ਬਠਿੰਡਾ: ਸਾਬਕਾ ਮੰਤਰੀਆਂ ਉੱਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਹੇਠ ਪੰਜਾਬ ਵਿਜੀਲੈਂਸ ਵੱਲੋਂ ਲਗਾਤਾਰ ਐਕਸ਼ਨ ਉਲੀਕਿਆ ਜਾ ਰਿਹਾ ਅਤੇ ਇਸੇ ਕੜੀ ਵਿੱਚ ਸ਼ਾਮਿਲ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿਘ ਕਾਂਗੜ ਮੁੜ ਜਾਂਚ ਵਿੱਚ ਸ਼ਾਮਲ ਹੋਏ ਵਿਜੀਲੈਂਸ ਦਫਤਰ ਬਠਿੰਡਾ ਪਹੁੰਚੇ। ਇਸ ਤੋਂ ਪਹਿਲਾਂ ਵਿਜੀਲੈਂਸ ਵਿਭਾਗ ਬਠਿੰਡਾ ਵੱਲੋਂ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਆਮਦਨ ਸਰੋਤਾਂ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ 21 ਮਾਰਚ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ ਅਤੇ 10.30 ਵਜੇ ਤੋਂ ਸ਼ਾਮ 5.15 ਵਜੇ ਤੱਕ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਤੋਂ ਵਿਜੀਲੈਂਸ ਵਿਭਾਗ ਵੱਲੋਂ ਪੁੱਛਗਿੱਛ ਕੀਤੀ ਗਈ ਸੀ।
ਵਤੀਰੇ ਤੋਂ ਨਾਰਾਜ਼ ਗੁਰਪ੍ਰੀਤ ਕਾਂਗੜ: ਵਿਜੀਲੈਂਸ ਵਿਭਾਗ ਦੀ ਪੁੱਛਗਿੱਛ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਸੀ ਕਿ ਵਿਜੀਲੈਂਸ ਵਿਭਾਗ ਵੱਲੋਂ ਉਨ੍ਹਾਂ ਨੂੰ ਸੰਮਨ ਕੀਤੇ ਗਏ ਸਨ ਅਤੇ ਇਸ ਮਾਮਲੇ ਵਿੱਚ ਅੱਜ ਉਹ ਵਿਜਲੈਂਸ ਅਧਿਕਾਰੀਆਂ ਕੋਲ ਪੇਸ਼ ਹੋਏ ਸਨ। ਇਸ ਮੌਕੇ ਵਿਜੀਲੈਂਸ ਅਧਿਕਾਰੀਆਂ ਵੱਲੋਂ ਜੋ-ਜੋ ਸੁਆਲ ਪੁੱਛੇ ਗਏ ਉਨ੍ਹਾਂ ਵੱਲੋਂ ਉਨ੍ਹਾਂ ਦਾ ਜਵਾਬ ਦਿੱਤਾ ਗਿਆ ਪਰ ਉਹ ਹੈਰਾਨ ਹਨ ਕਿ ਵਿਜੀਲੈਂਸ ਵੱਲੋਂ ਫਰਜੀ ਸ਼ਿਕਾਇਤ ਉੱਤੇ ਉਨ੍ਹਾਂ ਨਾਲ ਬਹੁਤ ਮਾੜਾ ਵਿਹਾਰ ਕੀਤਾ ਗਿਆ। ਉਨ੍ਹਾਂ ਕਿਹਾ ਸੀ ਵਿਜੀਲੈਂਸ ਦੇ ਐੱਸਐੱਸਪੀ, ਡੀਐੱਸਪੀ ਅਤੇ ਹੋਰ ਅਧਿਕਾਰੀਆਂ ਵੱਲੋਂ ਉਨ੍ਹਾਂ ਨਾਲ ਬਹੁਤ ਹੀ ਮਾੜਾ ਵਰਤਾਅ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਬਕਾ ਕੈਬਨਿਟ ਮੰਤਰੀ ਨਾਲ ਅਜਿਹਾ ਵਿਵਹਾਰ ਚੰਗਾ ਨਹੀਂ ਅਤੇ ਇਹ ਸਭ ਸਿਆਸੀ ਰੰਜ਼ਿਸ਼ ਤਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਸੀ ਕਿ ਜੱਦੀ ਜਾਇਦਾਦ ਦੇ ਮਾਮਲੇ ਵਿੱਚ ਵੀ ਵਿਜੀਲੈਂਸ ਵੱਲੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਵਿਜੀਲੈਂਸ ਅਧਿਕਾਰੀਆਂ ਵੱਲੋਂ ਇਕ ਪ੍ਰੋਫਾਰਮਾ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੂੰ 21 ਮਾਰਚ ਨੂੰ ਦਿੱਤਾ ਗਿਆ ਸੀ ਅੱਜ ਉਹ ਪ੍ਰੋਫਾਰਮਾ ਭਰ ਕੇ ਮੁੜ ਸਾਬਕਾ ਕੈਬਨਿਟ ਮੰਤਰੀ ਵਿਜੀਲੈਂਸ ਦਫਤਰ ਪਹੁੰਚੇ।
ਲਗਾਤਾਰ ਜਾਰੀ ਹੈ ਐਕਸ਼ਨ: ਦੱਸ ਦਈਏ ਇਸ ਤੋਂ ਪਹਿਲਾਂ ਸਾਬਕਾ ਕੈਬਨਿਟ ਸ਼ਾਮ ਸੁੰਦਰ ਅਰੋੜਾ, ਮੰਤਰੀ ਸਾਧੂ ਸਿੰਘ ਧਰਮਸੋਤ, ਭਾਰਤ ਭੂਸ਼ਣ ਆਸ਼ੂ ਅਤੇ ਬਲਬੀਰ ਸਿੰਘ ਸਿੱਧੂ ਸਮੇਤ ਕਈ ਮੰਤਰੀਆਂ ਉੱਤੇ ਵਿਜੀਲੈਂਸ ਵਿਭਾਗ ਦੀ ਮਾਰ ਪੈ ਚੁੱਕੀ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਵਿਜੀਲੈਂਸ ਵਿਭਾਗ ਲਗਾਤਾਰ ਐਕਸ਼ਨ ਵਿੱਚ ਹੈ ਅਤੇ ਇਸ ਤੋਂ ਪਹਿਲਾਂ ਵੀ ਕਾਂਗਰਸ ਸਰਕਾਰ ਸਮੇਂ ਰਹੇ ਮੰਤਰੀਆਂ ਦੀ ਲਿਸਟ ਵੀ ਲੰਮੀ ਹੈ ਜਿੰਨ੍ਹਾਂ ਉੱਤੇ ਵਿਜੀਲੈਂਸ ਨੇ ਕਾਰਵਾਈ ਕੀਤੀ ਹੈ। ਇਸ ਤੋਂ ਇਲਾਵਾ ਦੱਸ ਦਈਏ ਬਹੁਤ ਸਾਰੇ ਕਾਂਗਰਸੀ ਮੰਤਰੀਆਂ ਨੇ ਕਿਹਾ ਸੀ ਕਿ ਆਮ ਆਦਮੀ ਪਾਰਟੀ ਸਿਆਸੀ ਬਦਲਾਖੋਰੀ ਤਹਿਤ ਕਾਰਵਾਈ ਕਰ ਰਹੀ ਹੈ।
ਇਹ ਵੀ ਪੜ੍ਹੋ: Transfers of IPS and PPS officers: ਪੰਜਾਬ ਸਰਕਾਰ ਵੱਲੋਂ ਆਈਪੀਐੱਸ ਤੇ ਪੀਪੀਐੱਸ ਅਧਿਕਾਰੀਆਂ ਦੇ ਵੱਡੇ ਪੱਧਰ 'ਤੇ ਤਬਾਦਲੇ