ਬਠਿੰਡਾ: ਪਿੰਡ ਰੁਲਦੂ ਸਿੰਘ ਵਾਲਾ ਵਿਖੇ ਇੱਕ ਨੌਜਵਾਨ ਦੀ ਲਾਸ਼ ਪਿੰਡ ਦੇ ਤਲਾਬ ਚੋਂ ਬਰਾਮਦ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਸ਼ਨਾਖਤ 23 ਸਾਲਾਂ ਅਮਨਦੀਪ ਸਿੰਘ ਵਜੋਂ ਹੋਈ ਹੈ। ਇਸ ਤੋਂ ਬਾਅਦ ਥਾਣਾ ਸੰਗਤ ਪੁਲਿਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।
ਮ੍ਰਿਤਕ ਅਮਨਦੀਪ ਸਿੰਘ ਦੇ ਪਿਤਾ ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ 18 ਜਨਵਰੀ ਨੂੰ ਪਿੰਡ ਦੇ ਇੱਕ ਵਿਅਕਤੀ ਨਾਲ ਦਿਹਾੜੀ ਉੱਤੇ ਗਿਆ ਸੀ ਜਿਸ ਤੋਂ ਬਾਅਦ ਉਹ ਘਰ ਨਹੀਂ ਪਰਤਿਆ। ਉਨ੍ਹਾਂ ਨੇ ਦੱਸਿਆ ਕਿ ਇਸ ਸੰਬੰਧੀ ਉਨ੍ਹਾਂ ਨੇ ਪੁਲਿਸ ਥਾਣੇ ਵਿੱਚ ਸ਼ਿਕਾਇਤ ਵੀ ਦਰਜ ਕਰਵਾਈ, ਪਰ ਪੁਲਿਸ ਉਸ ਨੂੰ ਖੱਜਲ ਖੁਆਰ ਕਰਦੀ ਰਹੀ ਤੇ ਪੁਲਿਸ ਨੇ ਉਸ ਨੂੰ ਕਿਸੇ ਰਾਹ ਨਹੀਂ ਪਾਇਆ।
ਸੁਖਦੇਵ ਸਿੰਘ ਨੇ ਦੱਸਿਆ ਕਿ ਬੀਤੇ ਐਤਵਾਰ ਨੂੰ ਸਵੇਰੇ 8 ਵਜੇ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਨ੍ਹਾਂ ਦੀ ਬੇਟੇ ਦੀ ਲਾਸ਼ ਪਿੰਡ ਦੇ ਤਲਾਬ ਵਿੱਚ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਹਾਦਸੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਅਤੇ ਥਾਣਾ ਸੰਗਤ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ।
ਇਹ ਵੀ ਪੜ੍ਹੋ: ਦਿੱਲੀ ਵਿਧਾਨ ਸਭਾ ਚੋਣਾਂ 2020: 'ਆਪ' ਦੀ ਵਾਪਸੀ ਦੀ ਟਿਕਟ ਪੱਕੀ ਜਾਪਦੀ ਹੈ
ਹਾਦਸੇ ਸੰਬੰਧੀ ਥਾਣਾ ਸੰਗਤ ਦੇ ਇੰਚਾਰਜ ਦਾ ਕਹਿਣਾ ਹੈ ਕਿ ਪੁਲਿਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ ਅਤੇ ਮ੍ਰਿਤਕ ਦਾ ਪੋਸਟਮਾਰਟਮ ਬਠਿੰਡਾ ਦੇ ਸਿਵਲ ਹਸਪਤਾਲ ਵਿਚੋਂ ਕਰਵਾਇਆ ਜਾ ਰਿਹਾ ਹੈ। ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ। ਉਨ੍ਹਾਂ ਨੇ ਦੱਸਿਆ ਕਿ ਪੁਲਿਸ ਹਰ ਪਹਿਲੂ ਦੇ ਨਾਲ ਇਸ ਮਾਮਲੇ ਉੱਤੇ ਕੰਮ ਕਰ ਰਹੀ ਹੈ ਅਤੇ ਉਮੀਦ ਹੈ ਕਿ ਜਲਦ ਹੀ ਮੁਲਜ਼ਮਾਂ ਦੀ ਪਛਾਣ ਹੋ ਜਾਵੇਗੀ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਬਠਿੰਡਾ ਸਿਵਲ ਹਸਪਤਾਲ ਦੇ ਐਮਰਜੈਂਸੀ ਮੈਡੀਕਲ ਅਫ਼ਸਰ ਡਾ. ਗੁਰਜੀਵਨ ਸਿੰਘ ਨੇ ਦੱਸਿਆ ਕਿ ਮੈਡੀਕਲ ਬੋਰਡ ਨੇ ਮ੍ਰਿਤਕ ਅਮਨਦੀਪ ਦੀ ਲਾਸ਼ ਦਾ ਪੋਸਟਮਾਰਟਮ ਕੀਤਾ ਹੈ ਅਤੇ ਜਾਂਚ ਲਈ ਲੈਬ ਭੇਜ ਦਿੱਤਾ ਗਿਆ ਹੈ। ਰਿਪੋਰਟ ਆਉਣ ਤੋਂ ਬਾਅਦ ਹੀ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।