ਬਠਿੰਡਾ: ਪਿਛਲੇ ਲੰਮੇ ਸਮੇਂ ਤੋਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਠੇਕਾ ਮੁਲਾਜ਼ਮਾਂ ਵੱਲੋਂ ਬਠਿੰਡਾ ਸ਼ਹਿਰ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ ਇਹ ਰੋਸ ਪ੍ਰਦਰਸ਼ਨ ਰੋਜ਼ ਗਾਰਡਨ ਤੋਂ ਸ਼ੁਰੂ ਹੋ ਕੇ ਬਠਿੰਡਾ ਸ਼ਹਿਰੀ ਤੋਂ ਵਿਧਾਇਕ ਜਗਰੂਪ ਸਿੰਘ ਗਿੱਲ ਦੀ ਕੋਠੀ ਜਾ ਕੇ ਸਮਾਪਤ ਹੋਇਆ। ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਦੇ ਆਗੂ ਸੰਦੀਪ ਖਾਨ ਨੇ ਕਿਹਾ ਕਿ ਉਹ ਲਗਾਤਾਰ ਰੈਗੂਲਰ ਹੋਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ।
ਸਰਕਾਰਾਂ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਕੀਤਾ ਜਾ ਰਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਇਨ੍ਹਾਂ ਵੱਲੋਂ ਠੇਕਾ ਮੁਲਾਜ਼ਮਾਂ ਨੂੰ ਪੱਕਿਆਂ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਹਾਲੇ ਤੱਕ ਇਨ੍ਹਾਂ ਵੱਲੋਂ ਠੇਕਾ ਮੁਲਾਜ਼ਮਾਂ ਸਬੰਧੀ ਕੋਈ ਫੈਸਲਾ ਨਹੀਂ ਲਿਆ ਗਿਆ ਜਿਸ ਕਾਰਨ ਮਜਬੂਰਨ ਉਨ੍ਹਾਂ ਨੂੰ ਹੁਣ ਸੰਘਰਸ਼ ਕਰਨਾ ਪਿਆ।
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ 'ਚ ਹਜ਼ਾਰਾਂ ਦੀ ਗਿਣਤੀ ਵਿੱਚ ਅਸਾਮੀਆਂ ਖਾਲੀ ਪਈਆਂ ਹਨ ਪਰ ਸਰਕਾਰ ਵੱਲੋਂ ਇਨ੍ਹਾਂ ਨੂੰ ਭਰਨ ਲਈ ਠੇਕਾ ਮੁਲਾਜ਼ਮਾਂ ਨਾਲ ਕਿਸੇ ਤਰ੍ਹਾਂ ਦੀ ਕੋਈ ਗੱਲਬਾਤ ਨਹੀਂ ਕੀਤੀ ਜਾ ਰਹੀ।
ਬਿਜਲੀ ਬੋਰਡ ਦੇ ਕੱਚੇ ਕਾਮਿਆਂ ਦੀ ਅਗਵਾਈ ਕਰ ਰਹੇ ਗੁਰਵਿੰਦਰ ਸਿੰਘ ਪੰਨੂੰ ਨੇ ਕਿਹਾ ਕਿ ਸਰਕਾਰ ਵੱਲੋਂ ਸੱਤਾ 'ਚ ਆਉਣ ਤੋਂ ਪਹਿਲਾਂ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਵਾਅਦਾ ਕੀਤਾ ਸੀ ਪਰ ਹਾਲੇ ਤੱਕ ਸਰਕਾਰ ਵੱਲੋਂ ਕੋਈ ਫ਼ੈਸਲਾ ਨਹੀਂ ਲਿਆ ਗਿਆ ਜਿਸ ਕਾਰਨ ਮਜਬੂਰਨ ਅੱਜ ਉਹ ਸ਼ਹਿਰ 'ਚ ਰੋਸ ਪ੍ਰਦਰਸ਼ਨ ਕਰ ਰਹੇ ਹਨ।
ਬਠਿੰਡਾ ਸ਼ਹਿਰੀ ਤੋਂ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਇਹ ਠੇਕਾ ਮੁਲਾਜ਼ਮ ਉਨ੍ਹਾਂ ਦੇ ਹੀ ਬੱਚੇ ਹਨ ਇਨ੍ਹਾਂ ਦੀਆਂ ਮੰਗਾਂ ਨੂੰ ਮਨਵਾਉਣ ਲਈ ਉਹ ਸਰਕਾਰ ਨਾਲ ਗੱਲਬਾਤ ਕਰਨਗੇ ਅਤੇ ਇਸ ਸਬੰਧੀ ਪਹਿਲਾਂ ਵੀ ਹੋ ਸਰਕਾਰ ਨੂੰ ਲਿਖ ਕੇ ਭੇਜ ਚੁੱਕੇ ਹਨ।
ਇਹ ਵੀ ਪੜ੍ਹੋ:- ਵੇਖੋ, ਹੇਮਕੁੰਟ ਸਾਹਿਬ ਤੋਂ ਇਹ ਤਸਵੀਰਾਂ, ਬਰਫ਼ ਹਟਾਉਣ ਵਿੱਚ ਜੁੱਟੀ ਫੌਜ