ਬਠਿੰਡਾ: ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਸ਼ਰੇਆਮ ਪਰਾਲੀ ਨੂੰ ਅੱਗ ਲਾਈ ਗਈ ਅਤੇ ਸਰਕਾਰ ਦੇ ਵਿਰੁੱਧ ਰੋਸ ਜ਼ਾਹਿਰ ਕੀਤਾ ਗਿਆ। ਕਿਸਾਨ ਨੇਤਾਵਾਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਨੂੰ ਪਰਾਲੀ ਜਲਾਉਣ ਲਈ ਮਜਬੂਰ ਕਰ ਰਹੀ ਹੈ ਪਰ ਉਨ੍ਹਾਂ ਕੋਲ ਪਰਾਲੀ ਨੂੰ ਅੱਗ ਲਗਾਉਣ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਹੈ।
ਕਿਸਾਨ ਨੇਤਾ ਬਲਦੇਵ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਕਈ ਕਿਸਾਨਾਂ ਉੱਤੇ ਕੇਸ ਦਰਜ ਕੀਤੇ ਗਏ ਹਨ। ਉਨ੍ਹਾਂ ਦੀ ਯੂਨੀਅਨ ਦੀ ਮੰਗ ਹੈ ਕਿ ਪੁਲਿਸ ਕਿਸਾਨਾਂ ਉੱਤੇ ਦਰਜ ਕੀਤੇ ਹੋਏ ਕੇਸ ਤੁਰੰਤ ਵਾਪਸ ਲਵੇ।
ਦੱਸ ਦਈਏ ਕਿ ਬਠਿੰਡਾ ਦੇ ਚਿਲਡਰਨ ਪਾਰਕ ਵਿੱਚ ਪਹਿਲਾਂ ਕਿਸਾਨਾਂ ਵੱਲੋਂ ਇੱਕ ਮੀਟਿੰਗ ਕੀਤੀ ਗਈ ਜਿਸ ਤੋਂ ਬਾਅਦ ਇੱਕ ਰੋਸ ਮਾਰਚ ਕਰਦੇ ਹੋਏ ਬਠਿੰਡਾ ਦੇ ਡੀਸੀ ਦਫ਼ਤਰ ਦੇ ਬਾਹਰ ਪਰਾਲੀ ਸਾੜੀ ਗਈ।
ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਪਰਾਲੀ ਨੂੰ ਅੱਗ ਲਗਾਉਣ ਕਾਰਨ ਵਾਤਾਵਰਣ ਬੁਰੀ ਤਰ੍ਹਾਂ ਦੂਸ਼ਿਤ ਹੋ ਚੁੱਕਾ ਹੈ। ਲੋਕਾਂ ਦਾ ਸਾਹ ਲੈਣਾ ਤੱਕ ਔਖਾ ਹੋ ਚੁੱਕਿਆ ਹੈ। ਇਸ ਤੋਂ ਇਲਾਵਾ ਕਈ ਤਰ੍ਹਾਂ ਦੀਆਂ ਬੀਮਾਰੀਆਂ ਲੋਕਾਂ ਨੂੰ ਲੱਗ ਰਹੀਆਂ ਹਨ। ਜ਼ਿਲ੍ਹਾ ਪ੍ਰਸ਼ਾਸਨ ਬੇਸ਼ੱਕ ਕਿਸਾਨਾਂ ਨੂੰ ਹਰ ਤਰ੍ਹਾਂ ਦੀ ਮਦਦ ਦੀ ਗੱਲ ਕਰ ਰਿਹਾ ਹੈ ਪਰ ਅਸਲ ਵਿੱਚ ਸੱਚਾਈ ਕੁੱਝ ਹੋਰ ਵਿਖਾਈ ਦੇ ਰਹੀ ਹੈ।
ਕਿਸਾਨ ਬਲਦੇਵ ਸਿੰਘ ਸੰਦੋਹਾ ਨੇ ਇਸ ਮਾਮਲੇ ਵਿੱਚ ਕਿਹਾ ਕਿ ਕਿਸਾਨ ਆਪਣੀ ਖੁਸ਼ੀ ਨਹੀਂ ਮਜਬੂਰੀ ਕਰਨ ਪਰਾਲੀ ਸਾੜ ਰਿਹਾ ਹੈ। ਸਰਕਾਰ ਵਲੋਂ ਉਨ੍ਹਾਂ ਨੂੰ ਕੋਈ ਮਦਦ ਨਹੀਂ ਮਿਲ ਰਹੀ ਤੇ ਕਿਸਾਨਾਂ ਕੋਲ ਪਰਾਲੀ ਨੂੰ ਸਾੜਨ ਤੋਂ ਇਲਾਵਾ ਕੋਈ ਹੱਲ ਨਹੀਂ ਬਚਿਆ। ਦਿੱਲੀ, ਪੰਜਾਬ, ਹਰਿਆਣਾ ਦੇ ਇਲਾਕਿਆਂ ਦੀਆਂ ਹਵਾਵਾਂ ਵਿੱਚ ਜ਼ਹਿਰ ਘੁਲ ਰਿਹਾ ਹੈ ਤੇ ਸਾਰਾ ਠੀਕਰਾ ਕਿਸਾਨਾਂ ਦੇ ਸਰ ਉੱਤੇ ਮੜ੍ਹਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਵੀ ਸਰਕਾਰ ਦੀਆਂ ਨੀਤੀਆਂ ਨਾਲ ਦਮ ਘੁੱਟ ਰਿਹਾ ਹੈ। ਕਿਸਾਨ ਦੇ ਦਰਦ ਬਾਰੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਛੇਤੀ ਸੋਚੇ ਤੇ ਕਿਸਾਨਾ ਦਾ ਦਮ ਘੁਟਣ ਤੋਂ ਬਚਾਵੇ। ਕਿਸਾਨਾਂ ਨੇ ਸਾਫ ਕਰ ਦਿੱਤਾ ਹੈ ਕਿ ਭਾਂਵੇ ਉਨ੍ਹਾਂ ਵਿਰੁੱਧ ਕੋਈ ਵੀ ਕਾਰਵਾਈ ਹੋਵੇ ਉਹ ਪਰਾਲੀ ਸਾੜਨ ਤੋਂ ਨਹੀਂ ਹਟਣਗੇ ਕਿਉਂਕਿ ਇਹ ਉਨ੍ਹਾਂ ਦੀ ਮਜਬੂਰੀ ਹੈ।