ਬਠਿੰਡਾ: ਸ਼ਹਿਰ ਵਿੱਚ ਫਿਰ ਇੱਕ ਵਾਰ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਤੇਜ਼ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕੋਵਿਡ-19 ਮਹਾਂਮਾਰੀ ਤਹਿਤ ਕੁਲ 154158 ਸੈਂਪਲ ਲਏ ਗਏ, ਜਿਨ੍ਹਾਂ ਵਿਚੋਂ 11545 ਪੌਜ਼ੀਟਿਵ ਕੇਸ ਆਏ ਅਤੇ ਇਨ੍ਹਾਂ ਵਿੱਚੋਂ 10634 ਕੋਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ।
ਉਨ੍ਹਾਂ ਦੱਸਿਆ ਕਿ ਇਸ ਸਮੇਂ ਕੁੱਲ 205 ਕੇਸ ਐਕਟਿਵ ਹਨ ਤੇ ਹੁਣ ਤੱਕ 258 ਕੋਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਵੀ ਕੋਰੋਨਾ ਦੀ ਚਪੇਟ ਵਿੱਚ ਆ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਟਵੀਟ ਕਰਕੇ ਦਿੱਤੀ।
ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਫਲੂ ਕਾਰਨਰ ਵਿੱਚ ਟੈਸਟ ਕਰਾਉਣ ਲਈ ਮਰੀਜ਼ਾਂ ਦੀ ਸੰਖਿਆ ਦਿਨ ਪ੍ਰਤੀ ਦਿਨ ਵਧ ਰਹੀ ਹੈ, ਪ੍ਰਸ਼ਾਸਨ ਚਾਹੇ ਲੱਖ ਲੋਕਾਂ ਨੂੰ ਜਾਗਰੂਕ ਕਰ ਰਿਹਾ ਹੈ, ਪਰ ਕੋਈ ਵੀ ਸਰਕਾਰ ਦੁਆਰਾ ਦਿੱਤੀਆਂ ਹਦਾਇਤਾਂ ’ਤੇ ਅਮਲ ਕਰਦਾ ਨਜ਼ਰ ਨਹੀਂ ਆ ਰਿਹਾ।
ਸਰਕਾਰੀ ਹਸਪਤਾਲਾਂ ਵਿਚ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ ਪਰ ਸੋਸ਼ਲ ਡਿਸਟੈਂਸ ਦਾ ਕੋਈ ਧਿਆਨ ਨਹੀਂ ਦੇ ਰਿਹਾ ਹੈ ਇਹ ਹੀ ਕਾਰਨ ਹੈ ਕਿ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ।