ਬਠਿੰਡਾ: ਬਠਿੰਡਾ ਸਿਹਤ ਵਿਭਾਗ ਵਲੋਂ ਜਿਲ੍ਹਾ ਪੱਧਰੀ ਵਿਸ਼ਵ ਸੁਣਨ ਸ਼ਕਤੀ ਦਿਵਸ ਮਨਾਇਆ ਗਿਆ। ਸਿਵਲ ਹਸਪਤਾਲ ਬਠਿੰਡਾ ਵਿਖੇ "ਕੰਨ ਅਤੇ ਸੁਣਨ ਸ਼ਕਤੀ ਦੀ ਦੇਖਭਾਲ ਸਾਰਿਆਂ ਲਈ ਜ਼ਰੂਰੀ, ਆਓ ਇਸ ਨੂੰ ਯਕੀਨੀ ਬਨਾਈਏ” ਮਨਾਇਆ ਗਿਆ ਹੈ। ਵੱਖ-ਵੱਖ ਸਿਹਤ ਸੰਸਥਾਵਾਂ ਵਿਖੇ ਕੰਨਾਂ ਦੀਆਂ ਬਿਮਾਰੀਆਂ ਸਬੰਧੀ ਮੁਫ਼ਤ ਚੈਕਅੱਪ ਕੈਂਪ ਲਗਾਏ ਗਏ। ਸਿਵਲ ਹਸਪਤਾਲ ਬਠਿੰਡਾ ਵਿਖੇ ਜਾਗਰੂਕਤਾ ਸਮਾਗਮ ਕੀਤਾ ਗਿਆ। ਜੀ.ਐਨ.ਐਮ. ਟ੍ਰੇਨਿੰਗ ਸਕੂਲ ਦੇ ਬੱਚਿਆਂ ਦੇ ਸਹਿਯੋਗ ਨਾਲ ਜਾਗਰੂਕਤਾ ਰੈਲੀ ਕੀਤੀ ਅਤੇ ਕੰਨਾਂ ਦੀਆਂ ਬਿਮਾਰੀਆਂ ਤੋਂ ਬਚਣ ਸਬੰਧੀ ਜਾਗਰੂਕਤਾ ਸਮੱਗਰੀ ਵੀ ਰਿਲੀਜ ਕੀਤੀ ਗਈ।
ਲੋਕਾਂ ਨੂੰ ਕੰਨਾਂ ਦੀਆਂ ਬਿਮਾਰੀਆਂ ਪ੍ਰਤੀ ਕੀਤਾ ਜਾਗਰੂਕ: ਇਸ ਸਮੇਂ ਡਾ. ਤੇਜਵੰਤ ਸਿੰਘ ਢਿਲੋਂ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਹੋਰ ਵਿਭਾਗ ਦੇ ਸਹਿਯੋਗ ਨਾਲ ਵੱਖ-ਵੱਖ ਸਿਹਤ ਵਿਸ਼ਿਆਂ ਤੇ ਆਮ ਜਨਤਾ ਨੂੰ ਜਾਗਰੂਕ ਕੀਤਾ ਜਾਂਦਾ ਹੈ। ਇਸ ਤਰ੍ਹਾਂ 3 ਮਾਰਚ ਨੂੰ ਵਿਸ਼ਵ ਭਰ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਆਮ ਲੋਕਾਂ ਨੂੰ ਕੰਨਾਂ ਦੀ ਬਿਮਾਰੀਆਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਦਿਨ ਦਾ ਮਕਸਦ ਆਮ ਲੋਕਾਂ ਨੂੰ ਕੰਨਾਂ ਦੀ ਬਿਮਾਰੀਆਂ ਪ੍ਰਤੀ ਜਾਗਰੂਕ ਕਰਨਾ ਹੈ ਤਾਂ ਜੋ ਬਿਮਾਰੀ ਹੋਣ ਤੋਂ ਪਹਿਲਾਂ ਹੀ ਬਚਾਇਆ ਜਾ ਸਕੇ।
ਇਸ ਮੌਕੇ ਡਾਕਟਰਾਂ ਨੇ ਕਿਹਾ ਕਿ ਸਾਨੂੰ ਬਾਕੀ ਸਰੀਰ ਦੇ ਬਾਕੀ ਅੰਗਾਂ ਨੂੰ ਸਿਹਤਮੰਦ ਰੱਖਣ ਤੋਂ ਇਲਾਵਾ ਕੰਨਾਂ ਦੀ ਦੇਖਭਾਲ ਵੀ ਕਰਨੀ ਚਾਹੀਦੀ ਹੈ। ਕੰਨਾਂ ਨਾਲ ਸਬੰਧਿਤ ਕਿਸੇ ਵੀ ਸਮੱਸਿਆਂ ਨੂੰ ਹਲਕੇ ਨਾਲ ਨਹੀਂ ਲੈਣਾ ਚਾਹੀਦਾ। ਜੇਕਰ ਕਨ ਝਲਦੇ ਹੋਣ। ਸੁਣਾਈ ਘੱਟ ਹੋ ਰਿਹਾ ਹੋਵੇ, ਜਮਾਂਦਰੂ ਬੋਲਾਪਣ ਅਤੇ ਚੱਕਰ ਆਉਣ ਵਰਗੇ ਲੱਛਣਾਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਗਰਭ ਅਵਸਥਾ ਦੌਰਾਨ ਡਾਕਟਰ ਦੀ ਸਲਾਹ ਤੋਂ ਬਿਨਾਂ ਲਈ ਗਈ ਦਵਾਈ ਨਵਜੰਮੇ ਬੱਚੇ ਵਿਚ ਸੁਨਣ ਦੀਆਂ ਕਮੀਆਂ ਦਾ ਕਾਰਨ ਬਣ ਸਕਦੀ ਹੈ। ਗਰਭ ਦੌਰਾਨ ਕੋਈ ਵੀ ਦਵਾਈ ਲੈਣ ਤੋਂ ਪਹਿਲਾਂ ਡਾਕਟਰ ਦੀ ਸਲਾਹ ਲਓ। ਬੱਚਿਆਂ ਨੂੰ ਸੂਚੀ ਅਨੁਸਾਰ ਪੂਰਾ ਟੀਕਾਕਰਣ ਕਰਵਾਓ।
ਗਲਸੂਆਂ ਜਾਂ ਕਨਫੋੜਾ ਅਤੇ ਖਸਰਾਂ ਵਰਗੀਆਂ ਬਿਮਾਰੀਆਂ ਬੋਲਾਪਣ ਦਾ ਕਾਰਨ ਬਣ ਸਕਦੀਆਂ ਹਨ। ਸੜਕ ਕਿਨਾਰੇ ਬੈਠੇ ਵਿਅਕਤੀਆਂ ਤੋਂ ਕੰਨ ਸਾਫ ਕਰਵਾਉਣ ਤੋਂ ਪ੍ਰੇਜ਼ ਕਰੋ। ਜੇਕਰ ਸਕੂਲ ਵਿੱਚ ਪੜ੍ਹ ਰਿਹਾ ਬੰਦਾ ਥੋੜ੍ਹੀ ਦੂਰੀ ਤੋਂ ਅਧਿਆਪਕ ਦੀ ਆਵਾਜ਼ ਵੱਲ ਧਿਆਨ ਨਹੀਂ ਦੇ ਰਿਹਾ ਤਾਂ ਡਾਕਟਰ ਨਾਲ ਸੰਪਰਕ ਕਰੋ। ਘੱਟ ਸੁਨਣ ਸ਼ਕਤੀ ਵਾਲੇ ਬੱਚਿਆਂ ਨੂੰ ਦੂਜੇ ਬੱਚਿਆ ਨਾਲ ਚਲਾਉਣ ਲਈ ਉਤਸ਼ਾਹਿਤ ਕਰੋ। ਇਹ ਮਨੋਵਿਗਿਆਨਕ ਅਤੇ ਸੰਚਾਰ ਦੇ ਹੁਨਰ ਨੂੰ ਵਿਕਸਤ ਕਰਨ ਵਿੱਚ ਸਹਾਇਤਾ ਕਰੇਗਾ। ਕੰਨਾਂ ਵਿੱਚ ਗੰਦਾ ਪਾਣੀ ਜਾਣ ਤੋਂ ਰੋਕਣ ਅਤੇ ਆਪਣੇ ਕੰਨਾਂ ਵਿੱਚ ਤੇਲ ਜਾਂ ਕੋਈ ਹੋਰ ਤਿੱਖੀਆਂ ਚੀਜਾਂ ਨਹੀਂ ਪਾਉਣੀਆਂ ਚਾਹੀਦੀਆਂ।