ਬਠਿੰਡਾ: ਪੰਜਾਬ ਸਰਕਾਰ ਵੱਲੋਂ ਬਿਜਲੀ ਦੀ ਦਰਾਂ ਵਿੱਚ ਲਗਾਤਾਰ ਕੀਤੇ ਜਾ ਰਹੇ ਇਜ਼ਾਫ਼ੇ ਤੋਂ ਲੈ ਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ਪਾਰਟੀ ਉੱਤੇ ਖੂਬ ਨਿਸ਼ਾਨੇ ਵਿੰਨ੍ਹੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵੇਲੇ ਖਜ਼ਾਨਾ ਖਾਲੀ ਦਾ ਬਹਾਨਾ ਲਗਾਉਂਦੀ ਆ ਰਹੀ ਹੈ, ਜਦਕਿ ਸਰਕਾਰ ਦਾ ਖਜ਼ਾਨਾ ਕਦੇ ਵੀ ਖਾਲੀ ਨਹੀਂ ਹੁੰਦਾ।
ਹਰਸਿਮਰਤ ਬਾਦਲ ਨੇ ਕਿਹਾ ਕਿ ਜਦੋਂ ਲੋਕ ਆਪਣਾ ਟੈਕਸ ਭਰ ਰਹੇ ਹਨ, ਫਿਰ ਖਜ਼ਾਨਾ ਕਿਵੇਂ ਖਾਲੀ ਹੋ ਸਕਦਾ ਹੈ। ਖ਼ਜ਼ਾਨਾ ਸਿਰਫ਼ ਉਦੋਂ ਖਾਲੀ ਹੋ ਸਕਦਾ ਹੈ, ਜਦੋਂ ਲੋਕ ਆਪਣਾ ਟੈਕਸ ਭਰਨਾ ਬੰਦ ਕਰ ਦਿੰਦੇ ਹਨ। ਹਰਸਿਮਰਤ ਬਾਦਲ ਨੇ ਕਿਹਾ ਪੰਜਾਬ ਸਰਕਾਰ ਖ਼ਜ਼ਾਨਾ ਖਾਲੀ ਦੱਸ ਕੇ ਲੋਕਾਂ ਨੂੰ ਮੂਰਖ ਬਣਾ ਰਹੀ ਹੈ ਜਿਸ ਦੌਰਾਨ ਕਾਂਗਰਸ ਸਰਕਾਰ ਸੱਤਾ ਦੇ ਵਿੱਚ ਆਈ ਸੀ, ਉਸ ਸਮੇਂ ਤੋਂ ਲੈ ਕੇ ਹੁਣ ਤੱਕ 18 ਵਾਰ ਬਿਜਲੀ ਦਰਾਂ ਵਿੱਚ ਇਜ਼ਾਫਾ ਕਰ ਚੁੱਕੀ ਹੈ।
ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਜਾਣ ਬੁੱਝ ਕੇ ਪ੍ਰਾਈਵੇਟ ਬਿਜਲੀ ਉਤਪਾਦਕਾਂ ਨੂੰ ਫਾਇਦਾ ਪਹੁੰਚਾਉਣਾ ਚਾਹੁੰਦੀ ਹੈ। ਪੰਜਾਬ ਸਰਕਾਰ ਵੱਲੋਂ ਲਗਾਤਾਰ 18 ਵਾਰ ਬਿਜਲੀ ਦੀਆਂ ਦਰਾਂ ਵਿੱਚ ਵਾਧੇ ਕਾਰਨ ਲੋਕਾਂ ਦਾ ਘਰਾਂ ਦੇ ਬਜਟ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਲਗਾਤਾਰ 10 ਸਾਲ ਰਹੀ ਹੈ ਅਤੇ ਇਨ੍ਹਾਂ 10 ਸਾਲਾਂ ਦੌਰਾਨ ਅਕਾਲੀ ਦਲ ਪਾਰਟੀ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਜਿੱਥੇ ਲੱਖਾਂ ਕਰੋੜਾਂ ਰੁਪਏ ਵੰਡੇ ਗਏ, ਉੱਥੇ ਹੀ ਬਿਜਲੀ ਦੀ ਦਰਾਂ ਵਿੱਚ ਕਦੇ ਵੀ ਅਜਿਹੇ ਇਜ਼ਾਫੇ ਨਹੀਂ ਦੇਖੇ ਗਏ। ਇਸ ਕਰਕੇ ਲੋਕਾਂ ਨੂੰ ਵੀ ਪਤਾ ਲੱਗ ਚੁੱਕਾ ਹੈ ਕਿ ਕਾਂਗਰਸ ਪਾਰਟੀ ਫੇਲ ਹੋ ਚੁੱਕੀ ਹੈ।
ਇਹ ਵੀ ਪੜ੍ਹੋ: ਸੁਖਬੀਰ ਬਾਦਲ ਦੀ ਅਗਵਾਈ ਹੇਠ ਅਮਿਤ ਸ਼ਾਹ ਨੂੰ ਮਿਲਿਆ ਅਕਾਲੀ ਦਲ ਦਾ ਵਫ਼ਦ