਘਟਨਾ ਇੱਕ ਪਰਿਵਾਰਕ ਮਸਲੇ ਤੋਂ ਸ਼ੁਰੂ ਹੋਈ ਸੀ ਜਿਸ ਤੋਂ ਬਾਅਦ ਉਨ੍ਹਾਂ ਪਰਿਵਾਰਾਂ ਵੱਲੋਂ ਇਕੱਠੇ ਹੋ ਕੇ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾਇਆ ਗਿਆ। ਜਦਕਿ ਇਸ ਨੂੰ ਕਿਸੇ ਹਰ ਮੁਸਲਮਾਨ ਦੀ ਵਿਚਾਰਧਾਰਾ ਨਾਲ ਨਾ ਜੋੜਿਆ ਜਾਵੇ ਅਤੇ ਅਜਿਹੇ ਸ਼ਰਾਰਤੀ ਅਨਸਰਾਂ ਵਿਰੁੱਧ ਪਾਕਿਸਤਾਨ ਸਰਕਾਰ ਨੂੰ ਚਾਹੀਦਾ ਹੈ ਕਿ ਸਖ਼ਤ ਕਾਰਵਾਈ ਕਰੇ।
ਹਰਪਾਲ ਸਿੰਘ ਖਾਰਾ ਵੱਲੋਂ ਸਿੱਖ ਕੌਮ ਨੂੰ ਅਪੀਲ ਕੀਤੀ ਗਈ ਹੈ ਕਿ ਉਨਾਂ ਨੂੰ ਸਿਆਸਤਦਾਨਾਂ ਦੇ ਮਗਰ ਨਹੀਂ ਜਾਣਾ ਚਾਹੀਦਾ ਅਤੇ ਰੋਸ ਪ੍ਰਦਰਸ਼ਨ ਨਹੀਂ ਕਰਨੇ ਚਾਹੀਦੇ, ਸਗੋਂ ਸ਼ਰਾਰਤੀ ਅਨਸਰਾਂ ਵਿਰੁੱਧ ਕਾਰਵਾਈ ਦੀ ਮੰਗ ਕਰਨੀ ਚਾਹੀਦੀ ਹੈ, ਨਾ ਕਿ ਸਮੁੱਚੇ ਮੁਲਕ ਅਤੇ ਧਰਮ ਅਤੇ ਸਮੁੱਚੇ ਮੁਸਲਮਾਨਾਂ ਨੂੰ ਮਾੜਾ ਕਹਿਣਾ ਚਾਹੀਦਾ ਹੈ।
ਬਠਿੰਡਾ ਵਾਸੀ ਹਰਕੇਸ਼ ਭੁੱਲਰ ਨੇ ਇਸ ਘਟਨਾ ਨੂੰ ਬਹੁਤ ਹੀ ਮੰਦਭਾਗੀ ਘਟਨਾ ਦੱਸਦਿਆਂ ਹੋਇਆ ਕਿਹਾ ਕਿ ਇਹ ਤਾਂ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪਾਕਿਸਤਾਨ ਸਰਕਾਰ 'ਤੇ ਇਨ੍ਹਾਂ ਸ਼ਰਾਰਤੀ ਅਨਸਰਾਂ ਵਿਰੁੱਧ ਕਾਰਵਾਈ ਕਰਵਾਉਣ, ਪਰ ਉਹ ਅਜਿਹਾ ਨਹੀਂ ਕਰਨਗੇ ਕਿਉਂਕਿ ਦੇਸ਼ ਦੀ ਸਰਕਾਰ ਸਿੱਖ ਵਿਰੋਧੀ ਹੀ ਨਜ਼ਰ ਆਉਂਦੀ ਹੈ ਅਤੇ ਇਹ ਵੀ ਇਕ ਸਿਆਸਤ ਦਾ ਹਿੱਸਾ ਹੈ।
ਇਸ ਕੜੀ ਨੂੰ ਅਗਾਹ ਜੋੜਦਿਆਂ ਹੋਇਆ ਬਠਿੰਡਾ ਦੇ ਗੁਰਦੁਆਰਾ ਕਿਲ੍ਹਾ ਮੁਬਾਰਕ ਦੇ ਹੈੱਡ ਗ੍ਰੰਥੀ ਜਗਤਾਰ ਸਿੰਘ ਨੇ ਇਸ ਮੰਦਭਾਗੀ ਘਟਨਾ 'ਤੇ ਆਪਣਾ ਨਜ਼ਰੀਆ ਜ਼ਾਹਰ ਕਰਦਿਆਂ ਹੋਇਆ ਦੱਸਿਆ ਕਿ ਅਜਿਹੇ ਸ਼ਰਾਰਤੀ ਅਨਸਰਾਂ ਵੱਲੋਂ ਹੁੱਲੜਬਾਜ਼ੀ ਕੀਤੇ ਜਾਣ ਨੂੰ ਲੈ ਕੇ ਪਾਕਿਸਤਾਨ ਸਰਕਾਰ ਨੂੰ ਚਾਹੀਦਾ ਹੈ ਕਿ ਸ਼ਰਾਰਤੀ ਅਨਸਰਾਂ 'ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਅਜਿਹੀ ਮੰਦਭਾਗੀ ਘਟਨਾ ਮੁੜ ਤੋਂ ਫਿਰ ਨਾ ਵਾਪਰ ਸਕੇ। ਇਸ ਦੌਰਾਨ ਉਨ੍ਹਾਂ ਨੇ ਸਮੁੱਚੀ ਸਿੱਖ ਕੌਮ ਨੂੰ ਇੱਕ ਸ਼ਾਂਤ ਅਤੇ ਅਮਨ ਪਸੰਦ ਕੌਮ ਦੱਸਿਆ ਜੋ ਕਿ ਸਭ ਧਰਮਾਂ ਦਾ ਸਤਿਕਾਰ ਕਰਦੀ ਹੈ।
ਹਾਲੇ ਨਨਕਾਣਾ ਸਾਹਿਬ ਤੇ ਹੋਏ ਪੱਥਰਬਾਜ਼ੀ ਦਾ ਮਾਮਲਾ ਠੰਡਾ ਨਹੀਂ ਸੀ ਹੋਇਆ ਕਿ ਇੱਕ ਸਿੱਖ ਨੌਜਵਾਨ ਦੀ ਗੋਲੀ ਮਾਰ ਕੇ ਪਾਕਿਸਤਾਨ ਵਿੱਚ ਕਤਲ ਦਾ ਮਾਮਲਾ ਮੁੜ ਤੋਂ ਗਰਮਾ ਗਿਆ ਹੈ ਜਿਸ ਨੂੰ ਲੈ ਕੇ ਬਠਿੰਡਾ ਦੇ ਕਿਲ੍ਹਾ ਮੁਬਾਰਕ ਗੁਰਦੁਆਰਾ ਸਾਹਿਬ ਵਿੱਚ ਹੈੱਡ ਗ੍ਰੰਥੀ ਜਗਤਾਰ ਸਿੰਘ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਹੋਇਆ ਦੱਸਿਆ ਕਿ ਇਹ ਬਹੁਤ ਹੀ ਜ਼ਿਆਦਾ ਮੰਦਭਾਗੀ ਘਟਨਾ ਹੈ ਅਤੇ ਪਾਕਿਸਤਾਨ ਵਿੱਚ ਘੱਟ ਗਿਣਤੀ ਸਿੱਖ ਕੌਮ ਦੇ ਉੱਤੇ ਤਸ਼ੱਦਦ ਢਾਈ ਜਾ ਰਹੀ ਹੈ। ਇਸ ਨੂੰ ਪਾਕਿਸਤਾਨ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਖ਼ਤ ਤੋਂ ਸਖ਼ਤ ਕਾਰਵਾਈ ਕਰਕੇ ਘੱਟ ਗਿਣਤੀ ਸਿੱਖ ਕੌਮ ਨੂੰ ਇਨਸਾਫ਼ ਦਿਵਾਇਆ ਜਾ ਸਕੇ।
ਉੱਥੇ ਹੀ, ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਸੁਰਿੰਦਰ ਸਿੰਘ ਸਾਬਕਾ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਿੱਤੇ ਹੋਏ ਸੰਦੇਸ਼ ਅਤੇ ਬਾਣੀ ਮੁਤਾਬਕ ਸਾਨੂੰ ਸਭ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਜੋ ਸ਼ਰਾਰਤੀ ਅਨਸਰਾਂ ਵੱਲੋਂ ਅਜਿਹੀ ਕਰਤੂਤ ਕੀਤੀ ਗਈ ਹੈ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਜ਼ਿਕਰਯੋਗ ਹੈ ਕਿ ਬੀਤੇ ਸ਼ੁੱਕਰਵਾਰ ਨੂੰ ਭੀੜ ਨੇ ਗੁਰਦੁਆਰਾ ਨਨਕਾਣਾ ਸਾਹਿਬ 'ਤੇ ਪਥਰਾਅ ਕਰ ਦਿੱਤਾ ਸੀ। ਭੀੜ ਦੀ ਅਗਵਾਈ ਮੁਹੰਮਦ ਹਸਨ ਦੇ ਪਰਿਵਾਰ ਵੱਲੋਂ ਕੀਤੀ ਜਾ ਰਹੀ ਸੀ। ਪਾਕਿਸਤਾਨ 'ਚ ਭੀੜ ਵੱਲੋਂ ਗੁਰਦੁਆਰਾ ਨਨਕਾਣਾ ਸਾਹਿਬ ਉੱਤੇ ਹੋਏ ਹਮਲੇ 'ਤੇ ਪਾਕਿਸਤਾਨ ਪੁਲਿਸ ਨੇ ਕਾਰਵਾਈ ਕਰਦਿਆਂ ਇਮਰਾਨ ਚਿਸ਼ਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਦੇ ਮੁੱਖ ਦੋਸ਼ੀ ਇਮਰਾਨ ਚਿਸ਼ਤੀ ਨੇ ਹਮਲੇ ਦੇ ਅਗਲੇ ਹੀ ਦਿਨ, ਸੋਸ਼ਲ ਮੀਡੀਆ 'ਤੇ ਆਪਣੀ ਗ਼ਲਤੀ ਦੀ ਮੁਆਫ਼ੀ ਵੀ ਮੰਗੀ ਸੀ।
ਇਹ ਵੀ ਪੜ੍ਹੋ: ਨਨਕਾਣਾ ਸਾਹਿਬ 'ਤੇ ਹਮਲਾ ਕਰਨ ਵਾਲਾ ਇਮਰਾਨ ਚਿਸ਼ਤੀ ਗ੍ਰਿਫ਼ਤਾਰ