ਬਠਿੰਡਾ: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਨੇ ਬਠਿੰਡਾ ਦੇ ਰੋਜ਼ ਗਾਰਡਨ ਤੋਂ ਚੱਲ ਕੇ ਸ਼ਹਿਰ 'ਚ ਕਾਲੀਆਂ ਝੰਡੀਆਂ ਨਾਲ ਕਾਲੇ ਚੋਲੇ ਪਾ ਕੇ ਰੋਸ ਪ੍ਰਦਰਸ਼ਨ ਕੀਤਾ। ਠੇਕਾ ਮੁਲਾਜ਼ਮ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਨਵੇਂ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰ ਨਾਅਰੇਬਾਜ਼ੀ ਕੀਤੀ।
ਇਸ ਧਰਨੇ ਦੌਰਾਨ ਮੋਰਚੇ ਦੇ ਆਗੂਆਂ ਨੇ ਕਿਹਾ ਕਿ 1 ਪਾਸੇ ਪੰਜਾਬ ਸਰਕਾਰ ਇਕ ਲੱਖ ਨੌਕਰੀਆਂ ਦੇਣ ਦੀਆਂ ਗੱਲਾਂ ਕਰ ਰਹੀ ਹੈ, ਉਥੇ ਹੀ ਦੂਜੇ ਪਾਸੇ ਸਮੂਹ ਵਿਭਾਗਾਂ ਦੇ ਨਿੱਜੀਕਰਨ ਅਤੇ ਪੁਨਰਗਠਨ ਦੀ ਨੀਤੀ ਤਹਿਤ ਸਮੂਹ ਵਿਭਾਗਾਂ ਵਿਚੋਂ ਅਸਾਮੀਆਂ ਦਾ ਵੱਡੀ ਪੱਧਰ 'ਤੇ ਖ਼ਾਤਮਾ ਕੀਤਾ ਜਾ ਰਿਹਾ ਹੈ।
ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਸਾਰੇ ਅਦਾਰਿਆਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕਰਕੇ ਕਾਂਗਰਸ ਸਰਕਾਰ ਸੱਤਾ ਵਿੱਚ ਆਈ ਸੀ। ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੇ ਲੰਘੇ 4 ਸਾਲਾਂ ਵਿੱਚ ਕਿਸੇ ਵੀ ਅਦਾਰੇ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੱਕਾ ਕਿ ਕਰਨਾ ਸਗੋਂ ਸਰਕਾਰ ਸਾਰੇ ਅਦਾਰਿਆਂ ਵਿਚੋਂ ਠੇਕਾ ਮੁਲਾਜ਼ਮਾਂ ਦੀਆਂ ਛਾਂਟੀਆਂ ਕਰਨ ਵਾਲੇ ਪਾਸੇ ਤੁਰੀ ਹੋਈ ਹੈ।
ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਵੈਲਫ਼ੇਅਰ ਐਕਟ 2016 ਨੂੰ ਲਾਗੂ ਕਰਨ ਤੋਂ ਟਾਲਾ ਵੱਟਣ ਦੇ ਨਾਲ-ਨਾਲ ਐਕਟ ਨੂੰ ਤੋੜਕੇ ਐਕਟ ਵਿੱਚ ਸ਼ਾਮਲ ਕੈਟਾਗਿਰੀਆਂ, ਆਊਟਸੋਰਸਿੰਗ, ਠੇਕਾ ਪ੍ਰਣਾਲੀ ਤੇ ਇਨਲਿਸਟਮੈਂਟ ਆਦਿ ਨੂੰ ਐਕਟ ਵਿਚੋਂ ਬਾਹਰ ਕਰਕੇ ਨਵਾਂ “ਵੈੱਲਫੇਅਰ ਐਕਟ 2020'' ਲਿਆਉਣ ਵਾਲੇ ਪਾਸੇ ਤੁਰੀ ਹੋਈ ਹੈ। ਉਨ੍ਹਾਂ ਕਿਹਾ ਕਿ ਵਿਭਾਗਾਂ ਵਿੱਚ ਆਊਟ ਸੋਰਸਿੰਗ ਅਤੇ ਠੇਕਾ ਪ੍ਰਣਾਲੀ ਤਹਿਤ ਵੱਡੀ ਗਿਣਤੀ ਵਿੱਚ ਠੇਕਾ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਕੰਮ ਕਰਦੇ ਆ ਰਹੇ ਹਨ ਅਤੇ ਉਨ੍ਹਾਂ ਨੂੰ ਆਪਣੇ-ਆਪਣੇ ਵਿਭਾਗਾਂ ਵਿੱਚ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ। ਪੰਜਾਬ ਸਰਕਾਰ ਨੇ ਠੇਕਾ ਮੁਲਾਜ਼ਮਾਂ ਪ੍ਰਤੀ ਬੇਰੁਖ਼ੀ ਵਾਲਾ ਵਤੀਰਾ ਅਪਣਾਇਆ ਜਾ ਰਿਹਾ ਹੈ।