ਬਠਿੰਡਾ: ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦੀ ਸੁਰੱਖਿਆ ਵਿੱਚ ਤਾਇਨਾਤ ਪੁਲਿਸ ਮੁਲਾਜ਼ਮ ਹਰਜੋਤ ਸਿੰਘ ਦੀ ਲਾਸ਼ ਬਠਿੰਡਾ ਦੀ ਸਰਹਿੰਦ ਨਹਿਰ ਵਿਚੋਂ ਬਰਾਮਦ ਕੀਤੀ ਗਈ ਹੈ। ਇਹ ਮੁਲਾਜ਼ਮ ਪਿੰਡ ਬਾਦਲ ਦਾ ਰਹਿਣ ਵਾਲਾ ਸੀ।
ਜਾਣਕਾਰੀ ਮੁਤਾਬਕ ਹਰਜੋਤ ਸਿੰਘ ਪਰਕਾਸ਼ ਸਿੰਘ ਬਾਦਲ ਦੀ ਕੋਠੀ ਤੋਂ ਬੁਧਵਾਰ ਦੁਪਹਿਰ 2 ਵਜੇ ਦੇ ਕਰੀਬ ਰਵਾਨਾ ਹੋਇਆ ਸੀ। ਹਰਜੋਤ ਸਿੰਘ ਦੀ ਲਾਸ਼ ਨੂੰ ਪੁਲਿਸ ਵੱਲੋਂ ਸਰਕਾਰੀ ਹਸਪਤਾਲ ਬਠਿੰਡਾ ਵਿਖੇ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਗਿਆ ਹੈ।
ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਬਠਿੰਡਾ ਦੇ ਐਸਐਸਪੀ ਡਾ. ਨਾਨਕ ਸਿੰਘ ਨੇ ਦੱਸਿਆ ਕਿ ਵੀਰਵਾਰ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇੱਕ ਲਾਸ਼ ਬਠਿੰਡਾ ਨਹਿਰ ਵਿੱਚ ਬਰਾਮਦ ਹੋਈ ਹੈ, ਜਿਸ ਦੀ ਸ਼ਨਾਖ਼ਤ ਤੋਂ ਬਾਅਦ ਪਤਾ ਲੱਗਿਆ ਕਿ ਮ੍ਰਿਤਕ ਵਿਅਕਤੀ ਪੁਲਿਸ ਮੁਲਾਜ਼ਮ ਹੈ ਜੋ ਕਿ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦੀ ਸੁਰੱਖਿਆ ਲਈ ਤੈਨਾਤ ਸੀ। ਐਸਐਸਪੀ ਨੇ ਦੱਸਿਆ ਕਿ ਮੌਤ ਦਾ ਅਸਲ ਕਾਰਨ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਪਤਾ ਲੱਗ ਸਕੇਗਾ।