ਬਠਿੰਡਾ: ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਲਾਗੂ ਕੀਤੇ 6ਵੇਂ ਪੇਅ ਕਮਿਸ਼ਨ ਦੇ ਖ਼ਿਲਾਫ਼ ਲਗਾਤਾਰ ਰੋਸ ਵਧਦਾ ਜਾ ਰਿਹਾ ਹੈ। ਅੱਜ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਡਾਕਟਰਾਂ ਵੱਲੋਂ ਓ.ਪੀ.ਡੀ. ਸੇਵਾਵਾਂ ਬੰਦ ਕਰ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਡਾਕਟਰਾਂ ਨੇ ਕਿਹਾ, ਕਿ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੇ ਗਏ 6ਵੇਂ ਪੇਅ ਕਮਿਸ਼ਨ ਨਾਲ ਜਿੱਥੇ ਤਨਖਾਹਾਂ ਵਿੱਚ ਵਾਧਾ ਹੋਣਾ ਚਾਹੀਦਾ ਸੀ, ਉਥੇ ਹੀ ਇਨ੍ਹਾਂ ਵੱਲੋਂ ਤਿਆਰ ਕੀਤੇ ਗਏ, ਪੇਅ ਕਮਿਸ਼ਨ ਦੀ ਰਿਪੋਰਟ ਕਾਰਨ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਭਾਰੀ ਕਟੌਤੀ ਕੀਤੀ ਜਾ ਰਹੀ ਹੈ।
ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਵੱਲੋਂ ਪੰਜਾਬ ਸਰਕਾਰ ਨੂੰ ਚਿੰਤਾਵਨੀ ਦਿੱਤੀ ਗਈ ਹੈ। ਕਿ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ, ਤਾਂ ਆਉਣ ਵਾਲੇ ਸਮੇਂ ਵਿੱਚ ਡਾਕਟਰਾਂ ਵੱਲੋਂ ਵੱਡੇ ਪੱਧਰ ‘ਤੇ ਹੜਤਾਲ ਕੀਤੀ ਜਾਵੇਗੀ।
ਇਸ ਮੌਕੇ ਡਾਕਟਰਾਂ ਨੇ ਕਿਹਾ, ਕਿ ਕੋਰੋਨਾ ਕਾਲ ਵਿੱਚ ਅਸੀਂ 24-24 ਘੰਟੇ ਕੰਮ ਕੀਤਾ ਸੀ, ਉਨ੍ਹਾਂ ਮੁਤਾਬਿਕ ਪੰਜਾਬ ਸਰਕਾਰ ਨੂੰ ਪੰਜਾਬ ਦੇ ਡਾਕਟਰਾਂ ਨੂੰ ਸਨਮਾਨ ਕਰਨ ਲਈ ਇੱਕ ਮਹੀਨੇ ਦੀ ਤਨਖਾਹ ਐਕਸਟਰਾਂ ਦੇਣੀ ਚਾਹੀਦੀ ਸੀ, ਪਰ ਪੰਜਾਬ ਸਰਕਾਰ ਉਨ੍ਹਾਂ ਦੀ ਤਨਖਾਹ ਵਿੱਚੋਂ ਕਟੌਤੀ ਕਰਕੇ ਉਨ੍ਹਾਂ ਨਾਲ ਬੇਇਨਸਾਫੀ ਕਰ ਰਹੀ ਹੈ।
ਡਾਕਟਰ ਜਗਰੂਪ ਨੇ ਕਿਹਾ, ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਨਾ ਦਿੱਤਾ, ਤਾਂ ਆਪਣੀਆਂ ਸੇਵਾਵਾਂ ਮੁਕੰਮਲ ਤੌਰ ‘ਤੇ ਠੱਪ ਕਰ ਦਿੱਤੀਆਂ ਜਾਣਗੀਆਂ, ਜਿਸ ਦੀ ਸਿੱਧੇ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ ਇਸ ਧਰਨੇ ਵਿੱਚ ਐਲੋਪੈਥੀ ਹੋਮਿਓਪੈਥੀ ਅਤੇ ਵੈਟਰਨਰੀ ਡਾਕਟਰਾਂ ਨੇ ਭਾਗ ਲਿਆ।
ਇਹ ਵੀ ਪੜ੍ਹੋ:'ਆਪ' ਵਰਕਰਾਂ ਨੇ ਕੱਚੇ ਅਧਿਆਪਕਾਂ ਨਾਲ ਮਿਲ ਘੇਰੀ ਸਿੱਖਿਆ ਮੰਤਰੀ ਦੀ ਕੋਠੀ