ਬਠਿੰਡਾ: ਜ਼ਿਲੇ ਦੇ ਪਿੰਡ ਹਰਰਾਈਪੁਰ ਦੀ ਗਊਸ਼ਾਲਾ 'ਚ ਬੀਤੇ ਫ਼ਰਵਰੀ ਮਹੀਨੇ ਦੌਰਾਨ 998 ਗਾਊਆਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ 'ਚ ਕੇਂਦਰ ਸਰਕਾਰ ਨੇ ਸੂਬਾ ਸਰਕਾਰ ਨੂੰ 3 ਦਿਨ ਵਿੱਚ ਜਾਂਚ ਕਰ ਰਿਪੋਰਟ ਤਿਆਰ ਕਰਨ ਦੀ ਗੱਲ ਕਹੀ ਸੀ, ਪਰ 5 ਮਹੀਨੇ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਹੁਣ ਤੱਕ ਇਸ ਮਾਮਲੇ ਦੀ ਜਾਂਚ ਮੁਕੰਮਲ ਨਹੀਂ ਹੋ ਸਕੀ।
ਇਸ ਮਾਮਲੇ ਨੂੰ ਲੈ ਕੇ ਹੁਣ ਗਊਸ਼ਾਲਾ ਕਮੇਟੀ ਨੇ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਨੂੰ 30 ਦਿਨ ਦਾ ਅਲਟੀਮੇਟਮ ਦਿੱਤਾ ਹੈ ਕਿ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾਵੇ। ਗਊਸ਼ਾਲਾ ਕਮੇਟੀ ਦੇ ਆਗੂ ਸਾਧੂ ਰਾਮ ਕੁਸ਼ਲਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਨੋਟਿਸ ਕੇਂਦਰ ਅਤੇ ਸੂਬਾ ਸਰਕਾਰ ਨੂੰ ਭੇਜ ਦਿੱਤਾ ਗਿਆ ਹੈ, ਜੇਕਰ ਇਸ ਮਾਮਲੇ ਵੱਲ ਹੁਣ ਵੀ ਧਿਆਨ ਨਹੀਂ ਦਿੱਤਾ ਜਾਂਦਾ ਤਾਂ ਉਹ ਮਾਨਯੋਗ ਅਦਾਲਤ ਦਾ ਸਹਾਰਾ ਲੈਣਗੇ।