ਬਠਿੰਡਾ: ਕੋਰੋਨਾ ਮਹਾਂਮਾਰੀ ਕਾਰਨ ਦੇਸ਼ ਭਰ ਵਿੱਚ ਤਾਲਾਬੰਦੀ ਕੀਤੀ ਗਈ ਹੈ ਜਿਸ ਕਾਰਨ ਲੋਕਾਂ ਦੇ ਕੰਮਕਾਜ ਠੱਪ ਹਨ ਅਤੇ ਉਨ੍ਹਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਕਈ ਥਾਵਾਂ ਉੱਤੇ ਕਣਕ ਅਤੇ ਰਾਸ਼ਨ ਨਾ ਮਿਲਣ ਕਾਰਨ ਸਰਕਾਰਾਂ ਵਿਰੁੱਧ ਰੋਸ ਪ੍ਰਦਰਸ਼ਨ ਵੇਖਣ ਨੂੰ ਮਿਲ ਰਿਹਾ ਹੈ।
ਅਜਿਹਾ ਹੀ ਇੱਕ ਮਾਮਲਾ ਬਠਿੰਡਾ ਦੇ ਭੁੱਚੋ ਖੁਰਦ ਵਿੱਚ ਸਾਹਮਣੇ ਆਇਆ ਹੈ ਜਿੱਥੇ ਕਈ ਪਰਿਵਾਰਾਂ ਦੇ ਨੀਲੇ ਕਾਰਡ ਕੱਟੇ ਜਾ ਚੁੱਕੇ ਹਨ ਜਿਸ ਕਰਕੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਨਾ ਤਾਂ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਮਿਲਣ ਵਾਲੀ ਕਣਕ ਮਿਲ ਰਹੀ ਹੈ ਅਤੇ ਨਾ ਹੀ ਕੇਂਦਰ ਸਰਕਾਰ ਵੱਲੋਂ ਗਰੀਬ ਕਲਿਆਣ ਯੋਜਨਾ ਦੇ ਤਹਿਤ ਮਿਲਣ ਵਾਲਾ ਰਾਸ਼ਨ ਮੁਹੱਈਆ ਹੋ ਰਿਹਾ ਹੈ।
ਇਸੇ ਕਾਰਨ ਭੁੱਚੋ ਖੁਰਦ ਦੀਆਂ ਮਹਿਲਾਵਾਂ ਵੱਲੋਂ ਇਕੱਠੇ ਹੋ ਕੇ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਕੇ ਨੀਲੇ ਕਾਰਡ ਬਹਾਲ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਕਣਕ ਅਤੇ ਰਾਸ਼ਨ ਮਿਲ ਸਕੇ।
ਇਸੇ ਰੋਸ ਪ੍ਰਦਰਸ਼ਨ ਦੇ ਦੌਰਾਨ ਭੁੱਚੋ ਖੁਰਦ ਦੀ ਮੂਰਤੀ ਦੇਵੀ ਨੇ ਆਪਣਾ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਜਦੋਂ ਵੋਟਾਂ ਆਉਂਦੀਆਂ ਹਨ ਤਾਂ ਉਹ ਇਨ੍ਹਾਂ ਗਰੀਬ ਪਰਿਵਾਰਾਂ ਤੱਕ ਪਹੁੰਚ ਕਰਦੇ ਹਨ ਅਤੇ ਅੱਜ ਤਾਲਾਬੰਦੀ ਵਰਗੀ ਸਥਿਤੀ ਵਿੱਚ ਗ਼ਰੀਬ ਪਰਿਵਾਰਾਂ ਨੂੰ ਰਾਸ਼ਨ ਤੱਕ ਨਹੀਂ ਮਿਲ ਰਿਹਾ ਅਤੇ ਉਨ੍ਹਾਂ ਦੇ ਨੀਲੇ ਕਾਰਡ ਵੀ ਬੰਦ ਕਰ ਦਿੱਤੇ ਹਨ।
ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਹਨੀ ਨੇ ਸੂਬਾ ਸਰਕਾਰ ਦੇ ਉੱਤੇ ਤੰਜ ਕਸਦਿਆਂ ਕਿਹਾ ਕਿ ਇਨ੍ਹਾਂ ਭੁੱਚੋ ਖੁਰਦ ਦੀਆਂ ਮਹਿਲਾਵਾਂ ਦੇ ਕੱਟੇ ਗਏ ਨੀਲੇ ਕਾਰਡ ਨੂੰ ਬਹਾਲ ਕੀਤਾ ਜਾਵੇ ਅਤੇ ਉਨ੍ਹਾਂ ਤੱਕ ਰਾਸ਼ਨ ਅਤੇ ਕਣਕ ਨੂੰ ਮੁਹੱਈਆ ਕਰਵਾਇਆ ਜਾਵੇ।
ਇਸੇ ਦੌਰਾਨ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਹਨੀ ਨੇ ਸੂਬਾ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਇਨ੍ਹਾਂ ਦੇ ਨੀਲੇ ਕਾਰਡ ਬਹਾਲ ਕਰਕੇ ਰਾਸ਼ਨ ਅਤੇ ਕਣਕ ਮੁਹੱਈਆ ਕਰਵਾਈ ਜਾਵੇ ਨਹੀਂ ਤਾਂ ਆਉਣ ਵਾਲੀ 17 ਮਈ ਨੂੰ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।