ਬਠਿੰਡਾ: ਕੇਂਦਰ ਸਰਕਾਰ ਵੱਲੋਂ ਫੌਜ ’ਚ ਭਰਤੀ ਨੂੰ ਲੈ ਕੇ ਲਿਆਂਦੀ ਗਈ ਨਵੀਂ ਅਗਨੀਪੱਥ ਯੋਜਨਾ ਦੇ ਖ਼ਿਲਾਫ਼ ਅੰਦੋਲਨ ਨੂੰ ਨਵੀਂ ਰੂਪ ਰੇਖਾ ਦੇਣ ਲਈ ਕਿਸਾਨਾਂ ਵੱਲੋਂ ਹੁਣ ਇਸ ਯੋਜਨਾ ਦੇ ਵਿਰੋਧ ਵਿਚ ਨਵੀਂ ਰੂਪ ਰੇਖਾ ਤਿਆਰ ਕਰ ਕਿਸਾਨ ਅੰਦੋਲਨ ਖੜ੍ਹਾ ਕਰਨ ਦਾ ਐਲਾਨ ਕੀਤਾ ਗਿਆ ਹੈ ਪਰ ਇਸ ਕਿਸਾਨ ਅੰਦੋਲਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਹੀ ਕਿਸਾਨ ਜਥੇਬੰਦੀਆਂ ਵੱਲੋਂ ਵੱਖੋ ਵੱਖਰੇ ਰਾਗ ਅਲਾਪਣੇ ਸ਼ੁਰੂ ਕਰ ਦਿੱਤੇ ਗਏ ਹਨ।
ਜਿੱਥੇ ਇੱਕ ਪਾਸੇ 22 ਕਿਸਾਨ ਜਥੇਬੰਦੀਆਂ ਵੱਲੋਂ ਇਸ ਯੋਜਨਾ ਦੇ ਵਿਰੋਧ ਵਿਚ ਜਲੰਧਰ ਵਿਖੇ 22 ਜੂਨ ਨੂੰ ਬੈਠਕ ਸੱਦ ਵਿਰੋਧ ਦੀ ਰਣਨੀਤੀ ਤਿਆਰ ਕਰਨ ਦੀ ਗੱਲ ਕਹੀ ਜਾ ਰਹੀ ਹੈ ਉਥੇ ਹੀ ਦੂਸਰੇ ਪਾਸੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ 24 ਜੂਨ ਨੂੰ ਸੂਬੇ ਭਰ ਵਿੱਚ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਪ੍ਰਦਰਸ਼ਨ ਕਰ ਮੰਗ ਪੱਤਰ ਸੌਂਪਣ ਦਾ ਐਲਾਨ ਕੀਤਾ ਗਿਆ ਹੈ।
ਇੱਕ ਜਥੇਬੰਦੀ ਵੱਲੋਂ 24 ਜੂਨ ਨੂੰ ਡੀਸੀ ਦਫਤਰਾਂ ਬਾਹਰ ਧਰਨੇ ਦੇਣ ਦਾ ਐਲਾਨ: ਅਗਨੀਪਥ ਯੋਜਨਾ ਦੇ ਵਿਰੋਧ ਵਿੱਚ ਜਿੱਥੇ ਪੰਜਾਬ ਦੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਇਸਦਾ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਹੈ ਉਥੇ ਹੀ ਇਸ ਵਿਰੋਧ ਦੀ ਰੂਪ ਰੇਖਾ ਨੂੰ ਲੈ ਕੇ ਹੁਣ ਕਿਸਾਨ ਜਥੇਬੰਦੀਆਂ ਵੱਲੋਂ ਆਪੋ-ਆਪਣਾ ਰਾਗ ਅਲਾਪਣਾ ਸ਼ੁਰੂ ਕਰ ਦਿੱਤਾ ਗਿਆ ਹੈ।
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਵੱਲੋਂ ਜਿੱਥੇ ਇਸ ਯੋਜਨਾ ਨੂੰ ਲੈ ਕੇ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਗਈ ਅਤੇ ਫੌਜ ਦੇ ਨਿੱਜੀਕਰਨ ਕਰਨ ਦੇ ਨਾਲ ਨਾਲ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਇਹ ਯੋਜਨਾ ਕੇਂਦਰ ਸਰਕਾਰ ਵੱਲੋਂ ਲਿਆਉਣ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਹੈ। ਸੰਯੁਕਤ ਕਿਸਾਨ ਮੋਰਚਾ ਪੰਜਾਬ ਨਾਲੋਂ ਵੱਖਰੇ ਆਪਣੇ ਪ੍ਰੋਗਰਾਮ ਦਾ ਐਲਾਨ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਸੂਬਾ ਭਰ ਵਿੱਚ ਡਿਪਟੀ ਕਮਿਸ਼ਨਰ ਦਫਤਰਾਂ ਅੱਗੇ 24 ਜੂਨ ਨੂੰ ਪ੍ਰਦਰਸ਼ਨ ਕਰ ਮੰਗ ਪੱਤਰ ਸੌਂਪਣ ਦਾ ਐਲਾਨ ਕੀਤਾ ਗਿਆ ਹੈ।
ਦੂਜੀ ਜਥੇਬੰਦੀ ਨੇ 22 ਜੂਨ ਨੂੰ ਸੱਦੀ ਮੀਟਿੰਗ ਚ ਰਣਨੀਤੀ ਘੜਨ ਦਾ ਕੀਤਾ ਐਲਾਨ: 22 ਜਥੇਬੰਦੀਆਂ ਵੱਲੋਂ ਅਗਨੀਪੱਥ ਯੋਜਨਾ ਦੇ ਵਿਰੋਧ ਵਿੱਚ ਕਿਸਾਨ ਅੰਦੋਲਨ ਖੜ੍ਹਾ ਕਰਨ ਤੋਂ ਪਹਿਲਾਂ ਜਲੰਧਰ ਵਿਖੇ 22 ਜੂਨ ਨੂੰ ਐਮਰਜੈਂਸੀ ਮੀਟਿੰਗ ਸੱਦੀ ਗਈ ਹੈ। ਕੁੱਲ ਹਿੰਦ ਮਜ਼ਦੂਰ ਸਭਾ ਦੇ ਸੂਬਾ ਪ੍ਰਧਾਨ ਬਲਕਾਰ ਸਿੰਘ ਬਰਾੜ ਮੈਂਬਰ ਸੰਯੁਕਤ ਕਿਸਾਨ ਮੋਰਚਾ ਦਾ ਕਹਿਣਾ ਹੈ ਕਿ ਆਯੂਸ਼ਮਾਨ ਯੋਜਨਾ ਰਾਹੀਂ ਕੇਂਦਰ ਸਰਕਾਰ ਫੌਜ ਦਾ ਨਿੱਜੀਕਰਨ ਕਰਨ ਲੱਗੀ ਹੋਈ ਹੈ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਵਾਅਦੇ ਤੋਂ ਭੱਜ ਰਹੀ ਹੈ ਤਾਂ ਜੋ ਕਾਰਪੋਰੇਟ ਘਰਾਣਿਆਂ ਦੇ ਅਧੀਨ ਮਾਮੂਲੀ ਤਨਖਾਹਾਂ ਤੇ ਇਨ੍ਹਾਂ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ।
ਬਲਕਰਨ ਸਿੰਘ ਬਰਾੜ ਨੇ ਕਿਹਾ ਕਿ ਅਗਨੀਪਥ ਯੋਜਨਾ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀਆਂ ਬਾਈ ਜਥੇਬੰਦੀਆਂ ਵੱਲੋਂ ਜਲੰਧਰ ਵਿਖੇ ਐਮਰਜੈਂਸੀ ਮੀਟਿੰਗ ਸੱਦੀ ਗਈ ਹੈ ਅਤੇ ਕਿਸਾਨ ਅੰਦੋਲਨ ਦੀ ਨਵੀਂ ਰੂਪ ਰੇਖਾ ਤਿਆਰ ਕਰ ਕੇ ਇਸ ਯੋਜਨਾ ਦਾ ਵਿਰੋਧ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਲੇਬਰ ਦੀ ਘਾਟ ਕਾਰਨ ਅੰਨਦਾਤਾ ਹੋ ਰਿਹਾ ਖੱਜਲ-ਖੁਆਰ, ਸੁਣੋ ਕੀ ਬੋਲੇ ਪਰੇਸ਼ਾਨ ਕਿਸਾਨ ?