ਤਲਵੰਡੀ ਸਾਬੋ: ਆਲ ਇੰਡੀਆ ਸਿੱਖ ਸਟੂਡੈਂਟ ਫ਼ੈਡਰੇਸ਼ਨ (ਗਰੇਵਾਲ) ਨੇ ਐਤਵਾਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 76ਵੇਂ ਸਥਾਪਨਾ ਦਿਵਸ ਮੌਕੇ ਕਰਵਾਏ ਇੱਕ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਕਾਲੀ ਫੂਲਾ ਸਿੰਘ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।
ਇਸ ਮੌਕੇ ਗੱਲਬਾਤ ਦੌਰਾਨ ਫ਼ੈਡਰੇਸ਼ਨ ਦੇ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਮੇਂ-ਸਮੇਂ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹਮਲੇ ਹੁੰਦੇ ਰਹੇ ਹਨ। ਜੂਨ 1984 ਵਿੱਚ ਵੀ ਕਾਂਗਰਸ ਸਰਕਾਰ ਨੇ ਅਕਾਲ ਤਖ਼ਤ ਸਾਹਿਬ 'ਤੇ ਹਮਲਾ ਕੀਤਾ ਪਰ ਸਿੱਖਾਂ ਨੂੰ ਉਸਦੇ ਪੁਰਖਿਆਂ ਵੱਲੋਂ ਸਿਖਾਇਆ ਗਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਉਸਦੇ ਜਥੇਦਾਰ ਦਾ ਸਤਿਕਾਰ ਕਰਨਾ ਹੈ।
ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਵੀ ਜਦੋਂ ਅਕਾਲ ਤਖ਼ਤ ਸਾਹਿਬ 'ਤੇ ਵਿਚਾਰਕ ਹਮਲੇ ਹੋ ਰਹੇ ਹਨ ਤਾਂ ਸਾਡਾ ਸਭ ਦਾ ਇਹ ਫ਼ਰਜ਼ ਬਣਦਾ ਹੈ ਕਿ ਅਸੀਂ ਅਕਾਲ ਤਖ਼ਤ ਸਾਹਿਬ ਨਾਲ ਖੜ੍ਹੇ ਹੋਈਏ।
ਗਰੇਵਾਲ ਅਨੁਸਾਰ ਪਿਛਲੇ ਸਮੇਂ ਵਿੱਚ ਗਿਆਨੀ ਹਰਪ੍ਰੀਤ ਸਿੰਘ ਦੇ ਲਏ ਗਏ ਪੰਥਕ ਫ਼ੈਸਲਿਆਂ ਨੂੰ ਕੌਮ ਨੇ ਸਵੀਕਾਰ ਕੀਤਾ ਹੈ। ਇਸ ਲਈ ਆਲ ਇੰਡੀਆ ਸਿੱਖ ਸਟੂਡੈਂਟ ਫ਼ੈਡਰੇਸ਼ਨ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰ ਅਕਾਲੀ ਫੂਲਾ ਸਿੰਘ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ ਅਤੇ ਇਹ ਐਵਾਰਡ ਦੇ ਕੇ ਉਹ ਖ਼ੁਦ ਨੂੰ ਵਡਭਾਗਾ ਮਹਿਸੂਸ ਕਰ ਰਹੇ ਹਨ।