ਤਲਵੰਡੀ ਸਾਬੋ: ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਸਰਗਰਮੀਆਂ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਇਸ ਤਹਿਤ ਅੱਜ ਤਲਵੰਡੀ ਸਾਬੋ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰੋ. ਬਲਜਿੰਦਰ ਕੌਰ ਵੱਲੋਂ ਨਵਾਂ ਦਫ਼ਤਰ ਖੋਲ੍ਹਿਆ ਗਿਆ ਸੀ। ਪਰ ਜਦੋਂ ਦੀ ਜਾਣਕਾਰੀ ਕਿਸਾਨਾਂ ਨੂੰ ਲੱਗੀ ਤਾਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂਆਂ ਵੱਲੋਂ ਸ਼ਾਮ ਨੂੰ ਦਫ਼ਤਰ ਦੇ ਬਾਹਰ ਪਹੁੰਚੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਨੌਜਵਾਨਾਂ ਕਿਸਾਨਾਂ ਵੱਲੋਂ ਵਿਧਾਇਕਾਂ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਉਥੇ ਹੀ ਕਿਸਾਨਾਂ ਨੇ ਦਫ਼ਤਰ ਨੂੰ ਬੰਦ ਨਾ ਕਰਨ ਦੀ ਸੂਰਤ ਵਿੱਚ ਜਿੰਦਾ ਲਗਾ ਕੇ ਪੱਕਾ ਧਰਨਾ ਲਗਾਉਣ ਦਾ ਐਲਾਨ ਵੀ ਕੀਤਾ। ਕਿਸਾਨਾਂ ਦਾ ਕਹਿਣਾ ਹੈ, ਕਿ ਇੱਕ ਪਾਸੇ ਤਾਂ ਇਸ ਅੱਤ ਦੀ ਗਰਮੀ ਵਿੱਚ ਕਿਸਾਨ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ‘ਆਪ’ ਦੀ ਵਿਧਾਇਕ ਨੇ ਕਿਸਾਨੀ ਅੰਦੋਲਨ ਵਿੱਚ ਸ਼ਹੀਦ ਹੋਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨਾਲ ਦੁੱਖ ਵੀ ਸਾਂਝਾ ਨਹੀਂ ਕੀਤਾ।
ਦੂਜੇ ਪਾਸੇ ਪੰਜਾਬ ਦੇ ਲੀਡਰ ਆਪਣੀਆਂ ਕੁਰਸੀਆਂ ਨੂੰ ਬਚਾਉਣ ਵਿੱਚ ਲੱਗੇ ਹੋਏ ਹਨ ਜੋ ਕਿ ਬਹੁਤ ਨਿੱਦਣ ਯੋਗ ਹੈ। ਕਿਸਾਨਾਂ ਦਾ ਕਹਿਣਾ ਹੈ, ਕਿ ਪੰਜਾਬ ਵਿੱਚ ਅਜਿਹਾ ਮਾਹੌਲ ਬਿਲਕੁਲ ਵੀ ਬਰਦਾਸ਼ ਨਹੀਂ ਕੀਤਾ ਜਾਵੇਗਾ। ਨਾਲ ਹੀ ਕਿਸਾਨਾਂ ਨੇ ਇਨ੍ਹਾਂ ਲੀਡਰਾਂ ਨੂੰ ਪਿੰਡਾਂ ਵਿੱਚ ਨਾ ਵੜਨ ਦੀ ਸਲਾਹ ਦਿੱਤੀ ਹੈ।
ਕਿਸਾਨਾਂ ਦਾ ਕਹਿਣਾ ਹੈ ਕਿ ਇਨ੍ਹਾਂ ਲੀਡਰਾਂ ਦੇ ਲਾਲਚ ਕਰਕੇ ਹੀ ਕੇਂਦਰ ਦੀ ਸਰਕਾਰ ਨੇ ਨਵੇਂ ਤਿੰਨ ਕਾਲੇ ਕਾਨੂੰਨ ਪਾਸ ਕੀਤੇ ਹਨ। ਕਿਸਾਨਾਂ ਨੇ ਪੰਜਾਬ ਦੇ ਲੀਡਰਾਂ ਦੀ ਕੇਂਦਰ ਨਾਲ ਮਿਲੀ ਭੁਗਤ ਨੂੰ ਪੰਜਾਬ ਲਈ ਹਾਨੀਕਾਰਕ ਦੱਸਿਆ।
ਇਹ ਵੀ ਪੜ੍ਹੋ:ਕੰਪਿਊਟਰ ਅਧਿਆਪਕ ਯੂਨੀਅਨ ਦਾ ਕੈਪਟਨ ਸਰਕਾਰ ਖ਼ਿਲਾਫ਼ ਪ੍ਰਦਰਸ਼ਨ