ਬਠਿੰਡਾ: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦੇ ਕੀਤੇ ਗਏ ਦਾਅਵੇ ਖੋਖਲੇ ਨਜ਼ਰ ਆ ਰਹੇ ਹਨ। ਕਿਉਂਕਿ, ਅੱਜ ਦੁਸ਼ਹਿਰੇ ਵਾਲੇ ਦਿਨ ਵੀ ਕਿਸਾਨਾਂ ਵੱਲੋਂ ਆਪਣੀਆਂ ਮੁਸ਼ਕਲਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਪਹੁੰਚੇ ਅਤੇ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਆਪਣੀਆਂ ਦਰਪੇਸ਼ ਮੁਸ਼ਕਲਾਂ ਸਬੰਧੀ ਜਾਣੂ ਕਰਵਾਇਆ ਗਿਆ।
ਮੰਡੀਆਂ ਵਿੱਚ ਲਿਫਟਿੰਗ ਦੇ ਕੰਮ ਦੀ ਰਫ਼ਤਾਰ ਢੀਲੀ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਮੀਤ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਦੱਸਿਆ ਕਿ ਭਾਵੇਂ ਅੱਜ ਸਾਰਾ ਦੇਸ਼ ਦੁਸ਼ਹਿਰੇ ਦਾ ਤਿਉਹਾਰ ਮਨਾ ਰਿਹਾ ਹੈ, ਪਰ ਅੱਜ ਉਹ ਆਪਣੀਆਂ ਮੁਸ਼ਕਿਲਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਨੂੰ ਮਿਲਣ ਪਹੁੰਚੇ ਹਨ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਲਿਫਟਿੰਗ ਦਾ ਕੰਮ ਬਹੁਤ ਹੋਲੀ ਚੱਲ ਰਿਹਾ ਹੈ ਤੇ ਕਿਸਾਨਾਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਮੰਡੀਆਂ ਵਿੱਚ ਰਾਤਾਂ ਗੁਜ਼ਾਰ ਰਹੇ ਕਿਸਾਨ : ਦੂਜੇ ਪਾਸੇ, ਖਰੀਦ ਏਜੰਸੀਆਂ ਵੱਲੋਂ ਵੀ ਝੋਨੇ ਵਿੱਚ ਨਮੀਂ ਦੀ ਮਾਤਰਾ ਨੂੰ ਲੈ ਕੇ ਕਿਸਾਨਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ, ਕਿਉਂਕਿ ਖਰੀਦ ਏਜੰਸੀਆਂ ਵੱਲੋਂ 19 ਫੀਸਦੀ ਨਮੀ ਵਾਲੇ ਝੋਨੇ ਦੀ ਹੀ ਖ਼ਰੀਦ ਕਰਨ ਦੀ ਗੱਲ ਆਖੀ ਜਾ ਰਹੀ ਹੈ। ਮੌਸਮ ਖ਼ਰਾਬ ਹੋਣ ਕਾਰਨ ਅਤੇ ਪਿਛਲੇ ਦਿਨੀਂ ਹੋਈਆਂ ਬਾਰਿਸ਼ਾਂ ਕਾਰਨ ਝੋਨੇ ਵਿੱਚ ਲਗਾਤਾਰ ਨਮੀਂ ਦੀ ਮਾਤਰਾ ਵੱਧ ਗਈ ਹੈ ਜਿਸ ਕਾਰਨ ਕਿਸਾਨਾਂ ਨੂੰ ਮੰਡੀ ਵਿੱਚ ਕਈ ਕਈ ਦਿਨ ਆਪਣੇ ਝੋਨੇ ਨੂੰ ਵੇਚਣ ਲਈ ਰਾਤਾਂ ਗੁਜ਼ਾਰਨੀਆਂ ਪੈ ਰਹੀਆਂ ਹਨ।
ਡੀਏਪੀ ਖਾਦ ਦੀ ਕਮੀ : ਹੁਣ ਝੋਨੇ ਦੀ ਵਾਢੀ ਤੋਂ ਬਾਅਦ ਕਣਕ ਦੀ ਬਜਾਈ ਸ਼ੁਰੂ ਹੋਣੀ ਹੈ, ਪਰ ਕਿਸਾਨਾਂ ਨੂੰ ਡੀਏਪੀ ਖਾਦ ਨਹੀਂ ਮਿਲ ਰਹੀ ਸਰਕਾਰ ਭਾਵੇਂ ਕਿਸਾਨਾਂ ਨੂੰ ਡੀਏਪੀ ਖਾਦ ਉਪਲੱਬਧ ਕਰਨ ਦੀ ਗੱਲ ਆਖ ਰਹੀ ਹੈ, ਪਰ ਮਾਤਰ 30 ਪ੍ਰਤੀਸ਼ਤ ਹੀ ਕਿਸਾਨਾਂ ਕੋਲ ਡੀਏਪੀ ਖਾਦ ਪਹੁੰਚੀ ਹੈ। ਇਸ ਕਾਰਨ ਕਣਕ ਦੀ ਬਜਾਈ ਵਿੱਚ ਦੇਰੀ ਹੋ ਰਹੀ ਹੈ। ਇਨ੍ਹਾਂ ਮੰਗਾਂ ਨੂੰ ਲੈ ਕੇ ਅੱਜ ਉਨ੍ਹਾਂ ਵੱਲੋਂ ਡਿਪਟੀ ਕਮਿਸ਼ਨਰ ਨੂੰ ਮਿਲ ਕੇ ਜਲਦ ਹੱਲ ਕਰਨ ਦੀ ਮੰਗ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਬਠਿੰਡਾ ਵੱਲੋਂ ਕਿਸਾਨਾਂ ਦੀਆਂ ਇਨ੍ਹਾਂ ਮੰਗਾਂ ਸਬੰਧੀ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਹੈ।