ਬਠਿੰਡਾ: ਕੋਰੋਨਾ ਮਹਾਮਾਰੀ ਦੀ ਤੀਸਰੀ ਲਹਿਰ ਦੇ ਰੂਪ ਵਿਚ ਆਏ ਓਮੀਕਰੋਨ ( Omicron) ਨੂੰ ਲੈ ਕੇ ਜਿੱਥੇ ਪੰਜਾਬ ਸਰਕਾਰ ਵੱਲੋਂ ਪ੍ਰਬੰਧ ਮੁਕੰਮਲ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ ਉੱਥੇ ਹੀ ਦੂਸਰੇ ਪਾਸੇ ਲਗਾਤਾਰ ਸਿਹਤ ਕਾਮੇ ਸੜਕਾਂ ’ਤੇ ਹਨ। ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰ ਰਹੇ ਸਿਹਤ ਕਾਮਿਆਂ ਵੱਲੋਂ ਪਿਛਲੇ ਕਰੀਬ ਪੌਣੇ ਦੋ ਮਹੀਨਿਆਂ ਤੋਂ ਆਪਣੀਆਂ ਸੇਵਾਵਾਂ ਮੁਕੰਮਲ ਤੌਰ ’ਤੇ ਬੰਦ ਕੀਤੀਆਂ ਹੋਈਆਂ ਹਨ। ਉਨ੍ਹਾਂ ਵੱਲੋਂ ਲਗਾਤਾਰ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਪੂਰਾ ਕੀਤਾ ਜਾਵੇ। ਇਸ ਦੇ ਨਾਲ ਹੀ ਸਿਹਤ ਵਿਭਾਗ ਵਿੱਚ ਨਰਸਿੰਗ ਸਟਾਫ ਜਿੰਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਕਰੋਨੇ ਯੋਧੇ ਵੱਲੋਂ ਸਨਮਾਨ ਵੀ ਦਿੱਤਾ ਗਿਆ ਸੀ ਉਨ੍ਹਾਂ ਵੱਲੋਂ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਵੀ ਲਗਾਤਾਰ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਸੰਘਰਸ਼ ਵਿੱਚ ਉਨ੍ਹਾਂ ਨਾਲ ਸਿਹਤ ਵਿਭਾਗ ਦੇ ਵੱਖ ਵੱਖ ਵਿਭਾਗਾਂ ਵਿੱਚ ਕੰਮ ਕਰਦੇ ਕਰਮਚਾਰੀ ਵੀ ਸਾਥ ਦੇ ਰਹੇ ਹਨ ਜਿਸ ਕਾਰਨ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹਨ। ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਕੋਰੋਨਾ ਦੀ ਤੀਸਰੀ ਲਹਿਰ ਨੂੰ ਲੈ ਕੇ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਅਤੇ ਪ੍ਰਬੰਧ ਮੁਕੰਮਲ ਕਰਨ ਦੇ ਵੀ ਦਾਅਵੇ ਕੀਤੇ ਜਾ ਰਹੇ ਹਨ।
ਬਠਿੰਡਾ ਦੇ ਸੀਨੀਅਰ ਮੈਡੀਕਲ ਅਫ਼ਸਰ ਮਨਿੰਦਰ ਸਿੰਘ ਦਾ ਕਹਿਣਾ ਹੈ ਕਿ ਕੋਰੋਨਾ ਦੀ ਤੀਜੀ ਲਹਿਰ ਨੂੰ ਵੇਖਦੇ ਹੋਏ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਪਰ ਜਦੋਂ ਉਨ੍ਹਾਂ ਨੂੰ ਸਿਹਤ ਵਿਭਾਗ ਦੇ ਕਰਮਚਾਰੀਆਂ ਦੇ ਹੜਤਾਲ ’ਤੇ ਜਾਣ ਸਬੰਧੀ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਸਰਕਾਰ ਨੂੰ ਲਿਖ ਕੇ ਭੇਜ ਦਿੱਤਾ ਗਿਆ ਹੈ ਅਤੇ ਹਾਲੇ ਤੱਕ ਬਠਿੰਡਾ ਵਿੱਚ ਓਮੀਕਰੋਨਾ ਦਾ ਇੱਕ ਕੇਸ ਸਾਹਮਣੇ ਨਹੀਂ ਆਇਆ। ਉਨ੍ਹਾਂ ਕਿਹਾ ਕਿ ਜੇ ਕੋਈ ਇਸ ਤਰ੍ਹਾਂ ਦੀ ਸਥਿਤੀ ਪੈਦਾ ਹੁੰਦੀ ਹੈ ਤਾਂ ਇਸ ਸਬੰਧੀ ਸਰਕਾਰ ਨੂੰ ਜਾਣੂ ਕਰਵਾਉਣਗੇ।
ਹੁਣ ਵੇਖਣਾ ਇਹ ਹੋਵੇਗਾ ਕਿ ਕੋਰੋਨਾ ਦੀ ਤੀਸਰੀ ਲਹਿਰ ਦੇ ਰੂਪ ਵਿੱਚ ਆਏ ਓਮੀਕਰੋਨ ਖ਼ਿਲਾਫ਼ ਪੰਜਾਬ ਸਰਕਾਰ ਕੋਰੋਨਾ ਯੋਧਿਆਂ ਤੋਂ ਬਗੈਰ ਕਿਸ ਤਰ੍ਹਾਂ ਜੰਗ ਲੜੇਗੀ।
ਇਹ ਵੀ ਪੜ੍ਹੋ:Corona Update: ਚੰਡੀਗੜ੍ਹ 'ਚ 1 ਜਨਵਰੀ ਤੋਂ ਲੱਗਣ ਵਾਲੀਆਂ ਪਾਬੰਦੀਆਂ ਅੱਜ ਤੋਂ ਹੀ ਲਾਗੂ, ਓਮੀਕਰੋਨ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਫੈਸਲਾ