ਬਠਿੰਡਾ: ਪਿੰਡ ਹਮੀਰਗੜ੍ਹ ’ਚ ਇੱਕ ਪਿਤਾ ਵੱਲੋਂ ਆਪਣੇ ਤਿੰਨ ਮਾਸੂਮ ਬੱਚਿਆਂ ਨੂੰ ਫਾਹਾ ਦੇ ਕੇ ਮਾਰਨ ਤੋਂ ਬਾਅਦ ਖ਼ੁਦਕੁਸ਼ੀ ਕਰਨ ਦਾ ਖ਼ੌਫ਼ਨਾਕ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਡੀਐਸਪੀ ਜਸਬੀਰ ਸਿੰਘ ਅਤੇ ਥਾਣਾ ਦਿਆਲਪੁਰਾ ਭਾਈ ਪੁਲਿਸ ਮੌਕੇ 'ਤੇ ਪੁੱਜੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਨੇ ਲਾਸ਼ਾਂ ਕਬਜ਼ੇ ’ਚ ਲੈ ਲਈਆਂ ਹਨ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਖ਼ੁਦਕੁਸ਼ੀ ਕਰਨ ਵਾਲੇ ਨੌਜਵਾਨ ਦੀ ਪਛਾਣ ਬੇਅੰਤ ਸਿੰਘ ਪੁੱਤਰ ਗੁਰਦੇਵ ਸਿੰਘ ਵਜੋਂ ਹੋਈ ਹੈ। ਬੇਅੰਤ ਸਿੰਘ ਦੇ ਤਿੰਨ ਬੱਚੇ ਸਨ, ਜਿਨ੍ਹਾਂ 'ਚੋਂ ਵੱਡਾ ਪ੍ਰਭਜੋਤ ਸਿੰਘ (7) ਲੜਕੀ ਸੁਖਪ੍ਰੀਤ ਕੌਰ ਅਤੇ ਖੁਸ਼ਪ੍ਰੀਤ ਕੌਰ ਸਾਲ ਦੀ ਸੀ, ਜਿਨ੍ਹਾਂ ਨੂੰ ਬੇਅੰਤ ਸਿੰਘ ਨੇ ਪਹਿਲਾਂ ਫਾਹਾ ਦੇ ਦਿੱਤਾ ਅਤੇ ਬਾਅਦ ’ਚ ਖ਼ੁਦ ਆਤਮ ਹੱਤਿਆ ਕਰ ਲਈ।
ਪਿੰਡ ਦੇ ਸਰਪੰਚ ਗੁਰਮੇਲ ਸਿੰਘ ਦਾ ਕਹਿਣਾ ਹੈ ਕਿ ਮ੍ਰਿਤਕ ਬੇਅੰਤ ਸਿੰਘ ਜਿਸ ਦੀ ਪਤਨੀ ਲਵਪ੍ਰੀਤ ਕੌਰ ਕਰੀਬ ਡੇਢ ਮਹੀਨਾ ਪਹਿਲਾਂ ਕੈਂਸਰ ਦੇ ਕਾਰਨ ਉਸ ਦੀ ਮੌਤ ਹੋ ਗਈ ਸੀ। ਬੇਅੰਤ ਸਿੰਘ ਜੋ ਕਿ ਦਿਹਾੜੀ ਕਰਕੇ ਆਪਣੇ ਬੱਚਿਆਂ ਦਾ ਪੇਟ ਪਾਲ ਰਿਹਾ ਸੀ।
ਸਰਪੰਚ ਦਾ ਕਹਿਣਾ ਹੈ ਕਿ ਜਦੋਂ ਤੋਂ ਉਸ ਦੀ ਪਤਨੀ ਦੀ ਮੌਤ ਹੋਈ, ਉਸ ਦਿਨ ਤੋਂ ਹੀ ਉਹ ਡਿਪਰੈਸ਼ਨ ਵਿੱਚ ਚਲਾ ਗਿਆ ਸੀ। ਬੇਅੰਤ ਸਿੰਘ ਮਾਨਸਿਕ ਰੋਗੀ ਦੇ ਨਾਲ ਨਾਲ ਆਰਥਿਕ ਪੱਖੋਂ ਵੀ ਕਾਫੀ ਕਮਜ਼ੋਰ ਸੀ। ਉਹ ਬੜੀ ਮੁਸ਼ਕਿਲ ਨਾਲ ਆਪਣੇ ਬੱਚਿਆਂ ਨੂੰ ਪਾਲ ਰਿਹਾ ਸੀ। ਬੁੱਧਵਾਰ ਨੂੰ ਬੇਅੰਤ ਸਿੰਘ ਨੇ ਆਪਣੇ ਤਿੰਨ ਮਾਸੂਮ ਬੱਚਿਆਂ ਨੂੰ ਫਾਹਾ ਲਾ ਕੇ ਮਾਰ ਦਿੱਤਾ, ਜਿਸ ਤੋਂ ਬਾਅਦ ਉਸ ਨੇ ਵੀ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ।
ਹਾਦਸੇ ਦੀ ਸੂਚਨਾ ਮਿਲਦੇ ਡੀਐੱਸਪੀ ਫੂਲ ਜਸਵੀਰ ਸਿੰਘ ਪੁਲਿਸ ਟੀਮ ਨਾਲ ਮੌਕੇ 'ਤੇ ਪੁੱਜੇ। ਪੁਲਿਸ ਦੀ ਹਾਜ਼ਰੀ ਵਿੱਚ ਮ੍ਰਿਤਕਾਂ ਨੂੰ ਉਤਾਰਿਆ ਗਿਆ। ਪੁਲਿਸ ਨੇ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਪਹੁੰਚਾ ਦਿੱਤਾ ਹੈ। ਡੀਐੱਸਪੀ ਜਸਵੀਰ ਸਿੰਘ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ 302 ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਹਰ ਪੱਖੋਂ ਉਸ ਦੀ ਪੜਤਾਲ ਕਰ ਰਹੀ ਹੈ। ਇਸ ਦੁੱਖਦਾਈ ਵਾਰਦਾਤ ਤੋਂ ਬਾਅਦ ਪਿੰਡ ਵਿੱਚ ਸੰਨਾਟਾ ਪਸਰ ਗਿਆ ਹੈ।