ਬਠਿੰਡਾ: ਪੰਜਾਬ ਸਰਕਾਰ ਕਿਸਾਨਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਦੇ ਪੰਜ ਸੌ ਪੰਜਾਬ ਪ੍ਰਕਾਸ਼ ਉਤਸਵ ਨੂੰ ਦੇਖਦਿਆਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕਰ ਰਹੀ ਹੈ ਉਥੇ ਹੀ ਦੂਜੇ ਪਾਸੇ ਅੱਜ ਬਠਿੰਡਾ ਦੇ ਵਿੱਚ ਸਿੱਧੂਪੁਰ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਦੱਸਿਆ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਕਿਸੇ ਵੀ ਕਿਸਾਨ ਦੇ ਉੱਤੇ ਝੋਨੇ ਦੀ ਪਰਾਲੀ ਦੇ ਅੱਗ ਲਾਉਣ ਤੋਂ ਮੁਕੱਦਮਾ ਦਰਜ ਕੀਤਾ ਗਿਆ ਤਾਂ ਉਸੇ ਥਾਣੇ ਦਾ ਕਿਸਾਨਾਂ ਵੱਲੋਂ ਘਿਰਾਓ ਕੀਤਾ ਜਾਵੇਗਾ।
ਇਸ ਮੌਕੇ ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਇਲਾਵਾ ਕੋਈ ਦੂਜਾ ਰਾਹ ਨਾ ਸਾਹਮਣੇ ਆਉਣ ਦੀ ਸੂਰਤ ਵਿੱਚ ਕਿਸਾਨਾਂ ਵੱਲੋਂ ਅੱਜ ਪਰਾਲੀ ਨੂੰ ਅੱਗ ਲਾਉਣ ਦਾ ਕਦਮ ਚੁੱਕਣਾ ਪੈਂਦਾ ਹੈ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਸਾਡੇ ਤੋਂ ਗਊ ਸੈਸ ਵੀ ਲੈਂਦੀ ਹੈ, ਪਰ ਅਵਾਰਾ ਪਸ਼ੂ ਆਏ ਦਿਨ ਕਈ ਸੜਕ ਹਾਦਸਿਆਂ ਦਾ ਕਾਰਨ ਬਣਦੇ ਹਨ। ਉਨ੍ਹਾਂ ਕਿਹਾ ਕਿ ਇਹੀ ਅਵਾਰਾ ਪਸ਼ੂ ਖੇਤਾਂ ਵਿੱਚ ਵੜ੍ਹ ਕੇ ਫ਼ਸਲਾਂ ਦਾ ਵੀ ਨੁਕਸਾਨ ਕਰਦੇ ਹਨ।
ਕੁੱਝ ਦਿਨ ਪਹਿਲਾਂ ਹਾਈ ਕੋਰਟ ਦੇ ਵੱਲੋਂ ਵੀ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਸਬੰਧ ਵਿੱਚ ਕਿਸਾਨਾਂ ਤੇ ਮੁਕੱਦਮਾ ਨਾ ਦਰਜ ਹੋਣ ਦੀ ਸਟੇਟਮੈਂਟ ਸਾਹਮਣੇ ਆਈ ਸੀ ਜਿਸਦਾ ਅੱਜ ਬਲਦੇਵ ਸਿੰਘ ਸੰਦੋਹਾ ਨੇ ਦੱਸਿਆ ਕਿ ਇਹ ਕੋਈ ਲਿਖਤੀ ਰੂਪ ਵਿੱਚ ਨਹੀਂ ਸਾਹਮਣੇ ਆਇਆ ਜਿਸ ਕਰਕੇ ਅਜੇ ਵੀ ਕਿਸਾਨਾਂ ਦੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੇ ਮੁਕੱਦਮੇ ਦਰਜ ਕੀਤੇ ਜਾ ਰਹੇ ਹਨ।