ਬਠਿੰਡਾ: ਕਿਸਾਨ ਅੰਦੋਲਨ (KISSAN PROTEST) ਖ਼ਿਲਾਫ਼ ਲਗਾਤਾਰ ਪੰਜਾਬ ਭਾਜਪਾ (Punjab BJP) ਆਗੂਆਂ ਵੱਲੋਂ ਕੀਤੀਆਂ ਜਾ ਰਹੀਆਂ ਟਿੱਪਣੀਆਂ ‘ਤੇ ਕਿਸਾਨ ਆਗੂਆਂ ਨੇ ਕਿਹਾ ਕਿ ਇਹ ਬੇਲਗਾਮ ਹੋ ਚੁੱਕੇ ਹਨ।ਕਿਸਾਨਾਂ ਦਾ ਕਹਿਣੈ ਕਿ ਅਜਿਹੀਆਂਂ ਟਿੱਪਣੀਆਂ ਕਰ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਅੱਠ ਮਹੀਨਿਆਂ ਤੋਂ ਸ਼ਾਂਤਮਈ ਦਿੱਲੀ ਦੀ ਬਰੂਹਾਂ ‘ਤੇ ਬੈਠੇ ਕਿਸਾਨਾਂ ਨੂੰ ਬਦਨਾਮ ਕਰਨ ਲਈ ਕੇਂਦਰ ਅਤੇ ਪੰਜਾਬ ਭਾਜਪਾ ਵੱਲੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਅਜਿਹੇ ਬਿਆਨਾਂ ਨਾਲ ਭੜਕਾਹਟ ਪੈਦਾ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਕਿਸਾਨ ਆਗੂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਪਹਿਲਾਂ ਹੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਇਹ ਐਲਾਨ ਕੀਤਾ ਜਾ ਚੁੱਕਿਆ ਹੈ ਕਿ ਭਾਜਪਾ ਉਨ੍ਹਾਂ ਦੇ ਮੁੱਖ ਨਿਸ਼ਾਨੇ ‘ਤੇ ਹੈ ਅਤੇ ਦੂਜੀਆਂ ਸਿਆਸੀ ਪਾਰਟੀਆਂ ਦੂਜੇ ਨੰਬਰ ‘ਤੇ ਹਨ।
ਉਨ੍ਹਾਂ ਕਿਹਾ ਕਿ ਜੇਕਰ ਇਸੇ ਤਰ੍ਹਾਂ ਭਾਜਪਾ ਆਗੂ ਮੰਦੀ ਸ਼ਬਦਾਵਲੀ ਬੋਲਦੇ ਰਹੇ ਤਾਂ ਭਵਿੱਖ ਵਿਚ ਇਹ ਸਿਆਸਤ ਵਿੱਚੋਂ ਬਾਹਰ ਹੋ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚਲੀਆਂ ਹੋਰ ਵੀ ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਕਿਸਾਨ ਅੰਦੋਲਨ ਸਬੰਧੀ ਤਿੱਖੇ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ ਜੋ ਕਿ ਨਾ ਬਰਦਾਸ਼ਿਤ ਯੋਗ ਹਨ। ਕਿਸਾਨਾਂ ਨੇ ਕਿਹਾ ਕਿ ਇੱਕ ਗੱਲ ਸਾਫ ਹੋ ਗਈ ਹੈ ਕਿ ਸਿਆਸੀ ਪਾਰਟੀਆਂ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਵੱਲੋਂ ਕਿਸਾਨਾਂ ‘ਤੇ ਕੀਤੇ ਜਾ ਰਹੇ ਪ੍ਰਦਰਸ਼ਨਾਂ ਸਬੰਧੀ ਕੀਤੀ ਟਿੱਪਣੀ ‘ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਤਿੰਨ ਖੇਤੀਬਾੜੀ ਬਿੱਲਾਂ ਨੂੰ ਪਾਸ ਕਰਾਉਣ ਵਿੱਚ ਕਾਂਗਰਸ ਵੀ ਪਿੱਛੇ ਨਹੀਂ ਸੀ। ਪੰਜਾਬ ਵਿੱਚ ਲਗਾਤਾਰ ਕਾਰਪੋਰੇਟ ਘਰਾਣਿਆਂ ਵੱਲੋਂ ਆਪਣਾ ਕਾਰੋਬਾਰ ਸਮੇਟਣ ‘ਤੇ ਬੋਲਦਿਆਂ ਕਿਹਾ ਕਿ ਇਹ ਉਹੀ ਲੋਕ ਹਨ ਜੋ ਪੰਜਾਬ ਦੀਆਂ ਜ਼ਮੀਨਾਂ ‘ਤੇ ਕਬਜ਼ਾ ਕਰਨਾ ਚਾਹੁੰਦੇ ਹਨ।
ਇਹ ਵੀ ਪੜ੍ਹੋ:ਹਰਿਆਣਾ ਸਰਕਾਰ ਦੀ ਉੱਚ ਪੱਧਰੀ ਬੈਠਕ, ਸਿੰਘੂ ਬਾਡਰ ਖੁਲਵਾਉਣ ਨੂੰ ਲੈ ਕੇ ਹੋਵੇਗੀ ਚਰਚਾ