ਤਲਵੰਡੀ ਸਾਬੋ: ਮੋਹਾਲੀ ਜ਼ਿਲ੍ਹੇ ਦੇ ਪਿੰਡ ਦੇਵੀਨਗਰ ਦੇ ਗੁਰਦੁਆਰਾ ਸਾਹਿਬ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਹੈ। ਇਸ ਗੁਰੂ ਘਰ ਵਿੱਚ ਬੇਅਦਬੀ ਦੀ ਦੂਜੀ ਘਟਨਾ ਹੈ, ਪਹਿਲੀ ਘਟਨਾ 2017 ਵਿੱਚ ਵਾਪਰੀ ਸੀ। ਇਸ ਘਟਨਾ ਤੋਂ ਬਾਅਦ ਸਿੱਖ ਸੰਗਤ ਅੰਦਰ ਭਾਰੀ ਰੋਹ ਪਾਇਆ ਜਾ ਰਿਹਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਬਹੁਤ ਹੀ ਮੰਦਭਾਗੀ ਘਟਨਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਬਹੁਤ ਮੰਦਭਾਗੀ ਗੱਲ ਹੈ। ਉਨ੍ਹਾਂ ਨੇ ਕਿਹਾ ਇਸ ਘਟਨਾ ਨੂੰ ਲੈ ਕੇ ਦੇਸ਼-ਵਿਦੇਸ਼ ਵਿੱਚ ਬੈਠੀ ਸੰਗਤ ਦੇ ਹਿਰਦੇ ਬਹੁਤ ਦੁਖੀ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸੰਸਥਾਵਾਂ ਨੂੰ ਮਿਲ-ਜੁਲ ਕੇ ਇਸ ਸਮੱਸਿਆ ਦਾ ਹੱਲ ਕੱਢਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖ ਬੁੱਧੀਜੀਵੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੁਝਾਅ ਦੇਣ ਕਿ ਕਿਸ ਤਰ੍ਹਾਂ ਇਸ ਵੱਡੀ ਸਮੱਸਿਆ ਤੋਂ ਮੁਕਤੀ ਮਿਲ ਸਕੇ ਅਤੇ ਅਕਾਲ ਤਖ਼ਤ ਸੁਝਾਵਾਂ ਦੇ ਅਧਾਰ 'ਤੇ ਕੋਈ ਅਹਿਮ ਫ਼ੈਸਲਾ ਲੈ ਸਕੇ।
ਇਸ ਦੇ ਨਾਲ ਹੀ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲੇ ਲੋਕਾਂ ਨੂੰ ਗੁਰੂ ਮਾਹਾਰਾਜ ਸੁਮੱਤ ਬਖਸ਼ਣ। ਉਨ੍ਹਾਂ ਨੇ ਕਿਹਾ ਕਿ ਸਰਕਾਰਾਂ ਜੇਕਰ ਬੇਅਦਬੀ ਦੇ ਮੁਲਜ਼ਮਾਂ ਨੂੰ ਸਜ਼ਾਵਾਂ ਨਹੀਂ ਦੇ ਸਕਦੀਆਂ ਤਾਂ ਸਿੱਖ ਪੰਥ ਸਜ਼ਾਵਾਂ ਦੇਣ ਦੇ ਸਮਰਥ ਹੈ।